ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨਾਲ ਧਰਮੀ ਫੌਜੀਆਂ ਨੇ ਕੀਤੀ ਮੁਲਾਕਾਤ

By  Jashan A January 27th 2019 05:35 PM

ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨਾਲ ਧਰਮੀ ਫੌਜੀਆਂ ਨੇ ਕੀਤੀ ਮੁਲਾਕਾਤ,ਅੰਮ੍ਰਿਤਸਰ: ਜੂਨ 1984 ਵਿਚ ਸਮੇਂ ਦੀ ਕੇਂਦਰੀ ਹਕੂਮਤ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ’ਤੇ ਕੀਤੇ ਗਏ ਫੌਜੀ ਹਮਲੇ ਦੇ ਰੋਸ ਵਜੋਂ ਆਪਣੀਆਂ ਬੈਰਕਾਂ ਛੱਡਣ ਵਾਲੇ ਧਰਮੀ ਫੌਜੀਆਂ ਦੇ ਇੱਕ ਵਫਦ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨਾਲ ਮੁਲਾਕਾਤ ਕੀਤੀ।

ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਇੰਜ. ਸੁਖਮਿੰਦਰ ਸਿੰਘ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਧਰਮੀ ਫੌਜੀਆਂ ਨੇ ਆਪਣੀਆਂ ਕੁਝ ਮੰਗਾਂ ਬਾਰੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਜਾਣੂ ਕਰਵਾਇਆ ਹੈ, ਜਿਨ੍ਹਾਂ ’ਤੇ ਵਿਚਾਰ ਕਰਨ ਲਈ ਜਲਦ ਹੀ ਇੱਕ ਸਬ ਕਮੇਟੀ ਬਣਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਧਰਮੀ ਫੌਜੀਆਂ ਦੀ ਸਹਾਇਤਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਸ਼੍ਰੋਮਣੀ ਕਮੇਟੀ ਵੱਲੋਂ ਸਮੇਂ ਸਮੇਂ ਧਰਮੀ ਫੌਜੀਆਂ ਨੂੰ ਸਹਾਇਤਾ ਦਿੱਤੀ ਜਾਂਦੀ ਰਹੀ ਹੈ ਅਤੇ ਇਸ ਤੋਂ ਇਲਾਵਾ ਬਹੁਤ ਸਾਰੇ ਧਰਮੀ ਫੌਜੀਆਂ ਨੂੰ ਸ਼੍ਰੋਮਣੀ ਕਮੇਟੀ ਵਿਚ ਨੌਕਰੀਆਂ ਵੀ ਦਿੱਤੀਆਂ ਗਈਆਂ ਹਨ। ਇਨ੍ਹਾਂ ਦੇ ਬੱਚਿਆਂ ਨੂੰ ਵੀ ਯੋਗਤਾ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਵੱਖ ਵੱਖ ਅਦਾਰਿਆਂ ਵਿਚ ਸੇਵਾ ’ਤੇ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਭਾਈ ਲੌਂਗੋਵਾਲ ਵੱਲੋਂ ਬਣਾਈ ਜਾਣ ਵਾਲੀ ਸਬ ਕਮੇਟੀ ਧਰਮੀ ਫੌਜੀਆਂ ਦੀਆਂ ਮੰਗਾਂ ਤੇ ਮਾਮਲਿਆਂ ਨੂੰ ਗੰਭੀਰਤਾ ਨਾਲ ਵਿਚਾਰੇਗੀ, ਜਿਸ ਮਗਰੋਂ ਢੁਕਵੀਂ ਕਾਰਵਾਈ ਕੀਤੀ ਜਾਵੇਗੀ।

-PTC News

Related Post