ਸ਼੍ਰੋਮਣੀ ਕਮੇਟੀ ਦਾ ਸਲਾਨਾ ਜਨਰਲ ਇਜਲਾਸ 27 ਨਵੰਬਰ ਨੂੰ ਹੋਵੇਗਾ: ਭਾਈ ਲੌਂਗੋਵਾਲ

By  Jashan A November 3rd 2019 04:19 PM

ਸ਼੍ਰੋਮਣੀ ਕਮੇਟੀ ਦਾ ਸਲਾਨਾ ਜਨਰਲ ਇਜਲਾਸ 27 ਨਵੰਬਰ ਨੂੰ ਹੋਵੇਗਾ: ਭਾਈ ਲੌਂਗੋਵਾਲ

ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਇਜਲਾਸ 27 ਨਵੰਬਰ ਨੂੰ ਹੋਵੇਗਾ, ਜਿਸ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਸਮੇਤ 11 ਮੈਂਬਰੀ ਅੰਤ੍ਰਿੰਗ ਕਮੇਟੀ ਦੀ ਚੋਣ ਕੀਤੀ ਜਾਵੇਗੀ। ਇਹ ਫੈਸਲਾ ਅੱਜ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵੱਲ੍ਹਾ ਸ੍ਰੀ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਲਿਆ ਗਿਆ।

ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਜਨਰਲ ਇਜਲਾਸ ਸ਼੍ਰੋਮਣੀ ਕਮੇਟੀ ਦੇ ਅੰਮ੍ਰਿਤਸਰ ਸਥਿਤ ਮੁਖ ਦਫ਼ਤਰ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਦੁਪਹਿਰ 1:00 ਵਜੇ ਹੋਵੇਗਾ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਸਮੂਹ ਅਹੁਦੇਦਾਰਾਂ ਦੀ ਸਲਾਨਾ ਚੋਣ ਹਰ ਸਾਲ ਨਵੰਬਰ ਮਹੀਨੇ ਵਿਚ ਕੀਤੀ ਜਾਣੀ ਲਾਜ਼ਮੀ ਹੁੰਦੀ ਹੈ ਅਤੇ ਇਸੇ ਤਹਿਤ ਇਸ ਵਾਰ ਦਾ ਇਜਲਾਸ 27 ਨਵੰਬਰ 2019 ਨੂੰ ਹੋਵੇਗਾ।

ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਜਾਹੋ ਜਲਾਲ ਨਾਲ ਮਨਾਉਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਭਾਈ ਲੌਂਗੋਵਾਲ ਨੇ ਕਿਹਾ ਕਿ ਪ੍ਰਕਾਸ਼ ਦਿਹਾੜੇ ਨੂੰ ਯਾਦਗਾਰੀ ਮੌਕੇ ਨੂੰ ਸਮਰਪਿਤ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਤੱਕ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਪਹੁੰਚਾਉਣ ਲਈ ਯਤਨ ਨਿਰੰਤਰ ਜਾਰੀ ਰਹਿਣਗੇ। ਅਗਲਾ ਪੂਰਾ ਸਾਲ ਵੀ ਗੁਰੂ ਸਾਹਿਬ ਦੇ ਉਪਦੇਸ਼ਾਂ ਨੂੰ ਪ੍ਰਚਾਰਨ ਲਈ ਕਾਰਜ ਕੀਤੇ ਜਾਣਗੇ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਅਗਲੇ ਸਾਲ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਵੱਲੋਂ ਗਵਾਲੀਅਰ ਦੇ ਕਿਲ੍ਹੇ ’ਚੋਂ ਰਾਜਿਆਂ ਨੂੰ ਰਿਹਾਅ ਕਰਵਾਉਣ ਦੇ ਬੰਦੀ ਛੋੜ ਦਿਵਸ ਦਾ 400 ਸਾਲਾ ਅਤੇ ਭਗਤ ਨਾਮਦੇਵ ਜੀ ਦਾ 750 ਸਾਲਾ ਪ੍ਰਕਾਸ਼ ਦਿਹਾੜਾ ਵੀ ਸ਼ਾਨੋ-ਸ਼ੌਕਤ ਨਾਲ ਮਨਾਏ ਜਾਣਗੇ।

ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਟਰੱਸਟ ਵਿਭਾਗ ਤੇ ਵੱਖ-ਵੱਖ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਮਸਲੇ ਵੀ ਵਿਚਾਰੇ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਿੱਕਰ ਸਿੰਘ ਚੰਨੂ, ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂੰਵਾਲਾ, ਅੰਤਿ੍ਰੰਗ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਖੁਸ਼ਵਿੰਦਰ ਸਿੰਘ ਭਾਟੀਆ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਅਮਰੀਕ ਸਿੰਘ ਕੋਟਸ਼ਮੀਰ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ,

ਭੁਪਿੰਦਰ ਸਿੰਘ ਭਲਵਾਨ, ਅਮਰੀਕ ਸਿੰਘ ਵਿਛੋਆ, ਸ਼ਿੰਗਾਰਾ ਸਿੰਘ ਲੋਹੀਆ, ਬੀਬੀ ਜਸਬੀਰ ਕੌਰ ਜੱਫਰਵਾਲ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਨਿੱਜੀ ਸਕੱਤਰ ਅਵਤਾਰ ਸਿੰਘ ਸੈਂਪਲਾ, ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਦਰਸ਼ਨ ਸਿੰਘ ਪੀ.ਏ., ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ।

-PTC News

Related Post