ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ’ਚ ਗੁਰਮਤਿ ਸਮਾਗਮ ਆਯੋਜਿਤ

By  Jashan A September 15th 2019 05:04 PM

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ’ਚ ਗੁਰਮਤਿ ਸਮਾਗਮ ਆਯੋਜਿਤ,ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ਵਿਚ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਦੀਪ ਸਿੰਘ ਤੇ ਭਾਈ ਹਰਨਾਮ ਸਿੰਘ ਦੇ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਢਾਡੀ ਜਥਿਆਂ ਨੇ ਇਤਿਹਾਸ ਸਰਵਣ ਕਰਵਾਇਆ।

ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼ੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ, ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਮੁੱਖ ਸਕੱਤਰ ਡਾ. ਰੂਪ ਸਿੰਘ ਸਮੇਤ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਨਿਊਯਾਰਕ ਦੇ ਪ੍ਰਧਾਨ ਗੁਰਮੀਤ ਸਿੰਘ ਮਹਿਮਦਪੁਰ, ਸਾਬਕਾ ਪ੍ਰਧਾਨ ਮਾਸਟਰ ਮਹਿੰਦਰ ਸਿੰਘ ਤੇ ਰਘਬੀਰ ਸਿੰਘ ਬੱਬੀ ਨੇ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੇ ਜੀਵਨ ਵਿੱਚੋਂ ਗੁਰੂ ਪਿਆਰ ਅਤੇ ਸਮਰਪਣ ਭਾਵਨਾ ਨੂੰ ਸਮਝਣ ਅਤੇ ਆਪਣੇ ਜੀਵਨ ਵਿਚ ਕਮਾਉਣ ਦੀ ਲੋੜ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਦੋਹਾਂ ਸ਼ਖ਼ਸੀਅਤਾਂ ਦੀ ਤਰ੍ਹਾਂ ਸਿੱਖੀ ਦੀ ਚੜ੍ਹਦੀ ਕਲਾ ਨੂੰ ਆਪਣਾ ਮਿਸ਼ਨ ਬਣਾਉਣ।

ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਮੁੱਚੀ ਕੌਮ ਨੂੰ ਇਕਜੁਟ ਹੋਣ ਦੀ ਅਪੀਲ ਕੀਤੀ ਅਤੇ ਨੌਜੁਆਨੀ ਨੂੰ ਸਿੱਖ ਸਿਧਾਂਤਾਂ ਤੇ ਪੰਥਕ ਰਹੁ-ਰੀਤਾਂ ਪ੍ਰਤੀ ਜਾਗਰੂਕ ਕਰਨ ਲਈ ਪ੍ਰੇਰਿਆ। ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੇ ਆਪਣੇ ਸੰਬੋਧਨ ਦੌਰਾਨ ਸਮੁੱਚੇ ਵਿਸ਼ਵ ਅੰਦਰ ਵੱਸਦੇ ਸਿੱਖ ਭਾਈਚਾਰੇ ਵੱਲੋਂ ਗੁਰੂ ਸਾਹਿਬ ਦੀ ਵਿਚਾਰਧਾਰਾ ਨੂੰ ਫੈਲਾਉਣ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ।

ਇਸ ਮੌਕੇ ਬੀਬੀ ਜਗੀਰ ਕੌਰ ਨੇ ਬਾਬਾ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਨੂੰ ਯਾਦ ਕਰਦਿਆਂ ਉਨ੍ਹਾਂ ਦੀ ਯਾਦ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸਾਲਾਨਾ ਸਮਾਗਮ ਕਰਵਾਉਣ ਨੂੰ ਸ਼ਲਾਘਾਯੋਗ ਕਦਮ ਦੱਸਿਆ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਮੁੱਚੇ ਵਿਸ਼ਵ ਦੇ ਸਿੱਖਾਂ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਹੈ ਅਤੇ ਇਹ ਕਿਸੇ ਵੀ ਮੁਸ਼ਕਲ ਸਮੇਂ ਸਿੱਖਾਂ ਨਾਲ ਖੜ੍ਹਦੀ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀਆਂ ਮਾਣਮੱਤੀਆਂ ਸੰਸਥਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਸਾਨੂੰ ਯਤਨ ਕਰਨੇ ਚਾਹੀਦੇ ਹਨ।

ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਨਿਊਯਾਰਕ ਦੀ ਸੰਗਤ ਵੱਲੋਂ ਪੁੱਜੇ ਵਿਸ਼ੇਸ਼ ਪ੍ਰਤੀਨਿਧੀਆਂ ਨੂੰ ਸਿਰੋਪਾਓ ਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਅਮਰੀਕਾ ਦੇ ਅਹੁਦੇਦਾਰਾਂ ਨੇ ਵੀ ਭਾਈ ਲੌਂਗੋਵਾਲ, ਸਿੰਘ ਸਾਹਿਬਾਨ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨ ਦਿੱਤਾ।

ਇਸ ਮੌਕੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਬਾਬਾ ਕਸ਼ਮੀਰ ਸਿੰਘ ਭੂਰੀਵਾਲੇ, ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਮ ਸਿੰਘ, ਰਣਜੀਤ ਸਿੰਘ ਕਾਹਲੋਂ, ਬਾਬਾ ਨਿਰਮਲ ਸਿੰਘ ਨੌਸ਼ਹਿਰਾ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ, ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ, ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਤੇ ਡਾ. ਪਰਮਜੀਤ ਸਿੰਘ ਸਰੋਆ,

ਮੀਤ ਸਕੱੱਤਰ ਤੇ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਗੁਰਮੀਤ ਸਿੰਘ ਬੁੱਟਰ, ਦਰਸ਼ਨ ਸਿੰਘ ਪੀ.ਏ., ਮਲਕੀਤ ਸਿੰਘ ਬਹਿੜਵਾਲ, ਜਸਬੀਰ ਸਿੰਘ ਧਾਮ, ਜਗਜੀਤ ਸਿੰਘ ਜੱਗੀ, ਸਰਵਨ ਸਿੰਘ ਜੋਸ਼, ਭਾਈ ਸੁਰਜੀਤ ਸਿੰਘ ਸਭਰਾ ਤੋਂ ਇਲਾਵਾ ਅਮਰੀਕਾ ਤੋਂ ਪੁੱਜੇ ਸਤਨਾਮ ਸਿੰਘ ਟਾਹਲੀ, ਸਦਲੇਰ ਸਿੰਘ ਖ਼ਾਲਸਾ, ਬਲਦੇਵ ਸਿੰਘ ਗਿਲਜੀਆ, ਅਮਰੀਕ ਸਿੰਘ,ਗਰੀਬ ਸਿੰਘ ਕਾਲੀ, ਮਾਸਟਰ ਮਹਿੰਦਰ ਸਿੰਘ, ਮਾਤਾ ਗੁਰਬਚਨ ਕੌਰ, ਭਾਈ ਜਸਪਾਲ ਸਿੰਘ ਆਦਿ ਮੌਜੂਦ ਸਨ।

-PTC News

Related Post