ਸ੍ਰੀ ਨਨਕਾਣਾ ਸਾਹਿਬ ਲਈ ਸਜਾਇਆ ਜਾਣ ਵਾਲਾ ਨਗਰ ਕੀਰਤਨ ਦਿੱਲੀ ਕਮੇਟੀ ਕਰੇ ਮੁਲਤਵੀ: ਗਿਆਨੀ ਹਰਪ੍ਰੀਤ ਸਿੰਘ

By  Jashan A October 9th 2019 09:22 PM

ਸ੍ਰੀ ਨਨਕਾਣਾ ਸਾਹਿਬ ਲਈ ਸਜਾਇਆ ਜਾਣ ਵਾਲਾ ਨਗਰ ਕੀਰਤਨ ਦਿੱਲੀ ਕਮੇਟੀ ਕਰੇ ਮੁਲਤਵੀ: ਗਿਆਨੀ ਹਰਪ੍ਰੀਤ ਸਿੰਘ,ਸ੍ਰੀ ਅੰਮ੍ਰਿਤਸਰ ਸਾਹਿਬ: ਅੱਜ 9 ਅਕਤੂਬਰ 2019 ਨੂੰ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਇੱਕ ਮਾਨਮੱਤੀ ਸੰਸਥਾ ਹੈ। ਕੁਝ ਸਮਾਂ ਪਹਿਲਾਂ ਦਿੱਲੀ ਦੀ ਇਕ ਸਿਆਸੀ ਪਾਰਟੀ ਵੱਲੋਂ ਦਿੱਲੀ ਦੇ ਇੱਕ ਗੁਰਦੁਆਰਾ ਸਾਹਿਬ ਤੋਂ ਨਗਰ ਕੀਰਤਨ ਸ੍ਰੀ ਨਨਕਾਣਾ ਸਾਹਿਬ ਲੈ ਜਾਣ ਦਾ ਐਲਾਨ ਕੀਤਾ ਗਿਆ ਸੀ, ਪਰ ਉਸ ਤੋਂ ਕੁਝ ਸਮੇਂ ਬਾਅਦ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਤੋਂ ਵੀ ਨਗਰ ਕੀਰਤਨ ਸ੍ਰੀ ਨਨਕਾਣਾ ਸਾਹਿਬ ਵਿਖੇ ਲੈ ਕੇ ਜਾਣ ਦਾ ਐਲਾਨ ਕਰ ਦਿੱਤਾ ਗਿਆ।

ਜਿਸ ਨਾਲ ਦਿੱਲੀ ਦੀਆਂ ਸਿੱਖ ਸੰਗਤਾਂ ਵਿਚ ਭਾਰੀ ਦੁਬਿਧਾ ਪੈਦਾ ਹੋ ਗਈ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੱਖ ਸੰਗਤਾਂ ਨੇ ਲਿਖਤੀ ਤੇ ਫੋਨ ਰਾਹੀਂ ਮਨਸ਼ਾ ਜਾਹਰ ਕੀਤੀ ਹੈ ਕਿ ਦਿੱਲੀ ਤੋਂ ਕੇਵਲ ਇੱਕ ਹੀ ਨਗਰ ਕੀਰਤਨ ਪੂਰੇ ਖਾਲਸਾਈ ਜਾਹੋ-ਜਲਾਲ ਦੇ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਵਿਚ ਸ੍ਰੀ ਨਨਕਾਣਾ ਸਾਹਿਬ ਲਿਜਾਇਆ ਜਾਵੇ।

ਹੋਰ ਪੜ੍ਹੋ:ਚੌਥੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ’ਚ ਭਰਵੀਂ ਸ਼ਮੂਲੀਅਤ ਕਰਨਗੀਆਂ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ

ਪਤਾ ਲੱਗਾ ਹੈ ਕਿ ਪਾਕਿਸਤਾਨ ਸਰਕਾਰ ਵੱਲੋਂ ਵੀ ਕੇਵਲ ਇਕ ਹੀ ਨਗਰ ਕੀਰਤਨ ਨੂੰ ਪ੍ਰਵਾਨਗੀ ਮਿਲੀ ਹੈ। ਭਾਵੇਂ ਕਿ ਪਾਕਿਸਤਾਨ ਸਰਕਾਰ ਵੱਲੋਂ ਇਕ ਜਾਂ ਦੋ ਨਹੀਂ ਸਗੋਂ ਕਈ ਸਿੱਖ ਸੰਸਥਾਵਾਂ ਨੂੰ ਸ੍ਰੀ ਨਨਕਾਣਾ ਸਾਹਿਬ ਵਿਖੇ ਨਗਰ ਕੀਰਤਨ ਲਿਜਾਣ ਦੀ ਪ੍ਰਵਾਨਗੀ ਦੇਣੀ ਚਾਹੀਦੀ ਸੀ ਕਿਉਂਕਿ ਸਿੱਖਾਂ ਦੀ ਹਰ ਸੰਸਥਾ ਇਤਿਹਾਸਕ ਅਸਥਾਨਾਂ ਤੇ ਤਖ਼ਤ ਸਾਹਿਬਾਨਾਂ ਤੋਂ ਸ੍ਰੀ ਨਨਕਾਣਾ ਸਾਹਿਬ ਵਿਖੇ ਨਗਰ ਕੀਰਤਨ ਦੇ ਰੂਪ 'ਚ ਜਾਣਾ ਲੋਚਦੀ ਹੈ।

ਮੌਜੂਦਾ ਹਲਾਤਾਂ ਦੇ ਮੱਦੇਨਜ਼ਰ ਤੇ ਸਿੱਖ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਦਿੱਲੀ ਕਮੇਟੀ ਨੂੰ ਆਦੇਸ਼ ਦਿੱਤਾ ਜਾਂਦਾ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 13 ਅਕਤੂਬਰ 2019 ਨੂੰ ਆਰੰਭ ਕੀਤਾ ਜਾਣ ਵਾਲਾ ਨਗਰ ਕੀਰਤਨ ਫਿਲਹਾਲ ਮੁਲਤਵੀ ਕੀਤਾ ਜਾਵੇ ਤੇ ਪੂਰੀ ਪ੍ਰਵਾਨਗੀ ਮਿਲਣ ਤੋਂ ਬਾਅਦ ਹੀ ਨਗਰ ਕੀਰਤਨ ਦੀ ਨਵੀਂ ਤਰੀਕ ਦਾ ਐਲਾਨ ਕੀਤਾ ਜਾਵੇ।

ਦਿੱਲੀ ਵਿਖੇ ਵਿਖੇ ਗੁਰਬਾਣੀ ਦੇ ਪ੍ਰਚਾਰ-ਪ੍ਰਸਾਰ ਲਈ ਧਾਰਮਿਕ ਪ੍ਰੋਗਰਾਮ ਉਲੀਕਣੇ ਦਿੱਲੀ ਕਮੇਟੀ ਦਾ ਹੱਕ ਨਹੀਂ ਬਲਕਿ ਫਰਜ਼ ਅਤੇ ਜਿੰਮੇਵਾਰੀ ਵੀ ਹੈ। ਫਿਲਹਾਲ ਗੁਰਦੁਆਰਾ ਸ੍ਰੀ ਨਾਨਕ ਪਿਆਓ ਸਾਹਿਬ ਤੋਂ 21 ਅਕਤੂਬਰ 2019 ਨੂੰ ਸਜਾਏ ਜਾਣ ਵਾਲੇ ਨਗਰ ਕੀਰਤਨ ਵਿੱਚ ਸ੍ਰੀ ਗੁਰੂ ਗਰੰਥ ਸਾਹਿਬ ਜੀ, ਪੰਜ ਪਿਆਰੇ ਸਹਿਬਾਨ ਅਤੇ ਸ਼ਾਮਿਲ ਸੰਗਤ ਦਾ ਵੱਧ ਤੋਂ ਵੱਧ ਸਨਮਾਨ ਤੇ ਸਵਾਗਤ ਕੀਤਾ ਜਾਵੇ।

-PTC News

Related Post