ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਵੱਡੀ ਗਿਣਤੀ 'ਚ ਸੰਗਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ

By  Jashan A January 13th 2019 06:11 PM

ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਵੱਡੀ ਗਿਣਤੀ 'ਚ ਸੰਗਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ,ਅੰਮ੍ਰਿਤਸਰ: ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨੁੱਖਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਹੱਦ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।

ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜ ਕੇ ਦਰਸ਼ਨ ਇਸ਼ਨਾਨ ਕਰਨ ਦੇ ਨਾਲ-ਨਾਲ ਗੁਰਬਾਣੀ ਕੀਰਤਨ ਸਰਵਣ ਕੀਤਾ। ਪ੍ਰਕਾਸ਼ ਦਿਹਾੜੇ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਅਲੌਕਿਕ ਜਲੌ ਸਜਾਏ ਗਏ ਜਿਸ ਦੇ ਸੰਗਤ ਨੇ ਦਰਸ਼ਨ ਕੀਤੇ ਤੇ ਅਨੰਦ ਮਾਣਿਆ।

ਇਸੇ ਦੌਰਾਨ ਹੀ ਗੁਰਪੁਰਬ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਰਾਗੀ ਜਥਿਆਂ ਨੇ ਕੀਰਤਨ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਪਾਵਨ ਹੁਕਨਾਮੇ ਮਗਰੋਂ ਜਿਥੇ ਦਸਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਦੀ ਸੰਗਤ ਨੂੰ ਵਧਾਈ ਦਿੱਤੀ ਉਥੇ ਹੀ ਗੁਰੂ ਸਾਹਿਬ ਜੀ ਦੇ ਪਾਵਨ ਉਪਦੇਸ਼ਾਂ ਨੂੰ ਜੀਵਨ ਵਿਚ ਅਪਣਾਉਣ ਦੀ ਪ੍ਰੇਰਣਾ ਕੀਤੀ।

ਹੋਰ ਪੜ੍ਹੋ:ਬੋਹੇਮੀਆ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ(ਤਸਵੀਰਾਂ)

ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਜੀ ਦੇ ਹੁਕਮਾਂ ਅਨੁਸਾਰੀ ਜੀਵਨ ਜਿਊਣਾ ਚਾਹੀਦਾ ਹੈ। ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਹੀ ਧਾਰਮਿਕ ਦੀਵਾਨ ਵਿਚ ਰਾਗੀ, ਢਾਡੀ, ਕਵੀਸ਼ਰ, ਪ੍ਰਚਾਰਕਾਂ ਤੇ ਪੰਥਕ ਕਵੀਆਂ ਨੇ ਹਾਜਰੀ ਭਰੀ ਅਤੇ ਗੁਰੂ ਸਾਹਿਬ ਜੀ ਦਾ ਜੀਵਨ ਇਤਿਹਾਸ ਸੰਗਤ ਨਾਲ ਸਾਂਝਾ ਕੀਤਾ।

ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਮੇਂ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਮੁਖਤਾਰ ਸਿੰਘ, ਸ. ਬਘੇਲ ਸਿੰਘ, ਸ. ਸਤਨਾਮ ਸਿੰਘ ਮਾਂਗਾ ਸਰਾਏ, ਸ. ਰਾਜਿੰਦਰ ਸਿੰਘ ਰੂਬੀ, ਸ. ਮਲਕੀਤ ਸਿੰਘ ਬਹਿੜਵਾਲ ਸਮੇਤ ਹੋਰ ਮੌਜੂਦ ਸਨ। ਇਸ ਤੋਂ ਇਲਾਵਾ ਸ੍ਰੀ ਅਕਾਲ ਤਖਤ ਸਾਹਿਬ ਦੇ ਸਨਮੁੱਖ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਸਕੂਲਾਂ ਦੇ ਬੱਚਿਆਂ ਨੇ ਗੁਰਬਾਣੀ ਕੀਰਤਨ ਕਰ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ।

ਭਾਈ ਲੌਂਗੋਵਾਲ ਵੱਲੋਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਸੁਨੇਹਾ

ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸਮੂਹ ਸੰਗਤ ਨੂੰ ਹਾਰਦਿਕ ਵਧਾਈ ਦਿੰਦਿਆਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਸੁਨੇਹਾ ਦਿੱਤਾ ਹੈ। ਜਾਰੀ ਬਿਆਨ ਰਾਹੀਂ ਉਨ੍ਹਾਂ ਆਖਿਆ ਕਿ ਗੁਰੂ ਸਾਹਿਬ ਜੀ ਨੇ ਮਨੁੱਖਤਾ ਖਾਤਰ ਆਪਣਾ ਸਰਬੰਸ ਕੁਰਬਾਨ ਕਰ ਕੇ ਸਾਨੂੰ ਧਰਮ ਦੀਆਂ ਮੁੱਲਵਾਨ ਕਦਰਾਂ-ਕੀਮਤਾਂ ’ਤੇ ਚੱਲਣਾ ਸਿਖਾਇਆ ਹੈ ਅਤੇ ਸਾਡਾ ਵੀ ਫਰਜ਼ ਹੈ ਕਿ ਅੱਜ ਜਦੋਂ ਪਾਤਸ਼ਾਹ ਜੀ ਦਾ ਪ੍ਰਕਾਸ਼ ਦਿਹਾੜਾ ਮਨਾ ਰਹੇ ਹਾਂ ਤਾਂ ਖਾਲਸਾਈ ਜੀਵਨ ਜਾਚ ਦੇ ਧਾਰਨੀ ਬਣੀਏ।

ਹੋਰ ਪੜ੍ਹੋ:ਸਾਬਕਾ ਭਾਰਤੀ ਕ੍ਰਿਕੇਟਰ ਕਪਿਲ ਦੇਵ ਆਪਣੀ ਪਤਨੀ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਲਤਾੜੇ ਹੋਏ ਲੋਕਾਂ ਨੂੰ ਛਾਤੀ ਨਾਲ ਲਗਾਇਆ ਅਤੇ ਸਰਦਾਰੀਆਂ ਬਖਸ਼ੀਆਂ। ਗੁਰੂ ਸਾਹਿਬ ਇੱਕ ਕ੍ਰਾਂਤੀਕਾਰੀ ਰਹਿਬਰ ਸਨ ਜਿਨ੍ਹਾਂ ਨੇ ਮਨੁੱਖਤਾ ਅੰਦਰ ਜਬਰ-ਜ਼ੁਲਮ ਵਿਰੁੱਧ ਡਟਣ ਦਾ ਜਜ਼ਬਾ ਤੇ ਸਾਹਿਸ ਪੈਦਾ ਕੀਤਾ। ਭਾਈ ਲੌਂਗੋਵਾਲ ਨੇ ਕਿਹਾ ਕਿ ਅੱਜ ਦੇ ਪਦਾਰਥਵਾਦੀ ਸਮੇਂ ਵਿਚ ਗੁਰੂ ਸਾਹਿਬ ਦਾ ਜੀਵਨ-ਦਰਸ਼ਨ ਵਡਮੁੱਲੀ ਸੇਧ ਦੇਣ ਵਾਲਾ ਹੈ ਜਿਸ ਅਨੁਸਾਰੀ ਹੋ ਕੇ ਅਸੀਂ ਆਪਣਾ ਜੀਵਨ ਸੁਖਾਵਾਂ ਬਣਾ ਸਕਦੇ ਹਾਂ।

-PTC News

Related Post