ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ

By  Jashan A September 1st 2019 05:48 PM

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ,ਸ੍ਰੀ ਅੰਮ੍ਰਿਤਸਰ ਸਾਹਿਬ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੀਤੀ ਰਾਤ ਨੂੰ ਇਕ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੰਦੀਪ ਸਿੰਘ, ਭਾਈ ਸਤਨਾਮ ਸਿੰਘ ਕੋਹਾੜਕਾ, ਭਾਈ ਜਗਤਾਰ ਸਿੰਘ, ਭਾਈ ਹਰਨਾਮ ਸਿੰਘ ਤੋਂ ਇਲਾਵਾ ਡਾ. ਗੁਰਵਿੰਦਰ ਸਿੰਘ ਬਟਾਲਾ ਤੇ ਭਾਈ ਜਗਤਾਰ ਸਿੰਘ ਜੰਮੂ ਦੇ ਜਥਿਆਂ ਦੇ ਗੁਰਬਾਣੀ ਕੀਰਤਨ ਦੁਆਰਾ ਹਾਜ਼ਰੀ ਭਰੀ।

ਇਸ ਗੁਰਮਤਿ ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਗੁਰੂ ਜਸ ਸਰਵਣ ਕਰਨ ਲਈ ਪੁੱਜੀਆਂ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਨੇ ਸੰਗਤ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ। ਉਨ੍ਹਾਂ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦੀ ਵਧਾਈ ਦਿੱਤੀ ਅਤੇ ਪੰਚਮ ਪਾਤਸ਼ਾਹ ਜੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਦੇ ਇਤਿਹਾਸ ਤੋਂ ਜਾਣੂ ਕਰਵਾਇਆ।

ਸਿੰਘ ਸਾਹਿਬ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਦੇ ਉਪਦੇਸ਼ਾਂ ਨੂੰ ਆਪਣੇ ਜੀਵਨ ਵਿਚ ਕਮਾਉਣ ਲਈ ਗੁਰਬਾਣੀ ਨੂੰ ਦੀ ਵਿਚਾਰ ਜਰੂਰੀ ਹੈ। ਉਨ੍ਹਾਂ ਗੁਰਬਾਣੀ ਦੇ ਸਿਧਾਂਤਾਂ ਦੀ ਵਿਆਖਿਆ ਕਰਦਿਆਂ ਗੁਰਮਤਿ ਜੁਗਤ ਅਨੁਸਾਰ ਜੀਵਨ ਜਿਊਣ ਦੀ ਪ੍ਰੇਰਣਾ ਕੀਤੀ।

ਗੁਰਮਤਿ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੈਂਬਰ ਬਲਦੇਵ ਸਿੰਘ ਚੂੰਘਾ ਤੇ ਬਾਬਾ ਚਰਨਜੀਤ ਸਿੰਘ ਜੱਸੋਵਾਲ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਮੀਤ ਸਕੱਤਰ ਤੇਜਿੰਦਰ ਸਿੰਘ ਪੱਡਾ, ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ, ਬਘੇਲ ਸਿੰਘ, ਸਹਾਇਕ ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ, ਗੁਰਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ। ਸਮਾਗਮ ਦੌਰਾਨ ਸਟੇਜ ਦੀ ਸੇਵਾ ਪ੍ਰਚਾਰਕ ਭਾਈ ਤਰਸੇਮ ਸਿੰਘ ਤੇ ਭਾਈ ਬਲਵੰਤ ਸਿੰਘ ਐਨੋਕੋਟ ਨੇ ਨਿਭਾਈ।

-PTC News

Related Post