ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ "ਬੰਦੀ ਛੋੜ ਦਿਵਸ"

By  Jashan A October 28th 2019 04:10 PM

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ "ਬੰਦੀ ਛੋੜ ਦਿਵਸ"

ਦੀਪਮਾਲਾ ਤੇ ਆਤਿਸ਼ਬਾਜ਼ੀ ਰਹੀ ਖਿੱਚ ਦਾ ਕੇਂਦਰ, ਨਿਹੰਗ ਸਿੰਘ ਜਥੇਬੰਦੀਆਂ ਦਾ ਕੀਤਾ ਸਨਮਾਨ

ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸਿੱਖ ਕੌਮ ਦਾ ਅਹਿਮ ਦਿਹਾੜਾ ਬੰਦੀ ਛੋੜ ਦਿਵਸ (ਦੀਵਾਲੀ) ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਬੀਤੇ ਤਿੰਨ ਦਿਨ ਤੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਰਾਗੀ, ਢਾਡੀ, ਕਵੀਸ਼ਰੀ ਜਥਿਆਂ ਤੇ ਪ੍ਰਚਾਰਕਾਂ ਨੇ ਸੰਗਤ ਨੂੰ ਗੁਰੂ-ਜਸ ਨਾਲ ਜੋੜਿਆ।

ਇਸ ਤੋਂ ਇਲਾਵਾ ਬੰਦੀ ਛੋੜ ਦਿਵਸ ਮੌਕੇ ਰਹਰਾਸਿ ਸਾਹਿਬ ਦੇ ਪਾਠ ਮਗਰੋਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਅਲੌਕਿਕ ਆਤਿਸ਼ਬਾਜ਼ੀ ਅਤੇ ਦੀਪਮਾਲਾ ਦਾ ਵੀ ਸੰਗਤ ਨੇ ਭਰਪੂਰ ਅਨੰਦ ਮਾਣਿਆ। ਬੰਦੀ ਛੋੜ ਦਿਵਸ ਸਬੰਧੀ ਸੰਗਤਾਂ ਵੱਲੋਂ ਲੱਖਾਂ ਦੀ ਗਿਣਤੀ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਇਥੇ ਸਥਿਤ ਹੋਰ ਅਸਥਾਨਾਂ ਵਿਖੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ ਗਈ।

ਸ੍ਰੀ ਦਰਬਾਰ ਸਾਹਿਬ ਦੇ ਪਾਵਨ ਸਰੋਵਰ ਦੁਆਲੇ ਸੰਗਤਾਂ ਨੇ ਰਵਾਇਤ ਅਨੁਸਾਰ ਲੱਖਾਂ ਦੀ ਗਿਣਤੀ ਵਿਚ ਦੇਸੀ ਘਿਓ ਦੇ ਦੀਵੇ ਵੀ ਬਾਲੇ। ਦੱਸਣਯੋਗ ਹੈ ਕਿ ਬੰਦੀ ਛੋੜ ਦਿਵਸ ਮੌਕੇ ਹਰ ਸਾਲ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਦੀਆਂ ਹਨ।

ਇਸੇ ਦੌਰਾਨ ਬੰਦੀ ਛੋੜ ਦਿਵਸ ਮੌਕੇ ਹਰ ਵਾਰ ਤਰ੍ਹਾਂ ਇਸ ਵਾਰ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਿਹੰਗ ਸਿੰਘ ਜਥੇਬੰਦੀਆਂ ਦਾ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਨੇ ਨਿਹੰਗ ਸਿੰਘਾਂ ਨੂੰ ਇਹ ਸਨਮਾਨ ਦਿੱਤਾ।

-PTC News

Related Post