ਜਗਨਨਾਥ ਪੁਰੀ ਮੰਦਰ ਦੇ ਮੁੱਖ ਪ੍ਰਬੰਧਕ ਸ੍ਰੀ ਪ੍ਰਦੀਪਤ ਮਹਾਪਤਰਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

By  Jashan A April 19th 2019 08:56 PM

ਜਗਨਨਾਥ ਪੁਰੀ ਮੰਦਰ ਦੇ ਮੁੱਖ ਪ੍ਰਬੰਧਕ ਸ੍ਰੀ ਪ੍ਰਦੀਪਤ ਮਹਾਪਤਰਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ,ਅੰਮ੍ਰਿਤਸਰ: ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁਹੰਚੇ ਜਗਨਨਾਥ ਪੁਰੀ ਮੰਦਰ ਦੇ ਮੁੱਖ ਪ੍ਰਬੰਧਕ ਸ੍ਰੀ ਪ੍ਰਦੀਪਤ ਮਹਾਪਾਤਰਾ ਆਈ.ਏ.ਐਸ. ਨੇ ਕਿਹਾ ਕਿ ਜਗਨਨਾਥ ਪੁਰੀ ਵਿਖੇ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਸਥਾਨ ਗੁਰਦੁਆਰਾ ਸ੍ਰੀ ਬਾਉਲੀ ਮੱਠ ਸਾਹਿਬ ਦੇ ਵਿਕਾਸ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਜਲਦ ਹੀ ਕੰਮ ਸ਼ੁਰੂ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਜਗਨਨਾਥ ਪੁਰੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਆਏ ਸਨ ਅਤੇ ਉਨ੍ਹਾਂ ਦੀ ਯਾਦ ਵਿਚ ਉਥੇ ਸਥਾਪਿਤ ਗੁਰਦੁਆਰਾ ਸਾਹਿਬ ਦੀ ਸੇਵਾ ਸੰਭਾਲ ਲਈ ਸ਼੍ਰੋਮਣੀ ਕਮੇਟੀ ਦੀ ਸਲਾਹ ਨਾਲ ਹੀ ਕਾਰਜ ਕੀਤੇ ਜਾਣਗੇ। ਉਨ੍ਹਾਂ ਨਾਲ ਜਗਨਨਾਥ ਪੁਰੀ ਮੰਦਰ ਦੇ ਮੈਂਬਰ ਸ੍ਰੀ ਬੀ.ਕੇ. ਸਾਹੂ, ਸਤਪਾਲ ਸਿੰਘ ਪਾਲ ਹੱਟਸ ਉੜੀਸਾ ਅਤੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ।

ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਜੋਣ ਮਗਰੋਂ ਸ੍ਰੀ ਮਹਾਪਤਰਾ ਤੇ ਹੋਰਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵਡ, ਸਕੱਤਰ ਮਨਜੀਤ ਸਿੰਘ ਬਾਠ ਤੇ ਬਲਵਿੰਦਰ ਸਿੰਘ ਜੌੜਾਸਿੰਘਾ ਨੇ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ। ਇਸ ਦੌਰਾਨ ਸ੍ਰੀ ਮਹਾਪਤਾਰਾ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਬੰਧਾਂ ਬਾਰੇ ਵੀ ਜਾਣਕਾਰੀ ਹਾਸਿਲ ਕੀਤੀ।

ਹੋਰ ਪੜ੍ਹੋ:ਸਿੱਖ ਸੰਗਤਾਂ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਹੈਰੀਟੇਜ ਸਟ੍ਰੀਟ ਦੀ ਕੀਤੀ ਸਫਾਈ, ਦੇਖੋ ਤਸਵੀਰਾਂ

ਗੱਲਬਾਤ ਦੌਰਾਨ ਉਨ੍ਹਾਂ ਆਖਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਕੇ ਉਨ੍ਹਾਂ ਦੀ ਬੇਹੱਦ ਖੁਸ਼ੀ ਹੋਈ ਹੈ। ਉਨ੍ਹਾਂ ਕਿਹਾ ਕਿ ਇਥੇ ਦਾ ਪ੍ਰਬੰਧ ਬਹੁਤ ਵਧੀਆ ਹੈ ਅਤੇ ਉਨ੍ਹਾਂ ਨੇ ਇਸ ਬਾਰੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਪਾਸੋਂ ਜਾਣਕਾਰੀ ਹਾਸਿਲ ਕੀਤੀ ਹੈ। ਉਨ੍ਹਾਂ ਇਥੋਂ ਦੀ ਸਫਾਈ ਵਿਵਸਥਾ ਦੀ ਖੁੱਲ੍ਹ ਕੇ ਤਾਰੀਫ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਹਰਜਿੰਦਰ ਸਿੰਘ ਕੈਰੋਂਵਾਲ, ਹਰਿੰਦਰ ਸਿੰਘ ਰੋਮੀ ਤੇ ਜਤਿੰਦਰਪਾਲ ਸਿੰਘ ਵੀ ਹਾਜਰ ਸਨ।

ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਇਸੇ ਸਾਲ ਜਨਵਰੀ ਮਹੀਨੇ ਵਿਚ ਜਦੋਂ ਉੜੀਸਾ ਗਏ ਸਨ ਤਾਂ ਉਨ੍ਹਾਂ ਗੁਰਦੁਆਰਾ ਸ੍ਰੀ ਬਾਉਲੀ ਮੱਠ ਸਾਹਿਬ ਦੇ ਵਿਕਾਸ ਸਬੰਧੀ ਜਗਨਨਾਥ ਪੁਰੀ ਮੰਦਰ ਦੇ ਪ੍ਰਬੰਧਕਾਂ ਤੇ ਉੜੀਸਾ ਸਰਕਾਰ ਨਾਲ ਵੀ ਗੱਲਬਾਤ ਕੀਤੀ ਸੀ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਤੇ ਸਥਾਨਕ ਸਿੱਖ ਆਗੂਆਂ ਵੱਲੋਂ ਪਹਿਲਾਂ ਵੀ ਇਸ ਬਾਰੇ ਯਤਨ ਕੀਤੇ ਜਾਂਦੇ ਰਹੇ ਹਨ।

-PTC News

Related Post