ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੋਨਾ ਨਾ ਹੀ ਬਦਲਿਆ ਜਾ ਰਿਹਾ ਅਤੇ ਨਾ ਹੀ ਬਦਲਣ ਦੀ ਲੋੜ : ਡਾ. ਰੂਪ ਸਿੰਘ

By  Shanker Badra July 25th 2018 07:17 PM -- Updated: July 25th 2018 07:19 PM

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੋਨਾ ਨਾ ਹੀ ਬਦਲਿਆ ਜਾ ਰਿਹਾ ਅਤੇ ਨਾ ਹੀ ਬਦਲਣ ਦੀ ਲੋੜ : ਡਾ. ਰੂਪ ਸਿੰਘ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸ਼ੋਸ਼ਲ ਮੀਡੀਆ ’ਤੇ ਚੱਲ ਰਹੀਆਂ ਉਨ੍ਹਾਂ ਅਫਵਾਹਾਂ ਦਾ ਖੰਡਨ ਕੀਤਾ ਹੈ,ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ’ਤੇ ਲੱਗੇ ਸੋਨੇ ਨੂੰ ਪੁਰਾਣਾ ਹੋਣ ਕਾਰਨ ਬਦਲਣ ਦੀ ਗੱਲ ਆਖੀ ਜਾ ਰਹੀ ਹੈ।ਜਾਰੀ ਇਕ ਬਿਆਨ ਵਿਚ ਡਾ. ਰੂਪ ਸਿੰਘ ਨੇ ਆਖਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੋਨੇ ਨੂੰ ਨਾ ਤਾਂ ਬਦਲਿਆ ਜਾ ਰਿਹਾ ਹੈ ਅਤੇ ਨਾ ਹੀ ਇਸ ਨੂੰ ਬਦਲਣ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਇਸ ਦੀ ਸਾਂਭ-ਸੰਭਾਲ ਅਤੇ ਸਾਫ-ਸਫਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਮੇਂ-ਸਮੇਂ ਸੇਵਾ ਕਰਵਾਈ ਜਾਂਦੀ ਹੈ।

ਡਾ. ਰੂਪ ਸਿੰਘ ਅਨੁਸਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੋਨੇ ਦੀ ਧੁਆਈ ਦੀ ਸੇਵਾ ਭਾਈ ਮਹਿੰਦਰ ਸਿੰਘ ਮੁਖੀ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਇੰਗਲੈਂਡ ਵੱਲੋਂ ਕੁਦਰਤੀ ਢੰਗ ਨਾਲ ਕੀਤੀ ਜਾਂਦੀ ਹੈ,ਜਿਸ ਨਾਲ ਸੋਨੇ ਦੀ ਚਮਕ ਅਤੇ ਸੁੰਦਰਤਾ ਬਰਕਰਾਰ ਹੈ।ਉਨ੍ਹਾਂ ਕਿਹਾ ਕਿ ਸ਼ੋਸ਼ਲ ਮੀਡੀਆ ’ਤੇ ਬਿਨਾਂ ਕਿਸੇ ਪ੍ਰਮਾਣਕਤਾ ਦੇ ਜਾਣ-ਬੁਝ ਕੇ ਅਫਵਾਹਾਂ ਫੈਲਾਈਆਂ ਜਾਂਦੀਆਂ ਹਨ,ਜਿਨ੍ਹਾਂ ਤੋਂ ਸੰਗਤਾਂ ਸੁਚੇਤ ਰਹਿਣ।ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਅੰਤ੍ਰਿੰਗ ਕਮੇਟੀ ਦੇ ਫੈਸਲੇ ਅਨੁਸਾਰ ਕੇਵਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਘੰਟਾ ਘਰ ਬਾਹੀ ਵਾਲੇ ਪ੍ਰਵੇਸ਼ ਦੁਆਰ ਦੀ ਡਿਓੜੀ ਉਪਰ ਬਣੇ ਗੁੰਬਦਾਂ ’ਤੇ ਸੋਨਾ ਲਗਾਉਣ ਦੀ ਕਾਰ ਸੇਵਾ ਹੀ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਨੂੰ ਸੌਂਪੀ ਗਈ ਹੈ।

-PTCNews

Related Post