ਮੁੱਖ ਮੰਤਰੀ ਵੱਲੋਂ ਫਰਵਰੀ 2023 ਵਿੱਚ ਪੰਜਾਬ ਨਿਵੇਸ਼ ਸੰਮੇਲਨ ਕਰਵਾਉਣ ਦੀ ਪ੍ਰਵਾਨਗੀ

By  Pardeep Singh September 7th 2022 08:05 PM

ਚੰਡੀਗੜ੍ਹ: ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਸੂਬੇ ਵਿੱਚ ਹੋਰ ਨਿਵੇਸ਼ ਆਕਰਸ਼ਿਤ ਕਰਨ ਹਿੱਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫਰਵਰੀ 2023 ਵਿੱਚ ਪੰਜਾਬ ਨਿਵੇਸ਼ ਸੰਮੇਲਨ ਕਰਵਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਇਨਵੈਸਟ ਪੰਜਾਬ-ਸੂਬਾ ਸਰਕਾਰ ਦੀ ਨਿਵੇਸ਼ ਪ੍ਰੋਮੋਸ਼ਨ ਏਜੰਸੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੰਮੇਲਨ ਸੂਬੇ ਦੇ ਵਿਆਪਕ ਉਦਯੋਗਿਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਇਸ ਨੂੰ ਨਵੀਆਂ ਲੀਹਾਂ 'ਤੇ ਲਿਜਾਣ ਵਿੱਚ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਇਨਵੈਸਟ ਪੰਜਾਬ ਨੂੰ ਇਸ ਅਹਿਮ ਪਲੇਟਫਾਰਮ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਕਿਹਾ ਤਾਂ ਜੋ ਪੰਜਾਬ ਨੂੰ ਭਾਰਤ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਸਥਾਨ ਬਣਾਇਆ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਸ ਮੈਗਾ ਈਵੈਂਟ ਨੂੰ ਸਫ਼ਲ ਬਣਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ।

ਮੁੱਖ ਮੰਤਰੀ ਨੇ ਸੂਬੇ ਨੂੰ ਭਾਰਤ ਅਤੇ ਵਿਸ਼ਵ ਭਰ ਵਿੱਚ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਵਜੋਂ ਉਤਸ਼ਾਹਿਤ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਇਹ ਸੰਮੇਲਨ ਸੂਬੇ ਨੂੰ ਉਦਯੋਗ ਦੇ ਧੁਰੇ ਵਜੋਂ ਉਭਰਨ ਲਈ ਪ੍ਰੇਰਕ ਵਜੋਂ ਕੰਮ ਕਰੇਗਾ। ਭਗਵੰਤ ਮਾਨ ਨੇ ਇਨਵੈਸਟ ਪੰਜਾਬ ਨੂੰ ਭਾਰਤ ਦੇ ਸਾਰੇ ਪ੍ਰਮੁੱਖ ਸ਼ਹਿਰਾਂ ਅਤੇ ਵਿਸ਼ਵ ਪੱਧਰ 'ਤੇ ਰੋਡ ਸ਼ੋਅ ਸਮੇਤ ਪ੍ਰਮੋਸ਼ਨ ਆਊਟਰੀਚ ਪ੍ਰੋਗਰਾਮ ਕਰਨ ਦੇ ਵੀ ਨਿਰਦੇਸ਼ ਦਿੱਤੇ ਤਾਂ ਜੋ ਸੰਭਾਵੀ ਨਿਵੇਸ਼ਕਾਂ ਨੂੰ ਸੰਮੇਲਨ ਲਈ ਸੱਦਾ ਦਿੱਤਾ ਜਾ ਸਕੇ ਅਤੇ ਸੰਮੇਲਨ ਦੌਰਾਨ ਸੂਬੇ ਦੀਆਂ ਵਿਸ਼ੇਸ਼ਤਾਵਾਂ ਨੂੰ ਦਰਸਾਇਆ ਜਾ ਸਕੇ।

ਮੁੱਖ ਮੰਤਰੀ ਨੇ ਨਿਵੇਸ਼ਕਾਂ ਦੀ ਸਹੂਲਤ ਲਈ ਪੰਜਾਬ ਦੇ ਯੂਨੀਫਾਈਡ ਰੈਗੂਲੇਟਰ ਅਤੇ ਸਿੰਗਲ ਵਿੰਡੋ ਸਿਸਟਮ ਨੂੰ ਮਜ਼ਬੂਤ ਕਰਨ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਸੂਬੇ ਨੇ ਪਿਛਲੇ ਪੰਜ ਮਹੀਨਿਆਂ ਦੌਰਾਨ 21,000 ਕਰੋੜ ਰੁਪਏ ਦਾ ਨਿਵੇਸ਼ ਪ੍ਰਾਪਤ ਕੀਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਨਿਵੇਸ਼ ਨਾਲ ਸੂਬੇ ਭਰ ਦੇ ਲਗਭਗ 93,000 ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਉਨ੍ਹਾਂ ਅੱਗੇ ਕਿਹਾ ਕਿ ਨਿਵੇਸ਼ ਪ੍ਰਾਪਤ ਕਰਨ ਦੀ ਇਸ ਗਤੀ ਨੂੰ ਟੁੱਟਣਾ ਨਹੀਂ ਚਾਹੀਦਾ ਅਤੇ ਸੂਬੇ ਵਿੱਚ ਵੱਧ ਤੋਂ ਵੱਧ ਨਿਵੇਸ਼ ਨੂੰ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ।

ਇਸ ਮੌਕੇ ਇਨਵੈਸਟ ਪੰਜਾਬ ਦੇ ਮੁੱਖ ਕਾਰਜਕਾਰੀ ਅਫਸਰ (ਸੀ.ਈ.ਓ.) ਕਮਲ ਕਿਸ਼ੋਰ ਯਾਦਵ ਨੇ ਇਨਵੈਸਟ ਪੰਜਾਬ ਦੀਆਂ ਸਮਰੱਥਾਵਾਂ ਅਤੇ ਇਨਵੈਸਟ ਪੰਜਾਬ ਟੀਮ ਵੱਲੋਂ ਜਪਾਨ, ਅਮਰੀਕਾ, ਯੂਰਪ ਤੇ ਦੁਨੀਆ ਦੇ ਹੋਰ ਹਿੱਸਿਆਂ ਤੋਂ ਪ੍ਰਾਪਤ ਕੀਤੇ ਨਿਵੇਸ਼ਾਂ ਬਾਰੇ ਵਿਸਥਾਰ ਨਾਲ ਪੇਸ਼ਕਾਰੀ ਦਿੱਤੀ।

ਇਹ ਵੀ ਪੜ੍ਹੋ:ਪੰਜਾਬ ਦੇ ਪਾਣੀ ਦੀ ਇਕ ਵੀ ਬੂੰਦ ਬਾਹਰ ਨਹੀਂ ਜਾਣ ਦਿੱਤੀ ਜਾਵੇਗੀ : ਸੁਖਬੀਰ ਸਿੰਘ ਬਾਦਲ

-PTC News

Related Post