ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਵੈਕਸੀਨ ਹਾਸਲ ਕਰਨ ਲਈ ਹਰੇਕ ਯਤਨ ਕਰਨ ਦੇ ਦਿੱਤੇ ਆਦੇਸ਼

By  Shanker Badra May 5th 2021 07:38 PM

ਚੰਡੀਗੜ੍ਹ : ਕੋਵਿਡ ਦੀਆਂ ਖੁਰਾਕਾਂ ਦੀ ਗੈਰ-ਉਪਲੱਬਧਤਾ ਦੇ ਕਾਰਨ ਸਰਕਾਰੀ ਹਸਪਤਾਲਾਂ ਵਿਚ 18-44 ਸਾਲ ਉਮਰ ਵਰਗ ਦੇ ਲੋਕਾਂ ਦੇ ਟੀਕਾਕਰਨ ਦੀ ਪ੍ਰਕਿਰਿਆ ਸ਼ੁਰੂ ਨਾ ਹੋ ਸਕਣ ਕਰਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਿਹਤ ਵਿਭਾਗ ਨੂੰ ਟੀਕਾਕਰਨ ਦੀ ਸਪਲਾਈ ਲਈ ਸਾਰੀਆਂ ਸੰਭਾਵਨਾਵਾਂ ਤਲਾਸ਼ਣ ਦੇ ਆਦੇਸ਼ ਦਿੱਤੇ ਹਨ।

ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲੀ ਦੀ ਵਰਚੁਅਲ ਮੀਟਿੰਗ ਦੌਰਾਨ ਸਿਹਤ ਸਕੱਤਰ ਹੁਸਨ ਲਾਲ ਨੇ ਜਾਣਕਾਰੀ ਦਿੱਤੀ ਕਿ ਭਾਵੇਂ ਕਿ ਸੂਬਾ ਸਰਕਾਰ ਵੱਲੋਂ 30 ਲੱਖ ਦੇ ਕਰੀਬ ਖੁਰਾਕਾਂ ਖਰੀਦਣ ਲਈ ਸੀਰਮ ਇੰਸਟੀਚਿਊਟ ਆਫ ਇੰਡੀਆ (ਐਸ.ਆਈ.ਆਈ.) ਨੂੰ 26 ਅਪਰੈਲ ਨੂੰ 10.37 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਪਰ ਇੰਸਟਿਚਿਊਟ ਪਾਸੋਂ ਅਜੇ ਤੱਕ ਸਪਲਾਈ ਲਈ ਕੋਈ ਵੇਰਵਾ ਪ੍ਰਾਪਤ ਨਹੀਂ ਹੋਇਆ।

ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਸਿਰਫ ਕੁਝ ਪ੍ਰਾਈਵੇਟ ਹਸਪਤਾਲਾਂ, ਜਿਨ੍ਹਾਂ ਨੇ ਵੈਕਸੀਨ ਲਈ ਸਿੱਧਾ ਆਰਡਰ ਦਿੱਤਾ ਸੀ, ਨੇ 18-44 ਸਾਲ ਦੀ ਉਮਰ ਦੇ ਲੋਕਾਂ ਦੇ ਟੀਕਾਕਰਨ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲਈ ਐਸ.ਆਈ.ਆਈ. ਨੇ ਸੰਕੇਤ ਦਿੱਤੇ ਹਨ ਕਿ ਕੋਵੀਸ਼ੀਲਡ ਦੀ ਉਪਲੱਬਧਤਾ ਬਾਰੇ ਅਗਲੇ ਚਾਰ ਹਫਤਿਆਂ ਵਿਚ ਪਤਾ ਲੱਗੇਗਾ।

ਇਸੇ ਦੌਰਾਨ ਮੰਤਰੀ ਮੰਡਲ ਨੇ ਉਤਰੀ ਜ਼ੋਨ ਦਾ ਨੈਸ਼ਨਲ ਇੰਸਟੀਚਿਊਟ ਆਫ ਵਾਇਰੋਲੌਜੀ ਸਥਾਪਤ ਕਰਨ ਲਈ ਮੁਹਾਲੀ ਵਿੱਚ 5 ਏਕੜ ਪੰਚਾਇਤੀ ਜ਼ਮੀਨ ਇੰਡੀਅਨ ਕਾਊਂਸਲ ਆਫ ਮੈਡੀਕਲ ਰਿਸਰਚ (ਆਈ.ਸੀ.ਐਮ.ਆਰ.) ਕੋਲ ਤਬਦੀਲ ਕਰਨ ਲਈ ਪੰਜਾਬ ਵਿਲੇਜ਼ ਕਾਮਨ ਲੈਂਡਜ਼ (ਰੈਗੂਲੇਸ਼ਨ) ਰੂਲਜ਼, 1964 ਵਿੱਚ ਇਕ ਵਾਰ ਢਿੱਲ ਦੇਣ ਦੀ ਮਨਜ਼ੂਰੀ ਦਿੱਤੀ। ਇਹ ਇੰਸਟੀਚਿਊਟ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਦੇ ਪ੍ਰਸਤਾਵ 'ਤੇ ਪ੍ਰਵਾਨ ਕੀਤਾ ਗਿਆ ਹੈ।

-PTCNews

Related Post