ਭਾਈ ਲੌਂਗੋਵਾਲ ਦੀ ਪ੍ਰਧਾਨਗੀ ’ਚ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕ ਕਮੇਟੀ ਦੀ ਹੋਈ ਇਕੱਤਰਤਾ

By  Shanker Badra June 26th 2018 05:39 PM

ਭਾਈ ਲੌਂਗੋਵਾਲ ਦੀ ਪ੍ਰਧਾਨਗੀ ’ਚ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕ ਕਮੇਟੀ ਦੀ ਹੋਈ ਇਕੱਤਰਤਾ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ’ਚ ਅੱਜ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕ ਕਮੇਟੀ ਦੀ ਇਕੱਤਰਤਾ ਹੋਈ,ਜਿਸ ਵਿਚ ਪ੍ਰਬੰਧਕੀ ਕਾਰਜਾਂ ਦੀ ਸਮੀਖਿਆ ਕਰਨ ਦੇ ਨਾਲ-ਨਾਲ ਇਲਾਕੇ ਵਿਚ ਧਰਮ ਪ੍ਰਚਾਰ ਸਬੰਧੀ ਚਰਚਾ ਕੀਤੀ ਗਈ।ਇਕੱਤਰਤਾ ਦੌਰਾਨ ਜਗੀਰ ਸਿੰਘ ਨੂੰ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦਾ ਮੈਨੇਜਰ ਨਿਯੁਕਤ ਕਰਨ ਅਤੇ ਪਹਿਲਾਂ ਕਾਰਜਸ਼ੀਲ ਮੈਨੇਜਰ ਕੁਲਵੰਤ ਸਿੰਘ ਚੌਧਰੀ ਨੂੰ ਜਨਰਲ ਮੈਨੇਜਰ ਲਗਾਉਣ ਦਾ ਵੀ ਫੈਸਲਾ ਕੀਤਾ ਗਿਆ।

ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਪ੍ਰਬੰਧਾਂ ਦੀ ਹੋਰ ਬਿਹਤਰੀ ਲਈ ਗੁਰਦੁਆਰਾ ਸਾਹਿਬ ਦੇ ਮੈਨੇਜਰ ਕੁਲਵੰਤ ਸਿੰਘ ਨੂੰ ਜਨਰਲ ਮੈਨੇਜਰ ਦੀਆਂ ਸੇਵਾਵਾਂ ਦੇ ਦਿੱਤੀਆਂ ਗਈਆਂ ਹਨ ਅਤੇ ਉਨ੍ਹਾਂ ਦੀ ਥਾਂ ਜਗੀਰ ਸਿੰਘ ਨੂੰ ਮੈਨੇਜਰ ਨਿਯੁਕਤ ਕਰ ਦਿੱਤਾ ਗਿਆ ਹੈ।ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਇਤਿਹਾਸਿਕ ਮਹੱਤਤਾ ਦੇ ਮੱਦੇਨਜ਼ਰ ਵੱਡੀ ਗਿਣਤੀ ਵਿਚ ਸੰਗਤਾਂ ਇਥੇ ਪੁੱਜਦੀਆਂ ਹਨ ਅਤੇ ਪ੍ਰਬੰਧਕ ਕਮੇਟੀ ਸੰਗਤਾਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਹਰ ਤਰ੍ਹਾਂ ਵਚਨਬੱਧ ਹੈ।

ਭਾਈ ਲੌਂਗੋਵਾਲ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕ ਕਮੇਟੀ ਵੱਲੋਂ ਸਾਂਝੇ ਤੌਰ ’ਤੇ ਹਿਮਾਚਲ ਪ੍ਰਦੇਸ਼ ਅੰਦਰ ਧਰਮ ਪ੍ਰਚਾਰ ਲਹਿਰ ਨੂੰ ਸਿਖਰ ’ਤੇ ਲਿਜਾਇਆ ਜਾਵੇਗਾ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਗਤਾਂ ਨੂੰ ਗੁਰੂ ਸਾਹਿਬ ਦੀ ਵਿਚਾਰਧਾਰਾ ਨਾਲ ਜੋੜਨ ਲਈ ਕਾਰਜ ਕੀਤੇ ਜਾਣਗੇ।

ਇਸ ਮੌਕੇ ਨਵ ਨਿਯੁਕਤ ਕੀਤੇ ਗਏ ਮੈਨੇਜਰ ਜਗੀਰ ਸਿੰਘ ਨੂੰ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਹੋਰਾਂ ਨੇ ਗੁਰੂ ਬਖਸ਼ਿਸ਼ ਸਿਰੋਪਾਓ ਦਿੱਤਾ ਅਤੇ ਗੁਰੂ ਘਰ ਦੀ ਜਿੰਮੇਵਾਰੀ ਤਨਦੇਹੀ ਨਾਲ ਨਿਭਾਉਣ ਲਈ ਸ਼ੁਭ ਕਾਮਨਾਵਾਂ ਭੇਟ ਕੀਤੀਆਂ।ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ 100 ਕਮਰਿਆਂ ਦੀ ਤਿਆਰ ਕੀਤੀ ਜਾਣ ਵਾਲੀ ਸਰਾਂ ਦੇ ਸਥਾਨ ਦਾ ਮੌਕਾ ਵੀ ਵੇਖਿਆ ਅਤੇ ਇਸ ਸਬੰਧੀ ਜਲਦੀ ਹੀ ਕਾਰਜ ਸ਼ੁਰੂ ਕਰਨ ਦੀ ਗੱਲ ਆਖੀ।

-PTCNews

Related Post