ਬਟਾਲਾ ’ਚ ਪਟਾਕਾ ਫੈਕਟਰੀ ਹਾਦਸੇ ’ਤੇ ਭਾਈ ਲੌਂਗੋਵਾਲ ਵੱਲੋਂ ਅਫਸੋਸ ਪ੍ਰਗਟ

By  Jashan A September 4th 2019 07:46 PM

ਬਟਾਲਾ ’ਚ ਪਟਾਕਾ ਫੈਕਟਰੀ ਹਾਦਸੇ ’ਤੇ ਭਾਈ ਲੌਂਗੋਵਾਲ ਵੱਲੋਂ ਅਫਸੋਸ ਪ੍ਰਗਟ

ਜ਼ਖਮੀਆਂ ਨੂੰ ਸ੍ਰੀ ਗੁਰੂ ਰਾਮਦਾਸ ਹਸਪਤਾਲ ’ਚ ਦਿੱਤੀਆਂ ਜਾਣਗੀਆਂ ਮੁਫਤ ਸੇਵਾਵਾਂ- ਭਾਈ ਲੌਂਗੋਵਾਲ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਬਟਾਲਾ ਵਿਚ ਪਟਾਕਾ ਫੈਕਟਰੀ ਵਿਚ ਧਮਾਕਾ ਹੋਣ ਕਾਰਨ ਹੋਏ ਜਾਨੀ ਤੇ ਮਾਲੀ ਨੁਕਸਾਨ ’ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਇਸ ਹਾਦਸੇ ਵਿਚ ਚਲਾਣਾ ਕਰ ਜਾਣ ਵਾਲੇ ਲੋਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀਆਂ ਰੂਹਾਂ ਲਈ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਹੈ।

ਭਾਈ ਲੌਂਗੋਵਾਲ ਨੇ ਕਿਹਾ ਕਿ ਇਸ ਅਤਿ ਦੁਖਦਾਈ ਸਮੇਂ ਵਿਚ ਸ਼੍ਰੋਮਣੀ ਕਮੇਟੀ ਪੀੜਤਾਂ ਦੇ ਨਾਲ ਹੈ ਅਤੇ ਜਖਮੀਆਂ ਦੇ ਇਲਾਜ ਲਈ ਮੁਫਤ ਸੇਵਾਵਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਸ੍ਰੀ ਗੁਰੂ ਰਾਮਦਾਸ ਹਸਪਤਾਲ ਵਿਖੇ ਮੁਫਤ ਇਲਾਜ ਲਈ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।

ਹੋਰ ਪੜ੍ਹੋ:ਗੁਰਦੁਆਰਾ ਜੋਤੀ ਸਰੂਪ ਦੇ ਕਥਾਵਾਚਕ ’ਤੇ ਹਮਲੇ ਦੀ ਭਾਈ ਲੌਂਗੋਵਾਲ ਵੱਲੋਂ ਨਿੰਦਾ

ਉਨ੍ਹਾਂ ਜਖਮੀਆਂ ਨੂੰ ਅਪੀਲ ਕੀਤੀ ਕਿ ਕਿ ਉਹ ਸ੍ਰੀ ਗੁਰੂ ਰਾਮਦਾਸ ਹਸਪਤਾਲ ਵਿਖੇ ਇਲਾਜ ਲਈ ਦਾਖਲ ਹੋਣ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਪ੍ਰਸ਼ਾਸਨ ਦੀ ਅਣਗਹਿਲੀ ’ਤੇ ਵੀ ਸਵਾਲ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਅਜਿਹੇ ਵਿਸਫੋਟਕ ਕਾਰੋਬਾਰ ਨੂੰ ਸ਼ਹਿਰੀ ਵੱਸੋਂ ਵਾਲੇ ਇਲਾਕਿਆਂ ਤੋਂ ਬਾਹਰ ਕੱਢਿਆ ਜਾਵੇ। ਉਨ੍ਹਾਂ ਕਿਹਾ ਕਿ ਮਨੁੱਖੀ ਜਾਨਾਂ ਦੀ ਸੁਰੱਖਿਆ ਦੀ ਜਿੰਮੇਵਾਰੀ ਸਰਕਾਰਾਂ ਦੀ ਬਣਦੀ ਹੈ ਜਿਸ ਨੂੰ ਸੰਜੀਦਗੀ ਨਾਲ ਨਿਭਾਉਣ ਲਈ ਸਰਕਾਰਾਂ ਵਚਨਬੱਧ ਹੋਣ ਤਾਂ ਜੋ ਅਜਿਹੇ ਹਾਦਸੇ ਨਾ ਵਾਪਰਣ।

-PTC News

Related Post