ਕਰਨਾਲ ਵਿਚ ਕਿਸਾਨਾਂ ਦੀ ਪ੍ਰਸ਼ਾਸਨ ਨਾਲ ਮੀਟਿੰਗ ਰਹੀ ਬੇਸਿੱਟਾ

By  Riya Bawa September 8th 2021 05:41 PM -- Updated: September 8th 2021 06:19 PM

ਕਰਨਾਲ : ਹਰਿਆਣਾ ਦੇ ਕਰਨਾਲ ਵਿੱਚ ਜ਼ਿਲ੍ਹਾ ਸਕੱਤਰੇਤ ਦੇ ਬਾਹਰ ਕਿਸਾਨਾਂ ਦਾ ਮੋਰਚਾ ਲਗਾਤਾਰ ਦੂਜੇ ਦਿਨ ਵੀ ਜਾਰੀ ਰਿਹਾ। ਅੱਜ ਕਿਸਾਨਾਂ ਦੇ 11 ਮੈਂਬਰੀ ਵਫ਼ਦ ਵਲੋਂ ਪ੍ਰਸ਼ਾਸਨ ਦੇ ਨਾਲ ਕੀਤੀ ਮੀਟਿੰਗ ਫਿਰ ਬੇਸਿੱਟਾ ਰਹੀ। ਮੀਟਿੰਗ ਬੇਸਿੱਟਾ ਰਹਿਣ ਤੋਂ ਬਾਅਦ ਰਾਕੇਸ਼ ਟਿਕੈਤ ਨੇ ਕਿਹਾ ਕਿ ਕਿਸਾਨਾਂ ਵੱਲੋਂ ਕਰਨਾਲ ਮਿੰਨੀ-ਸਕੱਤਰੇਤ ਦਾ ਘਿਰਾਓ ਜਾਰੀ ਰਹੇਗਾ। ਉਨ੍ਹਾਂ ਕਿਹਾ ਉਹ ਲੰਬੀ ਯਾਤਰਾ ਲਈ ਤਿਆਰ ਹਨ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਦੋਂ ਤੱਕ ਉਹ ਪਿੱਛੇ ਨਹੀਂ ਹਟਣਗੇ।

ਉਨ੍ਹਾਂ ਕਿਹਾ, "ਇਹ ਮੀਟਿੰਗ ਬੁੱਧਵਾਰ ਨੂੰ ਤਿੰਨ ਘੰਟੇ ਅਤੇ 7 ਸਤੰਬਰ ਨੂੰ ਦੋ ਘੰਟਿਆਂ ਤੱਕ ਜਾਰੀ ਰਹੀ, ਪਰ ਕੋਈ ਫਾਇਦਾ ਨਹੀਂ ਹੋਇਆ। ਪ੍ਰਸ਼ਾਸ਼ਨ ਹੁਣ ਤੱਕ ਸਾਡੀ ਕੋਈ ਵੀ ਮੰਗ ਪੂਰੀ ਕਰਨ ਲਈ ਤਿਆਰ ਨਹੀਂ ਹੈ।" ਟਿਕੈਤ ਨੇ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀ ਕਰਨਾਲ ਦੇ ਸਾਬਕਾ ਐਸਡੀਐਮ ਆਯੂਸ਼ ਸਿਨਹਾ ਨੂੰ ਮੁਅੱਤਲ ਕਰਨ ਲਈ ਤਿਆਰ ਨਹੀਂ ਹਨ, ਜਿਨ੍ਹਾਂ ਨੇ 28 ਅਗਸਤ ਨੂੰ ਕਿਸਾਨਾਂ 'ਤੇ ਪੁਲਿਸ ਲਾਠੀਚਾਰਜ ਦਾ ਹੁਕਮ ਦਿੱਤਾ ਸੀ।

ਦੱਸ ਦੇਈਏ ਕਿ ਕੱਲ੍ਹ ਵੀ ਬੈਠਕ 'ਚ ਕੋਈ ਨਤੀਜਾ ਨਹੀਂ ਨਿਕਲ ਸਕਿਆ ਸੀ, ਜਿਸ ਤੋਂ ਬਾਅਦ ਕਿਸਾਨਾਂ ਨੇ ਰਾਤ ਮਿੰਨੀ ਸਕੱਤਰੇਤ ਦੇ ਬਾਹਰ ਸੜਕਾਂ 'ਤੇ ਬਿਤਾਈ। ਇਸ ਦੌਰਾਨ ਕਿਸਾਨ ਆਗੂਆਂ ਦੀ ਮੰਗ ਹੈ ਕਿ ਸ਼ਹੀਦ ਹੋਏ ਕਿਸਾਨ ਨੂੰ 25 ਲੱਖ ਰੁਪਏ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਇਸ ਦੇ ਨਾਲ ਹੀ ਜ਼ਖਮੀ ਕਿਸਾਨਾਂ ਨੂੰ 2-2 ਲੱਖ ਰੁਪਏ ਦਿੱਤੇ ਜਾਣ। ਇਸ ਤੋਂ ਇਲਾਵਾ ਸਬ-ਡਿਵੀਜ਼ਨਲ ਮੈਜਿਸਟ੍ਰੇਟ (ਐੱਸ. ਡੀ. ਐੱਮ.) ਜਿਸ ਨੇ ਕਿਸਾਨਾਂ 'ਤੇ ਲਾਠੀਚਾਰਜ ਕਰਨ ਦੇ ਆਦੇਸ਼ ਦਿੱਤੇ ਸਨ, ਉਸ ਵਿਰੁੱਧ ਕਾਰਵਾਈ ਕਰਨ ਦੀ ਮੰਗ ਕਰ ਰਹੇ ਹਨ।

ਦੱਸਣਯੋਗ ਹੈ ਕਿ ਕਰਨਾਲ ਦੀ ਨਵੀਂ ਅਨਾਜ ਮੰਡੀ 'ਚ ਮੰਗਲਵਾਰ ਨੂੰ ਮਹਾਪੰਚਾਇਤ ਸੱਦੀ ਗਈ ਸੀ। ਇਸ ਦੌਰਾਨ ਕਿਸਾਨਾਂ ਦੀ 11 ਮੈਂਬਰੀ ਕਮੇਟੀ ਅਤੇ ਕਰਨਾਲ ਪ੍ਰਸ਼ਾਸਨ ਵਿਚਾਲੇ ਬੈਠਕ ਹੋਈ ਸੀ। ਇਸ ਬੈਠਕ 'ਚ ਕੋਈ ਹੱਲ ਨਹੀਂ ਨਿਕਲਿਆ ਸੀ, ਜਿਸ ਤੋਂ ਬਾਅਦ ਕਿਸਾਨਾਂ ਨੇ ਮਿੰਨੀ ਸਕੱਤਰੇਤ ਦਾ ਘਿਰਾਓ ਕੀਤਾ ਗਿਆ ਸੀ।

 

 

-PTC News

Related Post