ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਰਕਾਰ ਵੱਲੋਂ ਬਠਿੰਡਾ ਥਰਮਲ ਪਲਾਂਟ ਦੀ ਜ਼ਮੀਨ ਵੇਚਣ ਦੇ ਫੈਸਲੇ ਦੀ ਕੀਤੀ ਨਿਖੇਧੀ

By  Shanker Badra June 23rd 2020 06:41 PM

ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਰਕਾਰ ਵੱਲੋਂ ਬਠਿੰਡਾ ਥਰਮਲ ਪਲਾਂਟ ਦੀ ਜ਼ਮੀਨ ਵੇਚਣ ਦੇ ਫੈਸਲੇ ਦੀ ਕੀਤੀ ਨਿਖੇਧੀ:ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਸਰਕਾਰ ਵੱਲੋਂ ਬਠਿੰਡਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ ਵਿਚ ਬਣੇ ਥਰਮਲ ਪਲਾਂਟ ਦੀ ਜ਼ਮੀਨ ਵੇਚਣ ਦੇ ਫੈਸਲੇ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਸਰਕਾਰ ਦਾ ਇਹ ਫੈਸਲਾ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੀਆਂ ਭਾਵਨਾਵਾਂ ਦੇ ਵਿਰੁੱਧ ਕਰਾਰ ਦਿੱਤਾ। ਭਾਈ ਲੌਂਗੋਵਾਲ ਨੇ ਕਿਹਾ ਕਿ ਸਰਕਾਰ ਦਾ ਫੈਸਲਾ ਸੂਬੇ ਵਿੱਚੋਂ ਸਿੱਖ ਵਿਰਾਸਤ ਨੂੰ ਮਿਟਾਉਣ ਵਾਲਾ ਹੈ, ਜਿਸ ਨੂੰ ਪ੍ਰਵਾਨ ਨਹੀਂ ਕੀਤਾ ਜਾ ਸਕਦਾ।

ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਤੋਂ ਜਾਰੀ ਇੱਕ ਪ੍ਰੈੱਸ ਬਿਆਨ ਵਿਚ ਭਾਈ ਲੌਂਗੋਵਾਲ ਨੇ ਆਖਿਆ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 500 ਸਾਲਾ ਪ੍ਰਕਾਸ਼ ਪੁਰਬ ਮੌਕੇ ਸਥਾਪਿਤ ਕੀਤਾ ਗਿਆ ਥਰਮਲ ਪਲਾਂਟ ਗੁਰੂ ਸਾਹਿਬ ਜੀ ਪ੍ਰਤੀ ਸ਼ਰਧਾ ਤੇ ਸਤਿਕਾਰ ਵਜੋਂ ਹੈ। ਇਸ ਨੂੰ ਸਰਕਾਰ ਵੱਲੋਂ ਖਤਮ ਕਰਨ ਦਾ ਫੈਸਲਾ ਮੰਦਭਾਗਾ ਹੈ।

Bhai Gobind Singh Longowal condemns government decision to sell Bathinda Thermal Plant land ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਰਕਾਰ ਵੱਲੋਂ ਬਠਿੰਡਾ ਥਰਮਲ ਪਲਾਂਟ ਦੀ ਜ਼ਮੀਨ ਵੇਚਣ ਦੇ ਫੈਸਲੇ ਦੀ ਕੀਤੀ ਨਿਖੇਧੀ

ਉਨ੍ਹਾਂ ਕਿਹਾ ਕਿ ਬਜਾਏ ਇਸਦੇ ਕਿ ਸਰਕਾਰ ਗੁਰੂ ਸਾਹਿਬ ਦੀਆਂ ਪਹਿਲਾਂ ਬਣੀਆਂ ਯਾਦਗਾਰਾਂ ਖਤਮ ਕਰੇ, ਸਗੋਂ ਹੁਣ ਗੁਰੂ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਮੌਕੇ ਹੋਰ ਯਾਦਗਾਰਾਂ ਬਣਾਈਆਂ ਜਾਣ। ਇਹ ਕਿਸੇ ਤਰ੍ਹਾਂ ਵੀ ਤਰਕਸੰਗਤ ਨਹੀਂ ਹੈ ਕਿ ਸਰਕਾਰ ਖਿੱਤੇ ਦੀ ਵਿਰਾਸਤ ਨੂੰ ਹੀ ਮਿਟਾ ਦੇਵੇ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਅਜੇ ਕੁਝ ਦਿਨ ਪਹਿਲਾਂ ਹੀ ਪੰਜਾਬ ਦੀ ਸਰਕਾਰ ਨੇ ਸੂਬੇ ਅੰਦਰ ਬਣੀਆਂ ਵਿਰਾਸਤੀ ਯਾਦਗਾਰਾਂ ਨੂੰ ਨਿੱਜੀ ਹੱਥਾਂ ਵਿਚ ਦੇਣ ਦਾ ਆਪਹੁਦਰਾ ਫੈਸਲਾ ਲਿਆ ਹੈ ਅਤੇ ਹੁਣ ਸ੍ਰੀ ਗੁਰੂ ਨਾਨਕ ਦੇਵ ਜੀ ਥਰਮਲ ਪਲਾਂਟ ਦੀ ਹੋਂਦ ਨੂੰ ਖਤਮ ਕਰਨ ’ਤੇ ਮੋਹਰ ਲਗਾ ਦਿੱਤੀ ਹੈ। ਸਰਕਾਰ ਦੀ ਇਹ ਕਾਰਜਸ਼ੈਲੀ ਸੂਬੇ ਦੀ ਵਿਰਾਸਤ ਨੂੰ ਖਤਮ ਕਰਨ ਵਾਲੀ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ ਵਿਚ ਬਣੇ ਥਰਮਲ ਪਲਾਂਟ ਦੀ ਹੋਂਦ ਨੂੰ ਬਚਾਈ ਰੱਖਣ ਲਈ ਕੈਬਨਿਟ ਦੇ ਫੈਸਲੇ ਨੂੰ ਮੁੜ ਵਿਚਾਰਨ।

-PTCNews

Related Post