ਸ੍ਰੀ ਕਰਤਾਰਪੁਰ ਸਾਹਿਬ ਤੋਂ ਮੁੜਨ ਵਾਲੇ ਸ਼ਰਧਾਲੂਆਂ ਨੂੰ ਤੰਗ ਪ੍ਰੇਸ਼ਾਨ ਕਰਨ ਦੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਨਿੰਦਾ

By  Shanker Badra February 28th 2020 04:55 PM -- Updated: February 28th 2020 04:59 PM

ਸ੍ਰੀ ਕਰਤਾਰਪੁਰ ਸਾਹਿਬ ਤੋਂ ਮੁੜਨ ਵਾਲੇ ਸ਼ਰਧਾਲੂਆਂ ਨੂੰ ਤੰਗ ਪ੍ਰੇਸ਼ਾਨ ਕਰਨ ਦੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਨਿੰਦਾ:ਅੰਮ੍ਰਿਤਸਰ : ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਦਰਸ਼ਨ ਕਰਕੇ ਮੁੜਨ ਵਾਲੀ ਸੰਗਤ ਨੂੰ ਪੰਜਾਬ ਪੁਲਿਸ ਵੱਲੋਂ ਤੰਗ ਪ੍ਰੇਸ਼ਾਨ ਕਰਨ ਦੀ ਨਿੰਦਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਬੰਧਤ ਪੁਲਿਸ ਅਧਿਕਾਰੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਮੰਦਭਾਗਾ ਰੁਝਾਨ ਹੈ, ਜਿਸ ਨੇ ਸੰਗਤਾਂ ਅੰਦਰ ਡਰ ਪੈਦਾ ਕਰ ਦਿੱਤਾ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਅਜੇ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਦੇ ਬਿਆਨ ਦੀ ਸਿਆਹੀ ਵੀ ਨਹੀਂ ਸੁੱਕੀ ਕਿ ਹੁਣ ਸ਼ਰਧਾਲੂਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੰਜਾਬ ਸਰਕਾਰ ਦੀ ਇਹ ਹਰਕਤ ਪੰਜਾਬ ਦੇ ਲੋਕਾਂ ਨੂੰ ਜਾਣਬੁੱਝ ਕੇ ਸ਼ੱਕੀ ਬਣਾਉਣ ਵਾਲੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪੌਣੀ ਸਦੀ ਦੀਆਂ ਅਰਦਾਸਾਂ ਨਾਲ ਗੁਰ ਅਸਥਾਨ ਦਾ ਇਹ ਲਾਂਘਾ ਖੁਲ੍ਹਿਆ ਹੈ ਅਤੇ ਸੰਗਤਾਂ ਨੂੰ ਪਾਵਨ ਅਸਥਾਨ ਦੇ ਦਰਸ਼ਨ ਨਸੀਬ ਹੋਏ ਹਨ ਪਰ ਕੁਝ ਲੋਕਾਂ ਨੂੰ ਇਹ ਹਜ਼ਮ ਨਹੀਂ ਹੋ ਰਿਹਾ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਨੂੰ ਤੰਗ ਪ੍ਰੇਸ਼ਾਨ ਕਰਨ ਦੀ ਕਾਰਵਾਈ ਨੇ ਪੰਜਾਬ ਸਰਕਾਰ ਦੀ ਲਾਂਘੇ ਪ੍ਰਤੀ ਮਨਸ਼ਾ ਇੱਕ ਵਾਰ ਫਿਰ ਸਾਫ ਕਰ ਦਿੱਤੀ ਹੈ। ਇਸ ਤਰ੍ਹਾਂ ਲਗਦਾ ਹੈ ਜਿਵੇਂ ਪੰਜਾਬ ਸਰਕਾਰ ਲਾਂਘਾ ਬੰਦ ਕਰਵਾਉਣਾ ਚਾਹੁੰਦੀ ਹੋਵੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰੂ ਘਰ ਨਤਮਸਤਕ ਹੋਣ ਵਾਲੀ ਸੰਗਤ ’ਤੇ ਸ਼ੱਕ ਕਰਨਾ ਜਾਇਜ਼ ਨਹੀਂ। ਕਿਉਂਕਿ ਹਰ ਸ਼ਰਧਾਲੂ ਦੇ ਕਰਤਾਰਪੁਰ ਸਾਹਿਬ ਜਾਣ ਤੋਂ ਪਹਿਲਾਂ ਉਸ ਦੀ ਪੁਲਿਸ ਰਿਪੋਰਟ ਲਈ ਜਾਂਦੀ ਹੈ। -PTCNews

Related Post