550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭੋਪਾਲ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਆਯੋਜਿਤ

By  Jashan A October 13th 2019 09:31 AM

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭੋਪਾਲ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਆਯੋਜਿਤ

ਭਾਈ ਲੌਂਗੋਵਾਲ ਵੱਲੋਂ ਫੈਡਰੇਸ਼ਨ ਦੇ ਮੋਢੀ ਸਵਰਗੀ ਡਾ. ਸੰਤੋਖ ਸਿੰਘ ਯਾਦਗਾਰੀ ਲਾਇਬ੍ਰੇਰੀ ਲਈ ਇਕ ਲੱਖ ਰੁਪਏ ਦਾ ਐਲਾਨ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਨਾਨਕਸਰ ਹਮੀਦੀਆ ਰੋਡ ਭੋਪਾਲ ਵਿਖੇ ਇਕ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਇਸੇ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਫੈਡਰੇਸ਼ਨ ਦੇ ਮੋਢੀ ਸਵਰਗੀ ਡਾ. ਸੰਤੋਖ ਸਿੰਘ ਭੋਪਾਲ ਦੀ ਯਾਦ ਵਿਚ ਸਥਾਪਤ ਕੀਤੀ ਗਈ ਲਾਇਬ੍ਰੇਰੀ ਦਾ ਉਦਘਾਟਨ ਵੀ ਕੀਤਾ ਗਿਆ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਸਭਾ ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਮਾਗਮ ਸਮੇਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਡਾ. ਸੰਤੋਖ ਸਿੰਘ ਯਾਦਗਾਰੀ ਲਾਇਬ੍ਰੇਰੀ ਲਈ ਸ਼੍ਰੋਮਣੀ ਕਮੇਟੀ ਵੱਲੋਂ ਇਕ ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪ੍ਰਬੰਧਕਾਂ ਦਾ ਇਹ ਕਾਰਜ ਬੇਹੱਦ ਸ਼ਲਾਘਾਯੋਗ ਹੈ ਅਤੇ ਜਿਸ ਨਾਲ ਸੰਗਤਾਂ ਆਪਣੇ ਵਿਰਸੇ ਅਤੇ ਇਤਿਹਾਸ ਨਾਲ ਜੁੜ ਸਕਣਗੀਆਂ।

ਸਮਾਗਮ ਦੌਰਾਨ ਭਾਈ ਲੌਂਗੋਵਾਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਦੇ ਮਹੱਤਵ ਨੂੰ ਸਮੁੱਚੇ ਸੰਸਾਰ ਦੇ ਲੋਕਾਂ ਲਈ ਇਕਸਾਰ ਦੱਸਿਆ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ 550ਵੇਂ ਪ੍ਰਕਾਸ਼ ਪੁਰਬ ਮੌਕੇ 12 ਨਵੰਬਰ ਨੂੰ ਹੋਣ ਵਾਲੇ ਸਮਾਗਮਾਂ ਸਮੇਂ ਵੱਧ ਤੋਂ ਵੱਧ ਸ਼ਿਰਕਤ ਕਰਨ। ਇਸ ਮੌਕੇ ਸੀਨੀਅਰ ਅਕਾਲੀ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਸੂਬਿਆਂ ਵਿਚ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ ਦੀ ਸ਼ਲਾਘਾ ਕੀਤੀ।

ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਗੁਰਮਤਿ ਦੀ ਵਿਚਾਰਧਾਰਾ ਦਾ ਪ੍ਰਚਾਰ ਪ੍ਰਸਾਰ ਕਰਨ ਦੀ ਹੋਰ ਵੀ ਵਧੇਰੇ ਲੋੜ ਹੈ, ਕਿਉਂਕਿ ਇਹ ਸਮਾਂ ਇਹ ਪਦਾਰਥ ਦੀ ਅੰਨ੍ਹੀ ਦੋੜ ਵੱਲ ਲਿਜਾ ਰਿਹਾ ਹੈ। ਉਨ੍ਹਾਂ ਸੰਗਤ ਨੂੰ ਆਪਣੇ ਬੱਚਿਆਂ ਨੂੰ ਸਿੱਖ ਰਹੁ-ਰੀਤਾਂ ਨਾਲ ਜੋੜੀ ਰੱਖਣ ਲਈ ਉੱਦਮ ਕਰਨ ਲਈ ਵੀ ਪ੍ਰੇਰਿਆ।

ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਰਨੈਲ ਸਿੰਘ, ਭਾਈ ਕੁਲਵਿੰਦਰ ਸਿੰਘ, ਭਾਈ ਸਤਿੰਦਰ ਸਿੰਘ ਦੇ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਦੇ ਇਲਾਹੀ ਕੀਰਤਨ ਨਾਲ ਜੋੜਿਆ ਅਤੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ, ਮੀਤ ਸਕੱਤਰ ਤੇਜਿੰਦਰ ਸਿੰਘ ਪੱਡਾ, ਬਲਵਿੰਦਰ ਸਿੰਘ ਕਾਹਲਵਾਂ, ਦਰਸ਼ਨ ਸਿੰਘ ਨਿੱਜੀ ਸਹਾਇਕ, ਗੁਰਦੁਆਰਾ ਹਮੀਦੀਆ ਰੋਡ ਦੇ ਪ੍ਰਧਾਨ ਪਰਮਵੀਰ ਸਿੰਘ, ਸਕੱਤਰ ਅਮਰੀਕ ਸਿੰਘ ਸਮੇਤ ਭਰਵੀਂ ਗਿਣਤੀ ਵਿਚ ਸੰਗਤਾਂ ਮੌਜੂਦ ਸਨ।

-PTC News

Related Post