ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾ ਦੀ ਬੀਬੀ ਜਗੀਰ ਕੌਰ ਨੇ ਸਖ਼ਤ ਸ਼ਬਦਾਂ 'ਚ ਕੀਤੀ ਸਖ਼ਤ ਨਿੰਦਾ

By  Shanker Badra September 13th 2021 04:22 PM

ਅੰਮ੍ਰਿਤਸਰ : ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਜਾਰੀ ਪ੍ਰੈੱਸ ਬਿਆਨ ਵਿਚ ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖ ਧਰਮ ਦੀ ਆਸਥਾ ਦੇ ਕੇਂਦਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਇਕ ਸਿਰਫਿਰੇ ਵਿਅਕਤੀ ਵੱਲੋਂ ਸਿਗਰੇਟ ਪੀ ਕੇ ਧੂਆਂ ਸੁੱਟਣ ਦੀ ਘਟਨਾ ਅਤਿ ਨਿੰਦਣੀ ਹੈ, ਜਿਸ ਨੇ ਸਿੱਖ ਸੰਗਤਾਂ ਨੇ ਹਿਰਦੇ ਵਲੂੰਦਰੇ ਹਨ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਕੁਝ ਸਿੱਖ ਵਿਰੋਧੀ ਸ਼ਕਤੀਆਂ ਨੀਚ ਹਰਕਤਾਂ ਕਰਕੇ ਪੰਜਾਬ ਦੇ ਸ਼ਾਂਤ ਮਾਹੌਲ ਨੂੰ ਖਰਾਬ ਕਰਨਾ ਚਾਹੁੰਦੀਆਂ ਹਨ। ਇਸ ਵਾਸਤੇ ਵੱਖ-ਵੱਖ ਤਰ੍ਹਾਂ ਦੇ ਹੱਥਕੰਡੇ ਅਪਨਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਕਈ ਘਟਨਾਵਾਂ ਵਾਪਰੀਆਂ ਹਨ। ਅੱਜ ਅੰਮ੍ਰਿਤ ਵੇਲੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਾਪਰੀ ਘਟਨਾ ਵਿਚ ਦੋਸ਼ੀ ਲੁਧਿਆਣਾ ਨਿਵਾਸੀ ਪਰਮਜੀਤ ਸਿੰਘ ਨਾਮ ਦਾ ਵਿਅਕਤੀ ਫੜਿਆ ਗਿਆ ਹੈ, ਜਿਸ ਨੇ ਨੀਚ ਹਰਕਤ ਕਰਕੇ ਸਿੱਖ ਸੰਗਤਾਂ ਦੀ ਭਾਵਨਾ ਨੂੰ ਸੱਟ ਮਾਰੀ ਹੈ।

ਉਨ੍ਹਾਂ ਕਿਹਾ ਕਿ ਇਸ ਘਟਨਾ ਸਬੰਧੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਪ੍ਰਬੰਧ ਵੱਲੋਂ ਦੋਸ਼ੀ ਵਿਅਕਤੀ ਖਿਲਾਫ ਧਾਰਾ 295-ਏ ਤਹਿਤ ਪਰਚਾ ਦਰਜ ਕਰਵਾ ਕੇ ਦੋਸ਼ੀ ਨੂੰ ਪੁਲਿਸ ਹਵਾਲੇ ਕੀਤਾ ਗਿਆ ਹੈ। ਬੀਬੀ ਜਗੀਰ ਕੌਰ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਦੋਸ਼ੀ ਵਿਅਕਤੀ ਤੋਂ ਇਸ ਘਟਨਾ ਦੇ ਪਿਛੇ ਦੀ ਮਨਸ਼ਾ ਦਾ ਪਤਾ ਲਗਾ ਕੇ ਇਸ ਪਿਛੇ ਕੰਮ ਕਰਦੀਆਂ ਸ਼ਕਤੀਆਂ ਨੂੰ ਸੰਗਤਾਂ ਸਾਹਮਣੇ ਲਿਆਂਦਾ ਜਾਵੇ।

ਉਨ੍ਹਾਂ ਕਿਹਾ ਕਿ ਪਹਿਲਾ ਵੀ ਕਈ ਵਾਰ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀ ਫੜੇ ਜਾਣ ਦੇ ਬਾਵਜੂਦ ਘਟਨਾ ਦੇ ਪਿਛੇ ਦੀ ਮਨਸ਼ਾ ਸਾਹਮਣੇ ਨਹੀਂ ਆਉਂਦੀ ਜਿਸ ਕਾਰਨ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਵਾਲੇ ਦੋਸ਼ੀ ਵਿਅਕਤੀ ਅਤੇ ਇਨ੍ਹਾਂ ਪਿਛੇ ਕੰਮ ਕਰਦੀਆਂ ਸ਼ਕਤੀਆਂ ਨੂੰ ਬੇਪਰਦਾ ਕਰਕੇ ਸਖ਼ਤ ਸਜਾਵਾਂ ਦਿੱਤੀਆਂ ਜਾਣ ਤਾਂ ਕਿ ਅਜਿਹੀਆਂ ਘਟਨਾਵਾ ਨੂੰ ਠੱਲਿਆ ਜਾ ਸਕੇ।

-PTCNews

Related Post