ਬਿਹਾਰ ਦੇ ਪਿੰਡ ਮੰਗੇਰ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਸੰਭਾਲ ਨਾ ਹੋਣ ਕਾਰਨ ਬੇਅਦਬੀ ਦਾ ਸ਼੍ਰੋਮਣੀ ਕਮੇਟੀ ਵੱਲੋਂ ਨੋਟਿਸ

By  Jashan A December 16th 2019 08:49 PM

ਬਿਹਾਰ ਦੇ ਪਿੰਡ ਮੰਗੇਰ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਸੰਭਾਲ ਨਾ ਹੋਣ ਕਾਰਨ ਬੇਅਦਬੀ ਦਾ ਸ਼੍ਰੋਮਣੀ ਕਮੇਟੀ ਵੱਲੋਂ ਨੋਟਿਸ,ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਅਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ੍ਰੀ ਪਟਨਾ ਸਾਹਿਬ ਨੇੜਲੇ ਪਿੰਡ ਮੰਗੇਰ ਜਵਾਲਪੁਰ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੇਵਾ ਸੰਭਾਲ ਠੀਕ ਢੰਗ ਨਾਲ ਨਾ ਕਰਨ ਕਰਕੇ ਹੋ ਰਹੀ ਬੇਅਦਬੀ ਦਾ ਸਖ਼ਤ ਨੋਟਿਸ ਲਿਆ ਹੈ।

ਸੋਸ਼ਲ ਮੀਡੀਆ ’ਤੇ ਇਸ ਸਬੰਧੀ ਵਾਇਰਲ ਹੋਈ ਵੀਡੀਓ ਮਗਰੋਂ ਭਾਈ ਲੌਂਗੋਵਾਲ ਨੇ ਘਟਨਾ ਸਥਾਨ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਚਾਰਕਾਂ ਨੂੰ ਭੇਜਿਆ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੇਵਾ ਸੰਭਾਲ ਮਰਯਾਦਾ ਅਨੁਸਾਰ ਜ਼ਰੂਰੀ ਹੈ ਅਤੇ ਅਣਗਹਿਲੀ ਕਰਨ ਵਾਲੇ ਲੋਕਾਂ ਨੂੰ ਬਖ਼ਸ਼ਿਆ ਨਹੀਂ ਜਾ ਸਕਦਾ।

ਉਨ੍ਹਾਂ ਆਖਿਆ ਕਿ ਸੋਸ਼ਲ ਮੀਡੀਆ ਰਾਹੀਂ ਬਿਹਾਰ ’ਚ ਪੈਂਦੇ ਪਿੰਡ ਜਵਾਲਪੁਰ ਮੰਗੇਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਸ੍ਰੀ ਪਟਨਾ ਸਾਹਿਬ ਲਈ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕਾਂ ਦੀ ਟੀਮ ਰਵਾਨਾ ਕੀਤੀ ਗਈ ਹੈ।

ਹੋਰ ਪੜ੍ਹੋ: ਸਮਾਣਾ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ,ਇੱਕ ਔਰਤ ਕਾਬੂ

ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਚਾਰਕ ਜਿਥੇ ਸੇਵਾ ਸੰਭਾਲ ’ਚ ਅਣਗਹਿਲੀ ਵਰਤਣ ਦੇ ਮਾਮਲੇ ਦੀ ਪੜਤਾਲ ਕਰਨਗੇ, ਉਥੇ ਹੀ ਪ੍ਰਭਾਵਿਤ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਲਿਆਂਦਾ ਜਾਵੇਗਾ।

ਭਾਈ ਲੌਂਗੋਵਾਲ ਨੇ ਕਿਹਾ ਕਿ ਜਿਥੇ-ਜਿਥੇ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਗਤਾਂ ਵੱਲੋਂ ਪਾਵਨ ਸਰੂਪ ਰੱਖੇ ਗਏ ਹਨ, ਉਸ ਦੀ ਸੇਵਾ ਸੰਭਾਲ ਮਰਯਾਦਾ ਅਨੁਸਾਰ ਹੋਣੀ ਚਾਹੀਦੀ ਹੈ। ਇਸ ਵਿਚ ਕਿਸੇ ਤਰ੍ਹਾਂ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਭਾਈ ਲੌਂਗੋਵਾਲ ਨੇ ਕਿਹਾ ਕਿ ਜੋ ਲੋਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਸੰਭਾਲ ਨਹੀਂ ਕਰ ਸਕਦੇ, ਉਨ੍ਹਾਂ ਨੂੰ ਪਾਵਨ ਸਰੂਪ ਰੱਖਣ ਦਾ ਕੋਈ ਅਧਿਕਾਰ ਨਹੀਂ ਹੈ।

-PTC News

Related Post