ਬੀਕੇਯੂ ਉਗਰਾਹਾਂ ਨੇ ਲਗਾਇਆ ਡੀਸੀ ਦਫ਼ਤਰ ਅੱਗੇ ਧਰਨਾ, ਕੀਤੀ ਮੁਆਵਜ਼ੇ ਦੀ ਮੰਗ

By  Pardeep Singh September 26th 2022 03:13 PM

ਮਾਨਸਾ: ਮਾਨਸਾ ਵਿੱਚ ਬੀਕੇਯੂ ਉਗਰਾਹਾਂ ਜਥੇਬੰਦੀ ਵੱਲੋਂ ਡੀਸੀ ਦਫ਼ਤਰ ਦੇ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪੰਜਾਬ ਸਰਕਾਰ ਦੇ ਨਾਮ ਮੰਗ ਪੱਤਰ ਭੇਜਿਆ ਅਤੇ ਮੰਗ ਕੀਤੀ ਕਿ ਗੁਲਾਬੀ ਸੁੰਡੀ ਅਤੇ ਮੀਂਹ ਕਾਰਨ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਜਾਰੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਸਾਡੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਕੀਤਾ ਜਾਵੇਗਾ।
ਧਰਨੇ ਵਿੱਚ ਸ਼ਾਮਲ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਆਗੂ ਰਾਮ ਸਿੰਘ ਭੈਣੀਬਾਘਾ ਨੇ ਕਿਹਾ ਕਿ ਪਿਛਲੇ ਦਿਨੀਂ ਹੋਈ ਮੀਂਹ ਕਾਰਨ ਜਿਹੜੇ ਪਿੰਡਾਂ ਵਿੱਚ ਫ਼ਸਲਾਂ ਦਾ ਨੁਕਸਾਨ ਹੋਇਆ ਹੈ, ਉਹਨਾਂ ਪਿੰਡਾਂ ਦੀ ਮੀਟਿੰਗ ਬੁਲਾਈ ਗਈ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਕਿਸਾਨਾਂ ਦੀ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਅਤੇ ਚਿੱਟੇ ਮੱਛਰ ਕਾਰਨ ਬਰਬਾਦ ਹੋ ਗਿਆ ਸੀ ਅਤੇ ਹੁਣ ਬੇਮੌਸਮੀ ਮੀਂਹ ਕਾਰਨ ਕਿਸਾਨਾਂ ਦੀ ਨਰਮੇਂ ਅਤੇ ਝੋਨੇ ਦੀ ਫਸਲ ਦਾ ਨੁਕਸਾਨ ਹੋਇਆ ਹੈ।
 ਉਨ੍ਹਾਂ ਕਿਹਾ ਕਿ ਮੀਂਹ ਕਾਰਨ ਕਈ ਪਿੰਡਾਂ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਦੇ ਘਰ ਡਿੱਗ ਗਏ ਹਨ ਜਾਂ ਘਰਾਂ ਵਿੱਚ ਤਰੇੜਾਂ ਆ ਗਈਆਂ ਹਨ। ਉਨ੍ਹਾਂ ਕਿਹਾ ਕਿ ਅਸੀਂ ਡੀ.ਸੀ. ਦਫ਼ਤਰ ਮਾਨਸਾ ਰਾਹੀਂ ਪੰਜਾਬ ਸਰਕਾਰ ਦੇ ਨਾਮ ਮੰਗ ਪੱਤਰ ਦਿੱਤਾ ਹੈ ਅਤੇ ਮੰਗ ਕੀਤੀ ਹੈ ਕਿ ਗੁਲਾਬੀ ਸੁੰਡੀ ਕਾਰਨ ਖਰਾਬ ਹੋਏ ਨਰਮੇ ਦੀ ਤੁਰੰਤ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਜਾਰੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਾਣੀ ਦੀ ਨਿਕਾਸੀ ਦਾ ਤੁਰੰਤ ਪ੍ਰਬੰਧ ਕੀਤਾ ਜਾਵੇ ਅਤੇ ਮਕਾਨਾਂ ਦੇ ਹੋਏ ਨੁਕਸਾਨ ਦਾ ਪੀੜਤਾਂ ਨੂੰ ਮੁਆਵਜ਼ਾ ਜਾਰੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਸਾਡੀਆਂ ਇਨ੍ਹਾਂ ਮੰਗਾਂ ਤੇ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਅੰਦੋਲਨ ਵਿੱਢਿਆ ਜਾਵੇਗਾ।
ਇਹ ਵੀ ਪੜ੍ਹੋ;ਪਾਕਿਸਤਾਨ: ਵਿੱਤ ਮੰਤਰੀ ਨੇ ਦਿੱਤਾ ਅਸਤੀਫ਼ਾ
-PTC News

Related Post