ਕੈਬਨਿਟ ਮੰਤਰੀ ਧਾਲੀਵਾਲ ਨੇ ਕੇਂਦਰੀ ਮੰਤਰੀ ਮੁਰਲੀਧਰਨ ਨਾਲ ਕੀਤੀ ਮੁਲਾਕਾਤ

By  Pardeep Singh May 12th 2022 07:13 AM

ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਬੁੱਧਵਾਰ ਨੂੰ ਸਾਊਥ ਬਲਾਕ ਵਿਖੇ ਕੇਂਦਰੀ ਵਿਦੇਸ਼ ਰਾਜ ਮੰਤਰੀ ਵੀ ਮੁਰਲੀਧਰਨ ਨਾਲ ਮੁਲਾਕਾਤ ਕੀਤੀ। ਇਸ ਮੌਕੇ ਮੰਤਰੀ ਧਾਲੀਵਾਲ ਨੇ ਪਰਵਾਸੀ ਭਾਰਤੀਆਂ ਨਾਲ ਸਬੰਧਿਤ ਕਈ ਅਹਿਮ ਮੱਦਿਆਂ ਬਾਰੇ ਚਰਚਾ ਕੀਤੀ।

ਇਸ ਮੁਲਾਕਾਤ ਦੌਰਾਨ ਧਾਲੀਵਾਲ ਨੇ ਅੰਮ੍ਰਿਤਸਰ ਏਅਰਪੋਰਟ ਤੋਂ ਕੈਨੇਡਾ, ਅਮਰੀਕਾ, ਆਸਟੇ੍ਲੀਆ ਅਤੇ ਇੰਗਲੈਂਡ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਅਤੇ ਚੰਡੀਗੜ੍ਹ ਅਤੇ ਅੰਮ੍ਰਿਤਸਰ ਏਅਰਪੋਰਟ ਨੂੰ ਵੀ ਸਾਰੀਆਂ ਲੋੜੀਂਦੀਆਂ ਸਹੂਲਤਾਂ ਵਾਲਾ ਅੰਤਰਰਾਸ਼ਟਰੀ ਹਵਾਈ ਅੱਡਾ ਬਣਾਏ ਜਾਣ ਦੀ ਮੰਗ ਕੀਤੀ ਗਈ।

ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਹਵਾਈ ਅੱਡਿਆਂ 'ਤੇ ਇਮੀਗ੍ਰੇਸ਼ਨ ਕਾਊਂਟਰਾਂ 'ਤੇ ਫੋਕਸ ਕਰਦੇ ਹੋਏ ਸੀਸੀਟੀਵੀ ਕੈਮਰੇ ਲਗਾਏ ਜਾਣੇ ਚਾਹੀਦੇ ਹਨ ਤਾਂ ਜੋ ਪਰਵਾਸੀ ਭਾਰਤੀਆਂ ਨੂੰ ਇਨ੍ਹਾਂ ਕਾਊਂਟਰਾਂ 'ਤੇ ਦਰਪੇਸ਼ ਸਮੱਸਿਆਵਾਂ ਤੋਂ ਰਾਹਤ ਮਿਲ ਸਕੇ। ਉਨ੍ਹਾਂ ਨੇ ਕਿਹਾ ਹੈ ਕਿ ਲੋਕਾਂ ਨੂੰ ਟਰੈਵਲ ਵੀਜ਼ਾ ਲੈਣ ਅਤੇ ਕਾਗਜ਼ਾਂ ਦੀ ਤਸਦੀਕ ਕਰਵਾਉਣ ਵਿਚ ਦਿੱਕਤ ਆ ਰਹੀ ਹੈ। ਕੈਬਨਿਟ ਮੰਤਰੀ ਨੇ ਪੰਜਾਬੀ ਭਾਈਚਾਰੇ ਲਈ 24/7 ਹੈਲਪਲਾਈਨ ਸ਼ੁਰੂ ਕਰਨ ਦੀ ਮੰਗ ਕੀਤੀ।ਕੈਬਨਿਟ ਮੰਤਰੀ ਧਾਲੀਵਾਲ ਨੇ ਮੁਲਾਕਾਤ ਦੌਰਾਨ ਪਰਵਾਸੀ ਪੰਜਾਬੀਆਂ ਨਾਲ ਸਬੰਧਿਤ ਜਾਇਦਾਦਾਂ 'ਤੇ ਲਗਾਤਾਰ ਕਬਜ਼ਾ ਹੋਣ ਦਾ ਖ਼ਤਰਾ ਰਹਿੰਦਾ ਹੈ। ਇਸ ਲਈ ਲਿਮੀਟੇਸ਼ਨ ਐਕਟ ਵਿਚ ਪ੍ਰਤੀਕੂਲ ਕਬਜ਼ੇ ਦੀ 12 ਸਾਲ ਦੀ ਧਾਰਾ ਤੋਂ ਬਚਣ ਲਈ ਵਿਸ਼ੇਸ਼ ਰਾਹਤ ਲਈ ਅਪੀਲ ਕੀਤੀ ਗਈ।

ਮੰਤਰੀ ਧਾਲੀਵਾਲ ਨੇ ਕੇਂਦਰੀ ਮੰਤਰੀ ਤੋਂ ਵਿਸ਼ੇਸ਼ ਮੰਗ ਕੀਤੀ ਹੈ ਕਿ ਪਰਵਾਸੀ ਭਾਰਤੀ ਭਾਈਚਾਰਾ 1990 ਦੇ ਦਹਾਕੇ ਤੋਂ ਦੋਹਰੀ ਨਾਗਰਿਕਤਾ ਦੀ ਮੰਗ ਕਰ ਰਿਹਾ ਹੈ ਪਰ ਇਹ ਅਜੇ ਵੀ ਪ੍ਰਵਾਨਗੀ ਲਈ ਲੰਬਿਤ ਹੈ ਜਿਸ ਨੂੰ ਪ੍ਰਵਾਨ ਕੀਤਾ ਜਾਵੇ।

ਧਾਲੀਵਾਲ ਨੇ ਕਿਹਾ ਕਿ ਵਿਆਹ ਨਾਲ ਸਬੰਧਤ ਮਾਮਲਿਆਂ ਵਿਚ ਧੋਖਾਧੜੀ ਦੀਆਂ ਘਟਨਾਵਾਂ ਨਿਯਮਿਤ ਤੌਰ 'ਤੇ ਰਿਪੋਰਟ ਕੀਤੀਆਂ ਜਾਂਦੀਆਂ ਹਨ ਅਤੇ ਕਾਨੂੰਨ ਵਿਚ ਅਪਰਾਧੀਆਂ ਨੂੰ ਵਾਪਸ ਲਿਆਉਣ ਦਾ ਵਿਸ਼ੇਸ਼ ਉਪਬੰਧ ਕਰਵਾਇਆ ਜਾਵੇ।

ਇਹ ਵੀ ਪੜ੍ਹੋ:ਪੁਲਿਸ ਹੀ ਬਣੀ ਚੋਰ ? ਕੁੰਡੀ ਲਾ ਕੇ ਬਿਜਲੀ ਚੋਰੀ ਕਰਨ ਵਾਲੇ ਪੁਲਿਸ ਮੁਲਜ਼ਾਮ ਨੂੰ ਲੱਗਾ ਮੋਟਾ ਜੁਰਮਾਨਾ

-PTC News

Related Post