ਕੈਨੇਡਾ ਸੰਸਦੀ ਚੋਣਾਂ ’ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਨੂੰ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦਿੱਤੀ ਵਧਾਈ

By  Shanker Badra October 23rd 2019 03:39 PM

ਕੈਨੇਡਾ ਸੰਸਦੀ ਚੋਣਾਂ ’ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਨੂੰ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦਿੱਤੀ ਵਧਾਈ:ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਕੈਨੇਡਾ ਦੀ ਸੰਸਦੀ ਚੋਣਾਂ ਵਿਚ 18 ਪੰਜਾਬੀਆਂ ਦੇ ਜਿੱਤ ਹਾਸਲ ਕਰਨ ’ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ।ਉਨ੍ਹਾਂ ਕਿਹਾ ਕਿ ਪੰਜਾਬੀ ਅਤੇ ਖ਼ਾਸਕਰ ਸਿੱਖ ਅੱਜ ਪੂਰੀ ਦੁਨੀਆਂ ਅੰਦਰ ਆਪਣੀ ਮਿਹਨਤ ਅਤੇ ਲਿਆਕਤ ਨਾਲ ਅੱਗੇ ਆ ਰਹੇ ਹਨ। ਉਨ੍ਹਾਂ ਵੱਲੋਂ ਗੁਰੂ ਸਾਹਿਬ ਦੇ ਉਪਦੇਸ਼ ’ਤੇ ਚੱਲਦਿਆਂ ਵਿਸ਼ਵ ਵਿਚ ਆਪਣੀ ਕਾਰਗੁਜ਼ਾਰੀ ਸਦਕਾ ਬੁਲੰਦੀਆਂ ਹਾਸਲ ਕੀਤੀਆਂ ਜਾ ਰਹੀਆਂ ਹਨ।

ਭਾਈ ਲੌਂਗੋਵਾਲ ਨੇ ਜਸਟਿਨ ਟਰੂਡੋ ਨੂੰ ਮੁੜ ਸਰਕਾਰ ਬਣਾਉਣ ਲਈ ਸ਼ੁਭ ਇਛਾਵਾਂ ਭੇਟ ਕੀਤੀਆਂ ਅਤੇ ਜਗਮੀਤ ਸਿੰਘ ਵੱਲੋਂ ਸਿੱਖਾਂ ਦੀ ਪਛਾਣ ਨੂੰ ਉਭਾਰਨ ਲਈ ਮੁਬਾਰਕਬਾਦ ਦਿੱਤੀ। ਭਾਈ ਲੌਂਗੋਵਾਲ ਨੇ ਆਖਿਆ ਕਿ ਕੈਨੇਡਾ ਅੰਦਰ ਵੱਡੀ ਗਿਣਤੀ ਵਿਚ ਸਿੱਖ ਵੱਸਦੇ ਹਨ ਅਤੇ ਉਥੋਂ ਦੀ ਤਰੱਕੀ ਲਈ ਸਿੱਖਾਂ ਦੇ ਯੋਗਦਾਨ ਨੂੰ ਮਨਫ਼ੀ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਆਸ ਪ੍ਰਗਟਾਈ ਕਿ ਕੈਨੇਡਾ ਦੀ ਨਵੀਂ ਸਰਕਾਰ ਵੀ ਸਿੱਖਾਂ ਦੇ ਮਸਲਿਆਂ ਦੇ ਹੱਲ ਅਤੇ ਸਿੱਖ ਪਛਾਣ ਨੂੰ ਫੈਲਾਉਣ ਵਿਚ ਸੁਹਿਰਦ ਭੂਮਿਕਾ ਨਿਭਾਵੇਗੀ।ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਆਸਟ੍ਰੇਲੀਆ ਦੀ ਸੰਸਦ ਵਿਚ ਪਹਿਲੀ ਵਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਹੋਣ ’ਤੇ ਵੀ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ।

ਉਨ੍ਹਾਂ ਕੈਨੇਡਾ ਦੇ ਸੰਸਦ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੁੱਚੇ ਵਿਸ਼ਵ ਦੇ ਸਰਬਸਾਂਝੇ ਧਾਰਮਿਕ ਗ੍ਰੰਥ ਹਨ, ਜਿਸ ਵਿੱਚੋਂ ਸ਼ਾਂਤੀ, ਸਦਭਾਵਨਾ, ਭਾਈਚਾਰਕ ਸਾਂਝ ਅਤੇ ਆਪਣੀ ਪਿਆਰ ਦਾ ਸੁਨੇਹਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਨੇ ਮਨੁੱਖਤਾ ਲਈ ਬੇਹਤਰ ਜੀਵਨ ਦਾ ਜੋ ਮਾਰਗ ਦਿਖਾਇਆ, ਉਸ ਦੀ ਪ੍ਰੇਰਣਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚੋਂ ਮਿਲਦੀ ਹੈ। ਭਾਈ ਲੌਂਗੋਵਾਲ ਨੇ ਆਸਟ੍ਰੇਲੀਆਈ ਸੰਸਦ ਵਿਚ ਸਿੱਖਾਂ ਨੂੰ ਕਿਰਪਾਨ ਸਮੇਤ ਜਾਣ ਦੀ ਪ੍ਰਵਾਨਗੀ ਦੇਣ ਦਾ ਵੀ ਸਵਾਗਤ ਕੀਤਾ ਹੈ।

-PTCNews

Related Post