ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ 'ਚੋਂ ਕਾਂਗਰਸ ਦਾ ਸਫ਼ਾਇਆ ਹੋ ਜਾਵੇਗਾ

By  Jasmeet Singh February 20th 2022 02:40 PM -- Updated: February 20th 2022 04:59 PM

ਪਟਿਆਲਾ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਵਿੱਚ ਸੂਬੇ ਵਿੱਚੋਂ ਕਾਂਗਰਸ ਦਾ ਸਫ਼ਾਇਆ ਹੋ ਜਾਵੇਗਾ। ਕਾਂਗਰਸ ਛੱਡ ਕੇ ਪੰਜਾਬ ਲੋਕ ਕਾਂਗਰਸ ਦਾ ਗਠਨ ਕਰਨ ਵਾਲੇ ਅਮਰਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ "ਮੈਨੂੰ ਪਟਿਆਲਾ ਦੀ ਜਿੱਤ ਯਕੀਨੀ ਹੈ। ਮੈਨੂੰ ਲੱਗਦਾ ਹੈ ਕਿ ਅਸੀਂ ਚੋਣਾਂ ਜਿੱਤਾਂਗੇ... ਉਹ (ਕਾਂਗਰਸ) ਇੱਕ ਵੱਖਰੀ ਦੁਨੀਆਂ ਵਿੱਚ ਰਹਿੰਦੇ ਹਨ ਅਤੇ ਉਨ੍ਹਾਂ ਦਾ ਸਫ਼ਾਇਆ ਹੋ ਜਾਵੇਗਾ।"

ਇਹ ਵੀ ਪੜ੍ਹੋ: 109 ਸਾਲਾ ਨਸੀਬੋ ਨੇ ਮਲੇਰਕੋਟਲਾ ਵਿਖੇ ਢੋਲ ਢਮੱਕੇ ਦੇ ਨਾਲ ਪਾਈ ਵੋਟ

ਪਟਿਆਲਾ ਵਿੱਚ ਆਪਣੀ ਵੋਟ ਪਾਉਣ ਤੋਂ ਬਾਅਦ ਪੰਜਾਬ ਲੋਕ ਕਾਂਗਰਸ ਦੇ ਸੰਸਥਾਪਕ ਨੇ ਕਿਹਾ "ਭਗਵੰਤ ਮਾਨ ਦੇਸ਼ ਵਿਰੋਧੀ ਹੈ ਅਤੇ ਉਹ ਅਰਵਿੰਦ ਕੇਜਰੀਵਾਲ ਦਾ ਸਮਰਥਨ ਕਰ ਰਿਹਾ ਹੈ।" ਸਾਬਕਾ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੀ ਪਾਰਟੀ ਵਧੀਆ ਪ੍ਰਦਰਸ਼ਨ ਕਰ ਰਹੀ ਹੈ ਅਤੇ ਜ਼ਮੀਨ ਤੋਂ ਸਕਾਰਾਤਮਕ ਰਿਪੋਰਟਾਂ ਆ ਰਹੀਆਂ ਹਨ।

ਸੂਬੇ ਵਿੱਚ ਇਸ ਵਾਰ ਕਾਂਗਰਸ, ਆਮ ਆਦਮੀ ਪਾਰਟੀ (ਆਪ), ਸ਼੍ਰੋਮਣੀ ਅਕਾਲੀ ਦਲ-ਬਹੁਜਨ ਸਮਾਜ ਪਾਰਟੀ ਗਠਜੋੜ ਅਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ-ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਪਾਰਟੀ ਦੇ ਵਿਚਕਾਰ ਬਹੁ-ਪੱਖੀ ਮੁਕਾਬਲਾ ਦੇਖਣ ਨੂੰ ਮਿਲ ਰਿਹਾ ਹੈ।

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜੋ ਕਿ ਕਾਂਗਰਸ ਦੇ ਮੁੱਖ ਮੰਤਰੀ ਦਾ ਚਿਹਰਾ ਹਨ, ਦੋ ਸੀਟਾਂ ਚਮਕੌਰ ਸਾਹਿਬ ਅਤੇ ਭਦੌੜ ਤੋਂ ਚੋਣ ਲੜ ਰਹੇ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਅੰਮ੍ਰਿਤਸਰ (ਪੂਰਬੀ) ਵਿੱਚ ਅਕਾਲੀ ਦਲ ਦੇ ਬਿਕਰਮ ਸਿੰਘ ਮਜੀਠੀਆ, 'ਆਪ' ਦੀ ਜੀਵਨਜੋਤ ਕੌਰ ਅਤੇ ਭਾਜਪਾ ਦੇ ਜਗਮੋਹਨ ਸਿੰਘ ਰਾਜੂ ਨਾਲ ਚੋਣ ਮੁਕਾਬਲਾ ਹੈ।

ਸੰਗਰੂਰ ਤੋਂ 'ਆਪ' ਲੋਕ ਸਭਾ ਮੈਂਬਰ ਅਤੇ ਪਾਰਟੀ ਦੇ ਮੁੱਖ ਮੰਤਰੀ ਦਾ ਚਿਹਰਾ ਭਗਵੰਤ ਮਾਨ ਧੂਰੀ ਸੀਟ ਤੋਂ ਚੋਣ ਲੜ ਰਹੇ ਹਨ। ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਪਟਿਆਲਾ ਹਲਕੇ ਤੋਂ ਮੁੜ ਚੋਣ ਲੜ ਰਹੇ ਹਨ।

ਇਹ ਵੀ ਪੜ੍ਹੋ: ਹਮੀਰਾ 'ਚ ਵੋਟ ਪਾਉਣ ਆਏ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ 'ਤੇ ਹਮਲਾ

ਪੰਜ ਵਾਰ ਮੁੱਖ ਮੰਤਰੀ ਰਹੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰਕਾਸ਼ ਸਿੰਘ ਬਾਦਲ ਲੰਬੀ ਸੀਟ ਤੋਂ ਚੋਣ ਮੈਦਾਨ ਵਿੱਚ ਹਨ ਜਦਕਿ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਜਲਾਲਾਬਾਦ ਤੋਂ ਚੋਣ ਲੜ ਰਹੇ ਹਨ। ਭਾਜਪਾ ਨੇ ਆਪਣੀ ਪੰਜਾਬ ਇਕਾਈ ਦੇ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ ਨੂੰ ਪਠਾਨਕੋਟ ਹਲਕੇ ਤੋਂ ਉਮੀਦਵਾਰ ਬਣਾਇਆ ਹੈ।

ਸਾਰੀਆਂ 117 ਸੀਟਾਂ ਲਈ ਵੋਟਿੰਗ ਚੱਲ ਰਹੀ ਹੈ ਅਤੇ ਨਤੀਜੇ 10 ਮਾਰਚ ਨੂੰ ਐਲਾਨੇ ਜਾਣਗੇ।

-PTC News

Related Post