ਪੰਜਾਬ ਕੈਬਨਿਟ ਨੇ ਲੋੜ ਪੈਣ ’ਤੇ ਨਵੀਂ ਮੰਡੀਆਂ ਐਲਾਨਣ ਦੇ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਅਧਿਕਾਰ

By  Shanker Badra April 10th 2020 07:44 PM -- Updated: April 10th 2020 08:03 PM

ਪੰਜਾਬ ਕੈਬਨਿਟ ਨੇ ਲੋੜ ਪੈਣ ’ਤੇ ਨਵੀਂ ਮੰਡੀਆਂ ਐਲਾਨਣ ਦੇ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਅਧਿਕਾਰ:ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਡਿਪਟੀ ਕਮਿਸ਼ਨਰਾਂ ਨੂੰ ਆਪੋ-ਆਪਣੇ ਜ਼ਿਲਿਆਂ ਵਿੱਚ ਲੋੜ ਮੁਤਾਬਕ ਨਵੀਂ ਮੰਡੀਆਂ ਐਲਾਨਣ ਲਈ ਅਧਿਕਾਰਤ ਕੀਤਾ ਹੈ ਤਾਂ ਕਿ ਸਮਾਜਿਕ ਦੂਰੀ ਕਾਇਮ ਰੱਖਣ ਦੇ ਨਾਲ-ਨਾਲ ਅਨਾਜ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਇਆ ਜਾ ਸਕੇ। ਮੰਤਰੀ ਮੰਡਲ ਦੀ ਵੀਡੀਓ ਕਾਨਫਰੰਸ ਤੋਂ ਬਾਅਦ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਮੰਡੀਆਂ ਖਰੀਦ ਕਾਰਜਾਂ ਲਈ ਇਸ ਸਾਲ ਪਹਿਲਾਂ ਹੀ ਐਲਾਨੀਆਂ ਜਾ ਚੁੱਕੀਆਂ 3800 ਮੰਡੀਆਂ ਤੋਂ ਵਾਧੂ ਹੋਣਗੀਆਂ।

ਮੰਤਰੀ ਮੰਡਲ ਨੇ ਕਣਕ ਦੀ ਵਢਾਈ ਅਤੇ ਖਰੀਦ ਦੇ ਪ੍ਰਬੰਧਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਜੋ 15 ਅਪ੍ਰੈਲ ਤੋਂ ਸ਼ੁਰੂ ਹੋਣ ਜਾ ਰਹੀ ਹੈ। ਇਹ ਵੀ ਫੈਸਲਾ ਕੀਤਾ ਗਿਆ ਕਿ ਖਰੀਦ ਪ੍ਰਬੰਧਾਂ ਨੂੰ 11 ਅਪ੍ਰੈਲ ਤੱਕ ਅੰਤਿਮ ਰੂਪ ਦੇ ਕੇ ਨੋਟੀਫਾਈ ਕਰ ਦਿੱਤਾ ਜਾਣਾ ਚਾਹੀਦਾ ਹੈ ਤਾਂ ਕਿ ਪੜਾਅਵਾਰ ਢੰਗ ਨਾਲ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਿਆ ਜਾ ਸਕੇ। ਸੂਬਾ ਸਰਕਾਰ 15 ਜੂਨ ਤੱਕ ਕਣਕ ਦੀ ਖਰੀਦ ਵਧਾਉਣ ਦਾ ਫੈਸਲਾ ਪਹਿਲਾਂ ਹੀ ਲੈ ਚੁੱਕੀ ਹੈ।

ਮੰਤਰੀ ਮੰਡਲ ਨੇ ਅੱਗੇ ਆਖਿਆ ਕਿ ਕਣਕ ਦੀ ਖਰੀਦ ਲਈ ਨਿਰਧਾਰਤ ਸੰਚਾਲਨ ਵਿਧੀ (ਐਸ.ਓ.ਪੀ.) ਨੂੰ ਵਿਆਪਕ ਪੱਧਰ ’ਤੇ ਪ੍ਰਚਾਰਿਆ ਜਾਣਾ ਚਾਹੀਦਾ ਹੈ ਤਾਂ ਕਿ ਸੈਨੀਟਾਈਜ਼ਰਾਂ, ਹੱਥ ਧੋਣ ਦੇ ਪ੍ਰਬੰਧਾਂ ਦੇ ਉਪਬੰਧਾਂ ਸਮੇਤ ਸਾਰੇ ਪ੍ਰੋਟੋਕੋਲਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾ ਸਕੇ। ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਪਹਿਲਾਂ ਹੀ ਮੰਡੀਆਂ ਲਈ ਸੁਰੱਖਿਆ ਯੋਜਨਾ ਬਣਾਉਣ ਲਈ ਆਖਿਆ ਜਾ ਚੁੱਕਾ ਹੈ। ਮੰਤਰੀ ਮੰਡਲ ਨੂੰ ਦੱਸਿਆ ਗਿਆ ਕਿ ਸੂਬੇ ਵਿੱਚ ਬਾਰਦਾਨੇ ਦੀ 73 ਫੀਸਦੀ ਜ਼ਰੂਰਤ ਪੂਰੀ ਕੀਤੀ ਜਾ ਚੁੱਕਾ ਹੈ ਅਤੇ ਪੱਛਮੀ ਬੰਗਾਲ ਸਰਕਾਰ ਵੱਲੋਂ ਸਮੇਂ ਸਿਰ ਉਤਪਾਦਨ ਨਾ ਖੋਲਣ ’ਤੇ 7.2 ਲੱਖ ਬੋਰੀਆਂ ਦੀ ਬਾਕੀ ਰਹਿੰਦੀ ਕਮੀ ਨੂੰ ਪੀ.ਪੀ. ਥੈਲਿਆਂ ਰਾਹੀਂ ਪੂਰਾ ਕੀਤਾ ਜਾਵੇਗਾ।

-PTCNews

Related Post