ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਸਾਂਝੇ ਤੌਰ ’ਤੇ ਮਨਾਉਣ ਦੀ ਅਪੀਲ

By  Jashan A August 27th 2019 09:17 PM

ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਸਾਂਝੇ ਤੌਰ ’ਤੇ ਮਨਾਉਣ ਦੀ ਅਪੀਲ

ਮੁੱਖ ਸਮਾਗਮ ’ਤੇ ਸਹਿਮਤੀ ਬਣਾਉਣ ਲਈ ਆਖਿਆ

ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵਾਂ ਪ੍ਰਕਾਸ਼ ਪੁਰਬ ਦੇ ਸਮਾਗਮ ਸੂਬਾ ਸਰਕਾਰ ਨਾਲ ਸਾਂਝੇ ਤੌਰ ’ਤੇ ਮਨਾਉਣ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਸ਼੍ਰੋਮਣੀ ਕਮੇਟੀ ਨੂੰ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਕਰਵਾਏ ਜਾਣ ਵਾਲੇ ਸਮਾਗਮਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਸਹਿਮਤੀ ਬਣਾਉਣ ਲਈ ਸੂਬਾ ਪੱਧਰੀ ਪ੍ਰਬੰਧਕੀ ਕਮੇਟੀ ਦੀ ਮੀਟਿੰਗ ਵਿੱਚ ਸ਼ਿਰਕਤ ਕਰਨ ਲਈ ਆਖਿਆ।

ਕੈਪਟਨ ਅਮਰਿੰਦਰ ਸਿੰਘ ਨੇ ਇਹ ਅਪੀਲ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿੱਚ ਆਏ ਵਫ਼ਦ ਨੂੰ ਕੀਤੀ ਜਿਨਾਂ ਨੇ ਅੱਜ ਮੁੱਖ ਮੰਤਰੀ ਨੂੰ ਮਿਲ ਕੇ ਇਸ ਇਤਿਹਾਸਕ ਮੌਕੇ ਉਨਾਂ ਵੱਲੋਂ ਉਲੀਕੇ ਗਏ ਵਿਸ਼ਾਲ ਸਮਾਗਮ ’ਚ ਸ਼ਾਮਲ ਹੋਣ ਲਈ ਸੱਦਾ ਦਿੱਤਾ।

ਮੁੱਖ ਮੰਤਰੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਉਨਾਂ ਵੱਲੋਂ ਕਰਵਾਏ ਜਾਣ ਵਾਲੇ ਸਮਾਗਮ ਦੇ ਪ੍ਰਬੰਧਾਂ ਲਈ ਸਹਿਯੋਗ ਦੇਣ ਦਾ ਭਰੋਸਾ ਦਿੰਦਿਆ ਆਖਿਆ ਕਿ ਉਹ ਆਪਣੇ ਕੈਬਨਿਟ ਸਾਥੀਆਂ, ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨਾਲ ਸਮਾਗਮ ਵਿੱਚ ਸ਼ਾਮਲ ਵੀ ਹੋਣਗੇ।ਮੁੱਖ ਮੰਤਰੀ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਉਨਾਂ ਵੱਲੋਂ ਛੇਤੀ ਹੀ ਸੱਦੀ ਜਾਣ ਵਾਲੀ ਸੂਬਾ ਪੱਧਰੀ ਪ੍ਰਬੰਧਕੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਆਖਿਆ ਤਾਂ ਕਿ ਗੁਰਦੁਆਰਾ ਸਾਹਿਬ ਦੇ ਬਾਹਰ ਸੂਬਾ ਸਰਕਾਰ ਵੱਲੋਂ ਕਰਵਾਏ ਜਾਣ ਵਾਲੇ ਮੁੱਖ ਸਮਾਗਮ ’ਤੇ ਸਾਂਝਾ ਫੈਸਲਾ ਲਿਆ ਜਾ ਸਕੇ।

ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਮੁੱਖ ਸਮਾਗਮ ਦੇ ਮੁੱਦੇ ’ਤੇ ਖੁੱਲ ਦਿਲੀ ਦਿਖਾਉਣ ਲਈ ਆਖਿਆ ਕਿਉਂ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਪਹਿਲਾਂ ਹੀ ਸ਼੍ਰੋਮਣੀ ਕਮੇਟੀ ਅਤੇ ਸੂਬਾ ਸਰਕਾਰ ਨੂੰ ਇਹ ਇਤਿਹਾਸਕ ਦਿਹਾੜਾ ਸਾਂਝੇ ਤੌਰ ’ਤੇ ਮਨਾਉਣ ਦੀ ਅਪੀਲ ਕਰ ਚੁੱਕੇ ਹਨ ਤਾਂ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਮਾਨਵਤਾ, ਧਾਰਮਿਕ ਸਹਿਣਸ਼ੀਲਤਾ ਅਤੇ ਸ਼ਾਂਤੀ ਦੇ ਦਿੱਤੇ ਸੰਦੇਸ਼ ਨੂੰ ਦੁਨੀਆ ਭਰ ਵਿੱਚ ਫੈਲਾਇਆ ਜਾ ਸਕੇ।

ਮੁੱਖ ਮੰਤਰੀ ਨੇ ਦੱਸਿਆ ਕਿ ਉਨਾਂ ਨੇ ਕੌਮੀ ਪ੍ਰਬੰਧਕੀ ਕਮੇਟੀ ਦੀ ਮੀਟਿੰਗ ਸੱਦਣ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਨਿਜੀ ਤੌਰ ’ਤੇ ਅਪੀਲ ਕੀਤੀ ਹੈ ਤਾਂ ਕਿ ਸਮੁੱਚੇ ਪ੍ਰੋਗਰਾਮ ਨੂੰ ਅੰਤਿਮ ਛੋਹਾਂ ਦੇਣ ਲਈ ਸਹਿਮਤੀ ਬਣਾਈ ਜਾ ਸਕੇ। ਉਨਾਂ ਨੇ ਵਫਦ ਨੂੰ ਭਰੋਸਾ ਦਿੱਤਾ ਕਿ ਬੁਨਿਆਦੀ ਢਾਂਚਾ ਅਤੇ ਵਿਕਾਸ ਦੇ ਚੱਲ ਰਹੇ ਪ੍ਰਾਜੈਕਟਾਂ ਨੂੰ ਤੈਅ ਸਮੇਂ ਵਿੱਚ ਮੁਕੰਮਲ ਕੀਤਾ ਜਾਵੇਗਾ।

ਬੀਬੀ ਜਗੀਰ ਕੌਰ ਦੀ ਅਪੀਲ ’ਤੇ ਮੁੱਖ ਮੰਤਰੀ ਨੇ ਲੋਕ ਨਿਰਮਾਣ ਮੰਤਰੀ ਨੂੰ ਆਖਿਆ ਕਿ ਸੁਲਤਾਨਪੁਰ ਲੋਧੀ ਨੂੰ ਜਾਂਦੀਆਂ ਸੜਕਾਂ ’ਚੋਂ ਬਾਕੀ ਰਹਿੰਦੀਆਂ ਕੁਝ ਸੜਕਾਂ ਨੂੰ 18-23 ਫੁੱਟ ਤੋਂ 33 ਫੁੱਟ ਚੌੜਾ ਕਰਨ ਲਈ ਕਾਰਜ ਯੋਜਨਾ ਉਲੀਕੀ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪਵਿੱਤਰ ਦਿਹਾੜਾ ਸਾਡੇ ਸਾਰਿਆਂ ਦੇ ਜੀਵਨ ਦਾ ਸੁਭਾਗਾ ਮੌਕਾ ਹੈ ਅਤੇ ਉਨਾਂ ਨੇ ਇਸ ਮਹਾਨ ਸਮਾਗਮ ਨੂੰ ਸਾਂਝੇ ਤੌਰ ’ਤੇ ਮਨਾਉਣ ਲਈ ਸਿਆਸੀ, ਸਮਾਜਿਕ ਅਤੇ ਧਾਰਮਿਕ ਵਖਰੇਵਿਆਂ ਤੋਂ ਉਪਰ ਉੱਠਣ ਦੀ ਲੋੜ ’ਤੇ ਜ਼ੋਰ ਦਿੱਤਾ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਮਹਾਨ ਸਮਾਗਮ ਵਿੱਚ ਵੱਖ-ਵੱਖ ਧਰਮਾਂ ਦੀਆਂ ਉੱਘੀਆਂ ਸਖਸ਼ੀਅਤਾਂ, ਬੁੱਧੀਜੀਵੀਆਂ ਅਤੇ ਸਿੱਖ ਵਿਦਵਾਨਾਂ ਨੂੰ ਸੱਦਾ ਦੇਣ ਦਾ ਪ੍ਰੋਗਰਾਮ ਉਲੀਕਿਆ ਜਾ ਚੁੱਕਾ ਹੈ। ਇਸ ਮੌਕੇ ਕੈਬਨਿਟ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ, ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ ਅਤੇ ਵਿਜੈ ਇੰਦਰ ਸਿੰਗਲਾ ਤੋਂ ਇਲਾਵਾ ਵਿਧਾਇਕ ਰਾਣਾ ਗੁਰਜੀਤ ਸਿੰਘ, ਨਵਤੇਜ ਸਿੰਘ ਚੀਮਾ, ਕੁਲਜੀਤ ਸਿੰਘ ਨਾਗਰਾ ਅਤੇ ਕੁਸ਼ਲਦੀਪ ਸਿੰਘ ਢਿਲੋਂ ਹਾਜ਼ਰ ਸਨ।

ਸ਼੍ਰੋਮਣੀ ਕਮੇਟੀ ਦੇ ਵਫਦ ਵਿੱਚ ਸਾਬਕਾ ਮੰਤਰੀ ਤੋਤਾ ਸਿੰਘ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਤਖ਼ਤ ਹਰਿਮੰਦਰ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ ਸ਼ਾਮਲ ਸਨ।

-PTC News

Related Post