ਕੈਪਟਨ ਅਮਰਿੰਦਰ ਸਿੰਘ ਨੇ ਆਗੂਆਂ ਸਮੇਤ ਫੜਿਆ 'ਕਮਲ'

By  Pardeep Singh September 19th 2022 06:10 PM -- Updated: September 19th 2022 06:35 PM

ਨਵੀਂ ਦਿੱਲੀ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਅੱਜ ਭਾਜਪਾ ਵਿੱਚ ਆਗੂਆਂ ਸਮੇਤ ਸ਼ਾਮਲ ਹੋ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਭਾਜਪਾ ਵਿੱਚ ਰਲੇਵਾਂ ਕਰ ਲਿਆ।

ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਦੀ ਅਗਵਾਈ ਅਤੇ ਕੈਬਨਿਟ ਮੰਤਰੀ ਕਿਰਨ ਰਿਜਿਜੂ ਦੀ ਅਗਵਾਈ ਹੇਠ ਨਵੀਂ ਦਿੱਲੀ ਸਥਿਤ ਭਾਜਪਾ ਹੈੱਡਕੁਆਰਟਰ ਵਿਖੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਲਈ। ਕੈਪਟਨ ਦੇ ਨਾਲ ਪੰਜਾਬ ਦੇ ਕਰੀਬ 6 ਤੋਂ 7 ਸਾਬਕਾ ਵਿਧਾਇਕ, ਕੈਪਟਨ ਦੇ ਪੁੱਤਰ ਰਣਇੰਦਰ ਸਿੰਘ, ਧੀ ਜੈ ਇੰਦਰ ਕੌਰ ਤੇ ਪੋਤਾ ਨਿਰਵਾਣ ਸਿੰਘ ਵੀ ਭਾਜਪਾ ਵਿੱਚ ਸ਼ਾਮਿਲ ਹੋਏ। ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲ ਚੁੱਕੇ ਹਨ।

ਉਨ੍ਹਾਂ 80 ਸਾਲ ਦੀ ਉਮਰ 'ਚ ਸਿਆਸਤ ’ਚ ਨਵੀਂ ਪਾਰੀ ਦੀ ਸ਼ੁਰੂਆਤ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਭਾਜਪਾ ’ਚ ਰਲੇਵਾਂ ਕਰ ਲਿਆ ਹੈ। ਭਾਰਤੀ ਜਨਤਾ ਪਾਰਟੀ ਦੇ ਹੈੱਡਕੁਆਰਟਰ ’ਚ ਨਵੀਂ ਦਿੱਲੀ ਵਿਚ ਕਰਵਾਏ ਸਮਾਰੋਹ ’ਚ ਉਨ੍ਹਾਂ ਦੇ ਸਮੱਰਥਕ, ਕਰੀਬੀ ਕਾਂਗਰਸੀ ਨੇਤਾ ਤੇ ਸਾਬਕਾ ਵਿਧਾਇਕਾਂ ਨੇ ਭਾਜਪਾ ਦੀ ਮੈਂਬਰਸ਼ਿਪ ਲਈ।

ਇਸ ਮੌਕੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਦਾ ਕਹਿਣਾ ਹੈ ਕਿ ਭਾਜਪਾ ਵਿੱਚ ਸ਼ਾਮਿਲ ਹੋਣ ਉੱਤੇ ਕੈਪਟਨ ਅਮਰਿੰਦਰ ਸਿੰਘ ਨੂੰ ਵਧਾਈ ਦਿੰਦਾ ਹਾਂ। ਉਨ੍ਹਾਂ ਨੇ ਕਿਹਾ ਹੈ ਕਿ ਭਾਜਪਾ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਵਚਨਬੱਧ ਹੈ। ਉਨ੍ਹਾਂ ਨੇ ਕਿਹਾ ਹੈ ਕਿ ਭਾਜਪਾ ਵਿੱਚ ਸ਼ਾਮਿਲ ਹੋਣ ਉੱਤੇ ਸਾਰੀਆ ਸਖ਼ਸ਼ੀਅਤਾਂ ਨੂੰ ਵਧਾਈ ਦਿੰਦਾ ਹੈ।

ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਐਸਵਾਈਐਲ ਮੁੱਦੇ ਉਤੇ ਪੰਜਾਬ ਦੇ ਹੱਕ ਵਿਚ ਖੜ੍ਹੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਭਵਿੱਖ ਨੂੰ ਦੇਖਦੇ ਹੋਏ ਉਨ੍ਹਾਂ ਨੇ ਇਹ ਕਦਮ ਚੁੱਕਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਹਮੇਸ਼ਾ ਮੇਰਾ ਸਟੈਂਡ ਕਲੀਅਰ ਰਿਹਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਲਈ ਹਮੇਸ਼ਾ ਲੜਦਾ ਰਹਾਂਗਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੈ ਅਤੇ ਪੰਜਾਬ ਨਾਲ ਸਬੰਧਤ ਹੋਣ ਕਾਰਨ ਉਹ ਇੱਥੋਂ ਦੀਆਂ ਸਮੱਸਿਆਵਾਂ ਨੂੰ ਜਾਣਦੇ ਹਨ। ਪਾਕਿਸਤਾਨ ਪੰਜਾਬ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕਰਦਾ ਰਹਿੰਦਾ ਹੈ। ਡਰੋਨਾਂ ਰਾਹੀਂ ਸਰਹੱਦ ਪਾਰ ਤੋਂ ਹਥਿਆਰ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਦਾ ਰਹਿੰਦਾ ਹੈ। ਅਜਿਹੇ ਵਿੱਚ ਇੱਥੇ ਮਜ਼ਬੂਤ ​​ਲੀਡਰਸ਼ਿਪ ਦੀ ਲੋੜ ਹੈ।

ਇਹ ਵੀ ਪੜ੍ਹੋ:'ਆਪ' ਵੱਲੋਂ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣਾ ਸਿਆਸੀ ਧੋਖਾ : ਤਰੁਣ ਚੁੱਘ

-PTC News

Related Post