ਕੈਪਟਨ ਅਮਰਿੰਦਰ ਸਿੰਘ ਵੱਲੋਂ ਉੱਘੇ ਪੰਜਾਬੀ ਨਾਵਲਕਾਰ ਜਸਵੰਤ ਸਿੰਘ ਕੰਵਲ ਲਈ ਪੰਜ ਲੱਖ ਰੁਪਏ ਦੀ ਸਹਾਇਤਾ ਦਾ ਐਲਾਨ

By  Jashan A July 2nd 2019 07:57 PM

ਕੈਪਟਨ ਅਮਰਿੰਦਰ ਸਿੰਘ ਵੱਲੋਂ ਉੱਘੇ ਪੰਜਾਬੀ ਨਾਵਲਕਾਰ ਜਸਵੰਤ ਸਿੰਘ ਕੰਵਲ ਲਈ ਪੰਜ ਲੱਖ ਰੁਪਏ ਦੀ ਸਹਾਇਤਾ ਦਾ ਐਲਾਨ,ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਉੱਘੇ ਪੰਜਾਬੀ ਨਾਵਲਕਾਰ ਜਸਵੰਤ ਸਿੰਘ ਕੰਵਲ ਲਈ ਪੰਜ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਹੈ ਜਿਨਾਂ ਦੀ ਸਿਹਤ ਵਡੇਰੀ ਉਮਰ ਕਾਰਨ ਨਾਸਾਜ਼ ਚੱਲ ਰਹੀ ਹੈ।

ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਮੋਗਾ ਦੇ ਡਿਪਟੀ ਕਮਿਸ਼ਨਰ ਨੂੰ ਨਿੱਜੀ ਤੌਰ ’ਤੇ ਸ੍ਰੀ ਕੰਵਲ ਦੇ ਜੱਦੀ ਪਿੰਡ ਢੁੱਡੀਕੇ ਵਿਖੇ ਜਾ ਕੇ ਉਨਾਂ ਦੇ ਪਰਿਵਾਰ ਨੂੰ ਵਿੱਤੀ ਇਮਦਾਦ ਸੌਂਪਣ ਦੇ ਹੁਕਮ ਦਿੱਤੇ।

ਹੋਰ ਪੜ੍ਹੋ:ਕੈਪਟਨ ਅਮਰਿੰਦਰ ਸਿੰਘ ਵੱਲੋਂ ਸਿੱਧੂ ਨੂੰ ਬਰਖ਼ਾਸਤ ਕਰਨਾ ਚਾਹੀਦਾ ਹੈ : ਮਜੀਠੀਆ

ਉਨਾਂ ਨੇ ਜ਼ਿਲਾ ਪ੍ਰਸ਼ਾਸਨ ਨੂੰ ਆਖਿਆ ਕਿ ਸ੍ਰੀ ਕੰਵਲ ਨੂੰ ਲੋੜੀਂਦੀ ਮੈਡੀਕਲ ਸਹਾਇਤਾ ਮੁਹੱਈਆ ਕਰਵਾਉਣ ਨੂੰ ਵੀ ਯਕੀਨੀ ਬਣਾਇਆ ਜਾਵੇ। ਜ਼ਿਕਰਯੋਗ ਹੈ ਕਿ 100 ਵਰਿਆਂ ਦੀ ਉਮਰ ਪਾਰ ਕਰ ਚੁੱਕੇ ਸ੍ਰੀ ਕੰਵਲ ਨੇ ਕਈ ਨਾਵਲਾਂ ਸਮੇਤ ਲਗਪਗ 100 ਕਿਤਾਬਾਂ ਦੀ ਰਚਨਾ ਕਰਕੇ ਪੰਜਾਬੀ ਸਾਹਿਤ ਨੂੰ ਹੋਰ ਅਮੀਰ ਕੀਤਾ।

ਸ੍ਰੀ ਕੰਵਲ ਦੇ ਛੇਤੀ ਸਿਹਤਯਾਬ ਹੋਣ ਦੀ ਕਾਮਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਾਮਵਰ ਪੰਜਾਬੀ ਲੇਖਕ ਨੇ ਆਪਣਾ ਸਮੁੱਚਾ ਜੀਵਨ ਪੰਜਾਬ ਮਾਂ ਬੋਲੀ ਦੀ ਚੜਦੀ ਕਲਾ ਨੂੰ ਸਮਰਪਿਤ ਕੀਤਾ। ਉਨਾਂ ਕਿਹਾ ਕਿ ਸ੍ਰੀ ਕੰਵਲ ਦੀਆਂ ਲਿਖਤਾਂ ਪੇਂਡੂ ਜੀਵਨ ਅਤੇ ਸਮਾਜ ਦੇ ਦੱਬੇ-ਕੁਚਲੇ ਵਰਗਾਂ ਦੀ ਧੁਰ ਅੰਦਰਲੀ ਤਸਵੀਰ ਪੇਸ਼ ਕਰਦੀਆਂ ਹਨ।

-PTC News

Related Post