ਕੈਪਟਨ ਨੇ ਨਸ਼ਾ ਰੋਕਣ ਲਈ ਹਰਿਆਣਾ ,ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ ਦੇ ਮੁੱਖ ਮੰਤਰੀਆਂ ਤੋਂ ਮੰਗਿਆ ਸਹਿਯੋਗ

By  Shanker Badra July 19th 2018 06:50 PM

ਕੈਪਟਨ ਨੇ ਨਸ਼ਾ ਰੋਕਣ ਲਈ ਹਰਿਆਣਾ ,ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ ਦੇ ਮੁੱਖ ਮੰਤਰੀਆਂ ਤੋਂ ਮੰਗਿਆ ਸਹਿਯੋਗ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਦੀ ਤਸਕਰੀ ਅਤੇ ਕਾਸ਼ਤ 'ਤੇ ਨਿਯੰਤਰਣ ਲਈ ਹਰਿਆਣਾ,ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ ਦੇ ਮੁੱਖ ਮੰਤਰੀਆਂ ਤੋਂ ਸਹਿਯੋਗ ਲਈ ਪੱਤਰ ਲਿਖਿਆ ਹੈ।ਉਨ੍ਹਾਂ ਨੇ ਇਸ ਸਬੰਧ ਵਿੱਚ ਕੇਂਦਰੀ ਗ੍ਰਹਿ ਮੰਤਰੀ ਤੋਂ ਵੀ ਸਹਿਯੋਗ ਦੀ ਮੰਗ ਕੀਤੀ ਹੈ ਜਿਨ੍ਹਾਂ ਦੇ ਨਿਯੰਤਰਣ ਵਿੱਚ ਦਿੱਲੀ ਪੁਲਿਸ ਹੈ।ਉਨ੍ਹਾਂ ਨੇ ਇਨ੍ਹਾਂ ਆਗੂਆਂ ਨੂੰ ਆਖਿਆ ਹੈ ਕਿ ਉਹ ਆਪਣੇ ਸਬੰਧਤ ਖੇਤਰਾਂ ਵਿੱਚ ਨਸ਼ਿਆਂ ਦੇ ਸਮਗਲਰਾਂ ਲਈ ਕਿਸੇ ਵੀ ਤਰ੍ਹਾਂ ਦੀ ਸੁਰੱਖਿਅਤ ਠਾਹਰ ਨੂੰ ਯਕੀਨੀ ਨਾ ਬਣਨ ਦੇਣ।ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਤੋਂ ਇਲਾਵਾ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ,ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਅਤੇ ਰਾਜਸਥਾਨ ਦੇ ਮੁੱਖ ਮੰਤਰੀ ਵਸੁੰੰਧਰਾ ਰਾਜੇ ਨੂੰ ਨਸ਼ਿਆਂ ਦੀ ਸੱਮਸਿਆ ਬਾਰੇ ਵੱਖਰੇ ਵੱਖਰੇ ਪੱਤਰ ਲਿਖੇ ਹਨ।

ਸਾਡੀਆਂ ਭਵਿੱਖੀ ਪੀੜੀਆਂ ਲਈ ਨਸ਼ੇ ਗੰਭੀਰ ਚੁਣੌਤੀ ਹੋਣ ਦੀ ਗੱਲ ਆਖਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਭਵੇਂ ਉਨ੍ਹਾਂ ਦੀ ਸਰਕਾਰ ਅਜਿਹਾ ਨਾ ਹੋਣ ਦੇਣ ਲਈ ਵਚਨਬੱਧ ਹੈ ਪਰ ਫਿਰ ਵੀ ਉਹ ਉਨ੍ਹਾਂ ਦਾ ਪੂਰੇ ਸਹਿਯੋਗ ਚਾਉਂਦੇ ਹਨ ਅਤੇ ਇਸ ਸਬੰਧ ਵਿੱਚ ਉਨ੍ਹਾਂ ਨੂੰ ਦੀ ਅਪੀਲ ਕਰਦੇ ਹਨ।ਉਨ੍ਹਾਂ ਨੇ ਪੰਜਾਬ ਵਿੱਚ ਨਸ਼ਿਆਂ ਦੀ ਲਾਹਨਤ ਨੂੰ ਰੋਕੇ ਜਾਣ ਲਈ ਚੁੱਕੇ ਜਾ ਰਹੇ ਕਦਮਾਂ ਵਾਸਤੇ ਉਨ੍ਹਾਂ ਦੇ ਸਰਗਰਮ ਸਮਰਥਨ ਦੀ ਮੰਗ ਕੀਤੀ ਹੈ।ਆਪਣੇ ਪੱਤਰਾਂ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਆਗੂਆਂ ਨੂੰ ਬੇਨਤੀ ਕੀਤੀ ਹੈ ਕਿ ਉਹ ਪੁਲਿਸ ਸਣੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੂੰ ਸਲਾਹ ਦੇਣ ਕਿ ਉਹ ਨਸ਼ਿਆਂ ਦੇ ਸਬੰਧ ਵਿੱਚ ਪੰਜਾਬ ਪੁਲਿਸ ਨਾਲ ਤਾਲਮੇਲ ਕਰਨ ਅਤੇ ਨਸ਼ਿਆਂ ਦੀ ਲਾਹਨਤ ਨੂੰ ਨੱਥ ਪਾਉਣ ਲਈ ਸਾਂਝੀਆਂ ਕੋਸ਼ਿਸ਼ਾਂ ਕਰਨ।ਉਨ੍ਹਾਂ ਨੇ ਮੁੱਖ ਮੰਤਰੀਆਂ ਨੂੰ ਇਹ ਬੇਨਤੀ ਵੀ ਕੀਤੀ ਕਿ ਉਹ ਨਸ਼ਿਆਂ ਦੀ ਵਰਤੋਂ 'ਤੇ ਨਿਯੰਤਰਨ ਅਤੇ ਰੋਕਥਾਮ ਲਈ ਇਕ ਰਾਸ਼ਟਰੀ ਨੀਤੀ ਤਿਆਰ ਕਰਵਾਉਣ ਲਈ ਭਾਰਤ ਸਰਕਾਰ 'ਤੇ ਦਬਾਅ ਪਾਉਣ।

ਕੇਂਦਰੀ ਗ੍ਰਹਿ ਮੰਤਰੀ ਨੂੰ ਲਿੱਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਪਲੱਬਧ ਸੂਚਨਾ ਦੇ ਮੁਤਾਬਿਕ ਨਸ਼ਿਆਂ ਦੇ ਤਸਕਰ ਪੰਜਾਬ ਤੋਂ ਆਲੋਪ ਹੇ ਗਏ ਹਨ ਅਤੇ ਉਹ ਗੁਵਾਂਢੀ ਸੂਬਿਆਂ ਵਿੱਚ ਛੁਪੇ ਹੋਏ ਹਨ।ਅੰਤਰਰਾਸ਼ਟਰੀ ਸਰਹੱਦ ਦੇ ਪਾਰੋ ਨਸ਼ਿਆਂ ਦੀ ਤਸਕਰੀ ਹੋਣ ਤੋਂ ਇਲਾਵਾ ਹਰਿਆਣਾ,ਹਿਮਾਚਲ ਪ੍ਰਦੇਸ਼, ਰਾਜਸਥਾਨ ਅਤੇ ਦਿੱਲੀ ਵਰਗੇ ਗੁਵਾਂਢੀ ਸੂਬਿਆਂ ਰਾਹੀਂ ਵੀ ਪੰਜਾਬ ਵਿੱਚ ਨਸ਼ਿਆਂ ਦੀ ਤਸਕਰੀ ਹੋਣ ਦੀਆਂ ਰਿਪੋਰਟਾਂ ਹਨ।ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਪੌਦਿਆਂ ਦੀ ਖੇਤੀ ਪੰਜਾਬ ਲਈ ਚਿੰਤਾ ਵਾਲੀ ਗੱਲ ਹੈ ਕਿਉਂਕਿ ਨਸ਼ਿਆਂ ਦੀ ਖੇਤੀ ਵਾਲੇ ਸੂਬਿਆਂ ਤੋਂ ਪੰਜਾਬ ਨੂੰ ਨਸ਼ੇ ਸਪਲਾਈ ਹੋ ਰਹੇ ਹਨ।

-PTCNews

Related Post