ਜੇ ਕੈਪਟਨ ਨੂੰ ਕਿਸਾਨਾਂ ਦੀ ਚਿੰਤਾ ਤਾਂ ਝੋਨੇ ਉੱਤੇ 100 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਣ :ਹਰਸਿਮਰਤ ਬਾਦਲ

By  Shanker Badra July 12th 2018 06:17 PM

ਜੇ ਕੈਪਟਨ ਨੂੰ ਕਿਸਾਨਾਂ ਦੀ ਚਿੰਤਾ ਤਾਂ ਝੋਨੇ ਉੱਤੇ 100 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਣ :ਹਰਸਿਮਰਤ ਬਾਦਲ:ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਹੈ ਕਿ ਜੇਕਰ ਉਹ ਕਿਸਾਨਾਂ ਦੀ ਆਮਦਨ ਵਧਾਉਣ ਬਾਰੇ ਸੰਜੀਦਾ ਹਨ ਤਾਂ ਤੁਰੰਤ ਝੋਨੇ ਉੱਤੇ 100 ਰੁਪਏ ਪ੍ਰਤੀ ਕੁਇੰਟਲ ਬੋਨਸ ਦਾ ਐਲਾਨ ਕਰਕੇ ਆਪਣੀ ਕਥਨੀ ਨੂੰ ਕਰਨੀ ਵਿਚ ਬਦਲ ਕੇ ਵਿਖਾਉਣ।ਉਹਨਾਂ ਨੇ ਮੁੱਖ ਮੰਤਰੀ ਨੂੰ ਝੋਨੇ ਦੇ ਘੱਟੋ ਘੱਟ ਸਮਰਥਨ ਮੁੱਲ ਵਿਚ 200 ਰੁਪਏ ਪ੍ਰਤੀ ਕੁਇੰਟਲ ਦੇ ਇਤਿਹਾਸਕ ਵਾਧੇ ਨੂੰ ਫਜ਼ੂਲ ਕਹਿ ਕੇ ਸੌੜੀ ਸਿਆਸਤ ਕਰਨ ਤੋਂ ਪਰਹੇਜ ਕਰਨ ਲਈ ਆਖਿਆ ਹੈ।

ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਬੀਬੀ ਹਰਸਿਮਰਤ ਬਾਦਲ ਨੇ ਕਿਹਾ ਕਿ ਇਹ ਗੱਲ ਬਹੁਤ ਹੀ ਨਿੰਦਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਝੋਨੇ ਅਤੇ ਕਪਾਹ ਦੇ ਸਮਰਥਨ ਮੁੱਲ ਵਿਚ ਕੀਤੇ ਗਏ ਰਿਕਾਰਡ ਵਾਧੇ ਨੂੰ ਮਾਮੂਲੀ ਕਹਿ ਰਹੇ ਹਨ।ਉਹਨਾਂ ਕਿਹਾ ਕਿ ਕਪਾਹ ਦੇ ਘੱਟੋ ਘੱਟ ਸਮਰਥਨ ਮੁੱਲ ਵਿਚ 1100 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ,ਕਾਂਗਰਸੀ ਮੁੱਖ ਮੰਤਰੀ ਘੱਟੋ ਘੱਟ ਸਮਝਾਉਣ ਤਾਂ ਸਹੀ ਇਹ ਵਾਧਾ ਮਾਮੂਲੀ ਕਿਵੇਂ ਹੈ ਅਤੇ ਇਸ ਦੇ ਨਾਲ ਹੀ ਉਹਨਾਂ ਨੂੰ ਕਪਾਹ ਉੱਤੇ 200 ਰੁਪਏ ਪ੍ਰਤੀ ਕੁਇੰਟਲ ਬੋਨਸ ਦਾ ਐਲਾਨ ਕਰਨਾ ਚਾਹੀਦਾ ਹੈ।

ਬਠਿੰਡਾ ਤੋਂ ਪਾਰਟੀ ਸਾਂਸਦ ਬੀਬੀ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸੂਬੇ ਅੰਦਰ ਕਿਸਾਨੀ ਸੰਕਟ ਨੂੰ ਹੱਲ ਕਰਨ ਲਈ ਸੰਜੀਦਾ ਹਨ ਜਾਂ ਫਿਰ 90 ਹਜ਼ਾਰ ਕਰੋੜ ਰੁਪਏ ਦੀ ਕਰਜ਼ਾ ਮੁਆਫੀ ਦੇ ਵਾਅਦੇ ਤੋਂ ਮੁਕਰ ਕੇ ਪੈਦਾ ਕੀਤੇ ਸੰਕਟ ਨੂੰ ਹੱਲ ਕਰਨ ਦੀ ਜ਼ਿੰਮੇਵਾਰੀ ਲੈਣ ਦੀ ਥਾਂ ਬੱਸ ਰੌਲਾ ਪਾ ਕੇ ਅੱਗੇ ਖਿਸਕ ਜਾਣਾ ਹੀ ਪਸੰਦ ਕਰਦੇ ਹਨ।ਬੀਬੀ ਬਾਦਲ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਦੇ ਪਿਛਲੇ ਰਿਕਾਰਡ ਉਤੇ ਝਾਤ ਮਾਰੀ ਜਾਵੇ ਤਾਂ ਉਸ ਵੱਲੋਂ ਪੰਜਾਬ ਦੇ ਕਿਸਾਨਾਂ ਲਈ ਕੁੱਝ ਵੀ ਕੀਤੇ ਜਾਣ ਦੀ ਕੋਈ ਉਮੀਦ ਨਹੀਂ ਹੈ।ਉਹਨਾਂ ਕਿਹਾ ਕਿ ਅਮਰਿੰਦਰ ਨੇ ਹੁਣ ਸਭ ਤੋਂ ਵਧੀਆ ਕੰਮ ਇਹੋ ਕੀਤਾ ਹੈ ਕਿ 2002 ਵਿਚ ਉਸ ਨੇ ਝੋਨੇ ਉੱਤੇ 30 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਣ ਦਾ ਵਾਅਦਾ ਕਰਕੇ 10 ਰੁਪਏ ਪ੍ਰਤੀ ਕੁਇੰਟਲ ਦਾ ਬੋਨਸ ਦਿੱਤਾ ਸੀ।ਇਸ ਤੋਂ ਇਲਾਵਾ ਉਹ 2002-07 ਦੇ ਕਾਰਜਕਾਲ ਦੌਰਾਨ ਸਰਦਾਰ ਪਰਕਾਸ਼ ਸਿੰਘ ਬਾਦਲ ਵੱਲੋਂ ਕਿਸਾਨਾਂ ਨੂੰ ਦਿੱਤੀ ਮੁਫਤ ਬਿਜਲੀ ਦੀ ਸਹੂਲਤ ਵਾਪਸ ਲੈਣ ਵਾਸਤੇ ਜਾਣਿਆ ਜਾਂਦਾ ਹੈ।

-PTCNews

Related Post