ਕੈਪਟਨ ਨੇ ਸ੍ਰੀ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਲਈ 200 ਕਰੋੜ ਰੁਪਏ ਜਾਰੀ ਕਰਨ ਲਈ ਵਿੱਤ ਮੰਤਰੀ ਨੂੰ ਹਦਾਇਤ

By  Shanker Badra July 12th 2018 06:50 PM

ਕੈਪਟਨ ਨੇ ਸ੍ਰੀ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਲਈ 200 ਕਰੋੜ ਰੁਪਏ ਜਾਰੀ ਕਰਨ ਲਈ ਵਿੱਤ ਮੰਤਰੀ ਨੂੰ ਹਦਾਇਤ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਦੇ ਵਿੱਤ ਮੰਤਰੀ ਨੂੰ ਸ੍ਰੀ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਲਈ ਵਿਕਾਸ ਅਤੇ ਬੁਨਿਆਦੀ ਢਾਂਚੇ ਦੇ ਕੰਮਾਂ ਲਈ ਤੁਰੰਤ 100 ਕਰੋੜ ਰੁਪਏ ਜਾਰੀ ਕਰਨ ਲਈ ਆਖਿਆ ਹੈ।ਮੁੱਖ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਨਗਰਾਂ ਸੁਲਤਾਨਪੁਰ ਲੋਧੀ,ਡੇਰਾ ਬਾਬਾ ਨਾਨਕ ਅਤੇ ਬਟਾਲਾ ਦੇ ਵਿਕਾਸ ਲਈ ਅਗਲੇ ਵਿੱਤੀ ਸਾਲ ਦੇ ਬਜਟ ਵਿੱਚ ਹੋਰ 100 ਕਰੋੜ ਦਾ ਉਪਬੰਧ ਕਰਨ ਲਈ ਵੀ ਕਿਹਾ।ਪ੍ਰਕਾਸ਼ ਪੁਰਬ ਦੇ ਸਮਾਗਮ ਲਈ ਕਾਇਮ ਕੀਤੀ ਸੂਬਾ ਕਮੇਟੀ ਦੀ ਦੂਜੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਪ੍ਰਮੁੱਖ ਸਕੱਤਰ ਨੂੰ ਇਸ ਪਵਿੱਤਰ ਮੌਕੇ ਵੱਖ-ਵੱਖ ਪ੍ਰਾਜੈਕਟਾਂ ਨੂੰ ਲਾਗੂ ਕਰਨ ਲਈ ਸੂਬਾ ਸਰਕਾਰ ਵੱਲੋਂ ਕੇਂਦਰ ਨੂੰ ਸੌਂਪੀ 2145 ਕਰੋੜ ਰੁਪਏ ਦੀ ਤਜਵੀਜ਼ ਸਬੰਧੀ ਪ੍ਰਧਾਨ ਮੰਤਰੀ ਦਫ਼ਤਰ ਕੋਲ ਪੈਰਵੀ ਕਰਨ ਲਈ ਆਖਿਆ।

ਮੁੱਖ ਮੰਤਰੀ ਨੇ ਕਿਹਾ ਕਿ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬ ਜਿੱਥੇ ਪਹਿਲੇ ਸਿੱਖ ਗੁਰੂ ਜੋਤੀ-ਜੋਤਿ ਸਮਾਏ ਸਨ,ਦੇ ਦਰਸ਼ਨਾਂ ਲਈ ਸਿੱਖ ਸ਼ਰਧਾਲੂਆਂ ਨੂੰ ਮੁੱਖ ਸਮਾਗਮਾਂ ਦੌਰਾਨ ਘੱਟੋ-ਘੱਟ ਇਕ ਹਫ਼ਤਾ ਵਿਸ਼ੇਸ਼ ਲਾਂਘੇ ਰਾਹੀਂ ਖੁੱਲੇ ਤੌਰ ’ਤੇ ਜਾਣ ਦੇਣ ਦੀ ਆਗਿਆ ਲਈ ਉਹ ਭਾਰਤੀ ਵਿਦੇਸ਼ੀ ਮੰਤਰਾਲੇ ਨੂੰ ਪੱਤਰ ਲਿਖਣਗੇ ਕਿ ਇਹ ਮਾਮਲਾ ਮੰਤਰਾਲੇ ਵੱਲੋਂ ਪਾਕਿਸਤਾਨੀ ਹਮਰੁਤਬਾ ਕੋਲ ਉਠਾਇਆ ਜਾਵੇ।ਕਮੇਟੀ ਵੱਲੋਂ ਦਿੱਤੇ ਇਕ ਹੋਰ ਸੁਝਾਅ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਸੱਭਿਆਚਾਰਕ ਮਾਮਲਿਆਂ ਦੇ ਪ੍ਰਮੁੱਖ ਸਕੱਤਰ ਨੂੰ ਧਾਰਮਿਕ ਸੈਰ ਸਪਾਟੇ ਵਜੋਂ ਪੰਜ ਤਖ਼ਤ ਸਾਹਿਬਾਨ ਨੂੰ ਜੋੜਦੀ ਇਕ ਵਿਸ਼ੇਸ਼ ਰੇਲਗੱਡੀ ਚਲਾਉਣ ਦੀ ਸੰਭਾਵਨਾ ਤਲਾਸ਼ਣ ਦੀ ਹਦਾਇਤ ਕੀਤੀ।

ਮੁੱਖ ਮੰਤਰੀ ਨੇ ਸੁਲਤਾਨਪੁਰ ਲੋਧੀ ਵਿਖੇ 12 ਨਵੰਬਰ, 2019 ਨੂੰ ਮੁੱਖ ਸਮਾਗਮ ਕਰਵਾਉਣ ਲਈ ਰੂਪ-ਰੇਖਾ ਉਲੀਕਣ ਵਾਸਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ,ਸੁਖਜਿੰਦਰ ਸਿੰਘ ਰੰਧਾਵਾ,ਵਿਜੇਇੰਦਰ ਸਿੰਗਲਾ ਅਤੇ ਸੁਲਤਾਨਪੁਰ ਲੋਧੀ ਤੋਂ ਵਿਧਾਇਕ ਨਵਤੇਜ ਸਿੰਘ ਚੀਮਾ ’ਤੇ ਅਧਾਰਿਤ ਚਾਰ ਮੈਂਬਰੀ ਕਮੇਟੀ ਦਾ ਗਠਨ ਕੀਤਾ।ਇਹ ਕਮੇਟੀ ਮੁੱਖ ਸਮਾਗਮਾਂ ਦਾ ਸਮਾਂ,ਨਨਕਾਣਾ ਸਾਹਿਬ ਤੋਂ ਅਟਾਰੀ ਬਾਰਡਰ ਵਾਇਆ ਸੁਲਤਾਨਪੁਰ ਲੋਧੀ-ਬਟਾਲਾ ਅਤੇ ਡੇਰਾ ਬਾਬਾ ਨਾਨਕ, ਨਗਰ ਕੀਰਤਨ ਸਜਾਉਣ ਦੇ ਰੂਟ ਬਾਰੇ ਸੁਝਾਅ ਦੇਵੇਗੀ।

ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਦਰਸ਼ਨ ਨੂੰ ਮੂਰਤੀਮਾਨ ਕਰਨ ਕਰਦੀ ਚਿੱਤਰਕਾਰੀ,ਦੁਰਲੱਭ ਹੱਥ ਲਿਖਤ ਖਰੜੇ ਅਤੇ ਪਵਿੱਤਰ ਨਿਸ਼ਾਨੀਆਂ ’ਤੇ ਇੱਕ ਪ੍ਰਦਰਸ਼ਨੀ ਤੋਂ ਇਲਾਵਾ ਰਵਾਇਤੀ ਕੀਰਤਨ ਅਤੇ ਕਵੀ ਦਰਬਾਰ ਕਰਵਾਉਣ ਦੇ ਨਾਲ-ਨਾਲ ਦੇਸ਼ ਦੇ ਪ੍ਰਸਿੱਧ ਵਿਦਵਾਨਾਂ ਦੇ ਸੈਮੀਨਾਰ ਕਰਵਾਉਣ ਦਾ ਵੀ ਪ੍ਰਸਤਾਵ ਰੱਖਿਆ।

-PTCNews

Related Post