ਕੇਂਦਰ ਨੇ ਬਦਲਿਆ ਫੈਸਲਾ, ਅੱਜ ਤੋਂ ਸ਼ੁਰੂ ਝੋਨੇ ਦੀ ਸਰਕਾਰੀ ਖਰੀਦ

By  Riya Bawa October 3rd 2021 10:30 AM

ਨਵੀਂ ਦਿੱਲੀ : ਪੰਜਾਬ ਅਤੇ ਹਰਿਆਣਾ ਵਿਚ ਝੋਨੇ ਦੀ ਸਰਕਾਰੀ ਖਰੀਦ ਨੂੰ ਲੈ ਕੇ ਸੰਘਰਸ਼ ਕਰ ਰਹੇ ਕਿਸਾਨਾਂ ਦੇ ਲਈ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਕਿਸਾਨਾਂ ਦੇ ਰੋਹ ਅੱਗੇ ਝੁਕਦਿਆਂ ਹੁਣ ਕੇਂਦਰ ਸਰਕਾਰ ਨੇ ਅੱਜ ਤੋਂ ਪੰਜਾਬ ਅਤੇ ਹਰਿਆਣਾ ਵਿਚ ਝੋਨਾ ਖਰੀਦਣ ਦਾ ਐਲਾਨ ਕੀਤਾ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕੇਂਦਰ ਸਰਕਾਰ ਨੇ 1 ਅਕਤੂਬਰ ਦੀ ਬਜਾਏ 11 ਅਕਤੂਬਰ ਨੂੰ ਝੋਨਾ ਖਰੀਦਣ ਦਾ ਐਲਾਨ ਕੀਤਾ ਸੀ ਪਰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਇਸ ਮੁੱਦੇ ਨੂੰ ਲੈ ਕੇ ਕੇਂਦਰੀ ਮੰਤਰੀ ਅਸ਼ਵਨੀ ਚੌਬੇ ਨਾਲ ਵੀ ਮੁਲਾਕਾਤ ਕੀਤੀ ਸੀ ਜਿਸ ਵਿਚ ਇਹ ਐਲਾਨ ਕੀਤਾ ਗਿਆ ਸੀ।

ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਅਤੇ ਹਰਿਆਣਾ ਵਿਚ ਝੋਨੇ ਦੀ ਸਰਕਾਰੀ ਖਰੀਦ 10 ਦਿਨ ਲੇਟ ਕਰਨ ਤੋਂ ਬਾਅਦ ਕਿਸਾਨਾਂ ਵਿਚ ਕਾਫ਼ੀ ਰੋਸ ਪਾਇਆ ਜਾ ਰਿਹਾ ਸੀ। ਜਿਸ ਨੂੰ ਲੈ ਕੇ ਅੱਜ ਦੋਵੇਂ ਸੂਬਿਆਂ ਦੇ ਕਿਸਾਨਾਂ ਵੱਲੋਂ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕੀਤਾ ਗਿਆ ਸੀ ਅਤੇ ਕਈ ਥਾਵਾਂ 'ਤੇ ਕਿਸਾਨਾਂ ਦੀਆਂ ਪੁਲਿਸ ਨਾਲ ਝੜਪਾਂ ਹੋਣ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਹਨ।

ਦਰਅਸਲ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੀਤੇ ਦਿਨੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ ਸੀ। ਇਸ ਮੁਲਾਕਾਤ ਵਿਚ ਵੀ ਝੋਨੇ ਦੀ ਸਰਕਾਰੀ ਖਰੀਦ ਤੁਰੰਤ ਸ਼ੁਰੂ ਕਰਨ ਦੀ ਅਪੀਲ ਕੀਤੀ ਸੀ।

-PTC News

Related Post