ਕੇਂਦਰ ਸਰਕਾਰ ਸੰਗਤਾਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਹੋਇਆਂ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹੇ: ਪ੍ਰੋ. ਬਡੂੰਗਰ

By  Riya Bawa November 9th 2021 06:25 PM -- Updated: November 9th 2021 06:27 PM

ਪਟਿਆਲਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ ਕਿਰਪਾਲ ਸਿੰਘ ਬਡੂੰਗਰ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਰੋੜਾਂ ਲੋਕਾਂ ਦੀ ਆਸਥਾ ਨੂੰ ਮੁੱਖ ਰੱਖਦਿਆਂ ਹੋਇਆਂ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਤੁਰੰਤ ਖੋਲ੍ਹਿਆ ਜਾਵੇ। ਉਨ੍ਹਾਂ ਕਿਹਾ ਕਿ 19 ਨਵੰਬਰ ਨੂੰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਮੁੱਚੀ ਮਨੁੱਖਤਾ ਵੱਲੋਂ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ।

ਸੰਗਤਾਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਹੋਇਆਂ ਕੇਂਦਰ ਸਰਕਾਰ ਵੱਲੋਂ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮਨਾਉਣ ਦੀ ਖੁਸ਼ੀ ਸਾਂਝੀ ਕਰਨੀ ਚਾਹੀਦੀ ਹੈ। ਪ੍ਰੋ ਬਡੂੰਗਰ ਨੇ ਕਿਹਾ ਕਿ ਕੋਰੋਨਾ ਦੀ ਮਹਾਂਮਾਰੀ ਕਰਕੇ ਕੇਂਦਰ ਸਰਕਾਰ ਵੱਲੋਂ ਇਹ ਲਾਂਘਾ ਬੰਦ ਕਰ ਦਿੱਤਾ ਗਿਆ ਸੀ ਤੇ ਹੁਣ ਜਦ ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਘਟਣ ਕਾਰਨ ਸਾਰੇ ਕੰਮਕਾਜ ਨਿਰੋਲ ਰੂਪ ਵਿੱਚ ਚਾਲੂ ਹੋ ਗਏ ਹਨ ਤਾਂ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ ਦੇਣ ਵਿੱਚ ਵੀ ਕੋਈ ਦੇਰ ਨਹੀਂ ਕੀਤੀ ਜਾਣੀ ਚਾਹੀਦੀ।

ਪ੍ਰੋ. ਬਡੂੰਗਰ ਨੇ ਕਿਹਾ ਕਿ ਦੇਸ਼ਾਂ ਵਿਦੇਸ਼ਾਂ ਤੋਂ ਅੰਤਰਰਾਸ਼ਟਰੀ ਫਲਾਈਟਾਂ ਵੀ ਆਉਣੀਆਂ ਜਾਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਕੇਂਦਰ ਸਰਕਾਰ ਵੱਲੋਂ ਪੂਰੀ ਸੁਹਿਰਦਤਾ ਨਾਲ ਜੋ ਸ਼ਰਤਾਂ ਨਿਰਧਾਰਤ ਕੀਤੀਆਂ ਗਈਆਂ ਹਨ ਉਨ੍ਹਾਂ ਦੀ ਪਾਲਣਾ ਕਰਦਿਆਂ ਸੰਗਤਾਂ ਨੂੰ ਵੀ ਸੁਚੇਤ ਕਰਦਿਆਂ ਪਾਕਿਸਤਾਨ ਵਿੱਚ ਸਥਿਤ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹ ਕੇ ਉਤੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਅਸਥਾਨ ਦੇ ਦਰਸ਼ਨ ਕਰਨ ਦੀ ਖੁੱਲ੍ਹ ਦਿੱਤੀ ਜਾਣੀ ਚਾਹੀਦੀ ਹੈ।

-PTC News

Related Post