Tue, Dec 23, 2025
Whatsapp

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਾਕਾ ਸ੍ਰੀ ਪਾਉਂਟਾ ਸਾਹਿਬ ਦੀ ਯਾਦ ’ਚ ਸਮਾਗਮ

ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਪ੍ਰਬੰਧ ਨੂੰ ਮਹੰਤਾਂ ਤੋਂ ਅਜ਼ਾਦ ਕਰਵਾਉਣ ਸਮੇਂ 1964 ਨੂੰ ਵਾਪਰੇ ਸਾਕੇ ’ਚ ਸ਼ਹੀਦ ਹੋਏ ਸਿੰਘਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ।

Reported by:  PTC News Desk  Edited by:  Amritpal Singh -- May 23rd 2024 08:15 PM
ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਾਕਾ ਸ੍ਰੀ ਪਾਉਂਟਾ ਸਾਹਿਬ ਦੀ ਯਾਦ ’ਚ ਸਮਾਗਮ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਾਕਾ ਸ੍ਰੀ ਪਾਉਂਟਾ ਸਾਹਿਬ ਦੀ ਯਾਦ ’ਚ ਸਮਾਗਮ

ਅੰਮ੍ਰਿਤਸਰ- ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਪ੍ਰਬੰਧ ਨੂੰ ਮਹੰਤਾਂ ਤੋਂ ਅਜ਼ਾਦ ਕਰਵਾਉਣ ਸਮੇਂ 1964 ਨੂੰ ਵਾਪਰੇ ਸਾਕੇ ’ਚ ਸ਼ਹੀਦ ਹੋਏ ਸਿੰਘਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲੇ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਸਮਾਗਮ ਦੌਰਾਨ ਸੰਗਤ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਵਾਪਰੇ ਸਾਕੇ ’ਚ ਨਿਹੰਗ ਜਥੇਬੰਦੀ ਮਿਸਲ ਸ਼ਹੀਦਾਂ ਤਰਨਾ ਦਲ ਦੇ ਸਿੰਘਾਂ ਵੱਲੋਂ ਵੱਡੀਆਂ ਸ਼ਹਾਦਤਾਂ ਦੇ ਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਨੂੰ ਪੰਥਕ ਹੱਥਾਂ ਵਿਚ ਲਿਆ ਗਿਆ। ਇਸ ਸਾਕੇ ਨੂੰ ਆਪਣੇ ਸਰੀਰ ’ਤੇ ਹੰਢਾਉਣ ਵਾਲੇ ਨਿਹੰਗ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਕੌਮ ਦੀ ਸਤਿਕਾਰਤ ਸ਼ਖ਼ਸੀਅਤ ਹਨ, ਜੋ ਅੱਜ ਵੀ ਕੌਮ ਦੀ ਚੜ੍ਹਦੀ ਕਲਾ ਲਈ ਕਾਰਜਸ਼ੀਲ ਹਨ। ਉਨ੍ਹਾਂ ਕੌਮ ਨੂੰ ਅਪੀਲ ਕੀਤੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਇਕਜੁਟ ਹੋ ਕੇ ਪੰਥ ਵਿਰੋਧੀ ਸ਼ਕਤੀਆਂ ਦਾ ਟਾਕਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸ੍ਰੀ ਪਾਉਂਟਾ ਸਾਹਿਬ ਦਾ ਸਾਕਾ ਅਜ਼ਾਦ ਭਾਰਤ ਦੇ ਇਤਿਹਾਸ ’ਤੇ ਕਾਲਾ ਧੱਬਾ ਹੈ, ਕਿਉਂਕਿ ਇਹ ਸਰਕਾਰੀ ਸਰਪ੍ਰਸਤੀ ਹੇਠ ਕੀਤਾ ਗਿਆ ਸੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਹਕੂਮਤਾਂ ਸਦਾ ਹੀ ਸਿੱਖ ਵਿਰੋਧੀ ਮਨਸ਼ਾ ਨਾਲ ਕੰਮ ਕਰਦੀਆਂ ਰਹੀਆਂ ਹਨ। ਉਨ੍ਹਾਂ 1984 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕਾਂਗਰਸ ਸਰਕਾਰ ਵੱਲੋਂ ਕੀਤੇ ਹਮਲੇ ਦੀ 40ਵੀਂ ਸਾਲਾਨਾ ਯਾਦ ਵਿਚ 1 ਜੂਨ ਤੋਂ 6 ਜੂਨ ਤੱਕ ਹਰ ਸਿੱਖ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਗੁਰਬਾਣੀ ਜਾਪ ਕਰਕੇ ਸ਼ਹੀਦਾਂ ਨੂੰ ਸ਼ਰਧਾਜਲੀ ਅਰਪਤ ਕਰਨ ਦੀ ਅਪੀਲ ਵੀ ਕੀਤੀ।

ਇਸ ਦੌਰਾਨ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਕਿਹਾ ਕਿ ਗੁਰੂ ਘਰਾਂ ਅੰਦਰ ਪੰਥਕ ਮਰਯਾਦਾ ਬਹਾਲ ਰੱਖਣ ਲਈ ਕੌਮ ਨੇ ਹਮੇਸ਼ਾ ਹੀ ਕੁਰਬਾਨੀਆਂ ਦਿੱਤੀਆਂ ਹਨ ਅਤੇ ਸ੍ਰੀ ਪਾਉਂਟਾ ਸਾਹਿਬ ਦਾ ਪ੍ਰਬੰਧ ਲੈਣ ਲਈ ਇਹ ਸੇਵਾ ਗੁਰੂ ਸਾਹਿਬ ਵੱਲੋਂ ਮਿਸਲ ਸ਼ਹੀਦਾਂ ਤਰਨਾ ਦਲ ਦੇ ਸਿੰਘਾਂ ਨੂੰ ਪ੍ਰਾਪਤ ਹੋਈ। ਉਨ੍ਹਾਂ ਕਿਹਾ ਕਿ ਨਿਹੰਗ ਸਿੰਘ ਜਥੇਬੰਦੀ ਹਮੇਸ਼ਾ ਪੰਥਕ ਕਾਰਜਾਂ ਲਈ ਵੱਧ ਚੜ੍ਹ ਕੇ ਹਿੱਸਾ ਪਾਉਂਦੀ ਰਹੇਗੀ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਬਿਆਸੀ ਨੇ ਵੀ ਸੰਬੋਧਨ ਕੀਤਾ ਅਤੇ ਕਥਾ-ਵਿਚਾਰਾਂ ਕਰਦਿਆਂ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਸਾਕੇ ਦੇ ਇਤਿਹਾਸ ਨੂੰ ਸੰਗਤ ਨਾਲ ਸਾਂਝਾ ਕੀਤਾ।


ਸਮਾਗਮ ਸਮੇਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨ ਦਿੱਤਾ। ਇਸ ਮੌਕੇ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ  ਪ੍ਰਤਾਪ ਸਿੰਘ, ਓਐਸਡੀ ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ  ਕੁਲਵਿੰਦਰ ਸਿੰਘ ਰਮਦਾਸ,  ਬਲਵਿੰਦਰ ਸਿੰਘ ਕਾਹਲਵਾਂ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ  ਕੁਲਦੀਪ ਸਿੰਘ ਰੋਡੇ, ਬਲਵਿੰਦਰ ਸਿੰਘ ਖੈਰਾਬਾਦ, ਪ੍ਰੋ. ਸੁਖਦੇਵ ਸਿੰਘ, ਸ਼ਾਹਬਾਜ਼ ਸਿੰਘ, ਮਨਜੀਤ ਸਿੰਘ, ਹਰਭਜਨ ਸਿੰਘ ਵਕਤਾ, ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ  ਨਿਸ਼ਾਨ ਸਿੰਘ ਆਦਿ ਹਾਜ਼ਰ ਸਨ।

- PTC NEWS

Top News view more...

Latest News view more...

PTC NETWORK
PTC NETWORK