ਮੁੱਖ ਮੰਤਰੀ ਵੱਲੋਂ ਤਮਗਾ ਜੇਤੂ ਹਰਜਿੰਦਰ ਕੌਰ ਲਈ 40 ਲੱਖ ਰੁਪਏ ਦੇ ਨਗਦ ਇਨਾਮ ਦਾ ਐਲਾਨ

By  Riya Bawa August 2nd 2022 04:11 PM -- Updated: August 2nd 2022 04:14 PM

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਬਰਮਿੰਘਮ (ਯੂ.ਕੇ.) ਵਿਖੇ ਚੱਲ ਰਹੀਆਂ ਰਾਸ਼ਟਰਮੰਡਲ ਖੇਡਾਂ ਵਿੱਚ ਕਾਂਸੇ ਦਾ ਤਮਗਾ ਜਿੱਤਣ ਵਾਲੀ ਵੇਟਲਿਫਟਰ ਹਰਜਿੰਦਰ ਕੌਰ ਲਈ 40 ਲੱਖ ਰੁਪਏ ਦੇ ਨਗਦ ਇਨਾਮ ਦਾ ਐਲਾਨ ਕੀਤਾ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਹਰਜਿੰਦਰ ਕੌਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਨਾਭਾ ਨੇੜਲੇ ਪਿੰਡ ਮੈਹਸ ਦੀ ਉਭਰਦੀ ਖਿਡਾਰਨ ਨੇ ਇਸ ਵਿਲੱਖਣ ਪ੍ਰਾਪਤੀ ਨਾਲ ਮੁਲਕ ਦਾ ਨਾਂ ਰੌਸ਼ਨ ਕੀਤਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਖੇਡ ਨੀਤੀ ਅਨੁਸਾਰ ਉਸ ਨੂੰ 40 ਲੱਖ ਰੁਪਏ ਦਾ ਨਗਦ ਇਨਾਮ ਦੇਵੇਗੀ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਹਰਜਿੰਦਰ ਕੌਰ ਦੀ ਇਹ ਮਾਣਮੱਤੀ ਪ੍ਰਾਪਤੀ ਹੋਰਨਾਂ ਖਿਡਾਰੀਆਂ ਖਾਸ ਕਰਕੇ ਲੜਕੀਆਂ ਨੂੰ ਖੇਡਾਂ ਦੇ ਖੇਤਰ ਵਿੱਚ ਮੱਲਾਂ ਮਾਰਨ ਅਤੇ ਦੇਸ਼ ਦਾ ਨਾਮ ਚਮਕਾਉਣ ਲਈ ਪ੍ਰੇਰਿਤ ਕਰੇਗੀ।

ਇਹ ਵੀ ਪੜ੍ਹੋ: ਪੰਜਾਬੀ ਗੀਤਕਾਰ ਜਾਨੀ ਦੀ ਜਾਨ ਨੂੰ ਖ਼ਤਰਾ, ਸੁਰੱਖਿਆ ਲਈ CM ਮਾਨ ਨੂੰ ਲਿਖੀ ਚਿੱਠੀ

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਖੇਡਾਂ ਦੇ ਖੇਤਰ ਵਿੱਚ ਸਫਲਤਾ ਹਾਸਲ ਕਰਨ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕਰਨ ਲਈ ਵਚਨਬੱਧ ਹੈ ਅਤੇ ਇਨ੍ਹਾਂ ਖਿਡਾਰੀਆਂ ਨੂੰ ਨਗਦ ਇਨਾਮ ਦੇ ਕੇ ਹੌਂਸਲਾ ਵਧਾਇਆ ਜਾਵੇਗਾ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਕਿਹਾ ਕਿ ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨਾ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਭਗਵੰਤ ਮਾਨ ਨੇ ਕਿਹਾ ਕਿ ਖੇਡਾਂ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਦੂਰ ਕਰਨ ਲਈ ਉਨ੍ਹਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਵਰਤਣ ਲਈ ਧੁਰੇ ਵਜੋਂ ਕੰਮ ਕਰਨਗੀਆਂ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਵਿਦਿਅਕ ਸੰਸਥਾਵਾਂ ਵਿੱਚ ਵਿਦਿਆਰਥੀਆਂ ਨੂੰ ਚਰਿੱਤਰ ਨਿਰਮਾਣ ਦੀ ਪ੍ਰਕਿਰਿਆ ਵਜੋਂ ਖੇਡਾਂ ਨੂੰ ਅਪਣਾਉਣ ਲਈ ਵੀ ਪ੍ਰੇਰਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਖੇਡਾਂ ਨਾ ਸਿਰਫ਼ ਵਿਅਕਤੀ ਦੀ ਸਮੁੱਚੀ ਸ਼ਖ਼ਸੀਅਤ ਦਾ ਵਿਕਾਸ ਕਰਦੀਆਂ ਹਨ, ਸਗੋਂ ਉਨ੍ਹਾਂ ਅੰਦਰ ਸਵੈ-ਅਨੁਸ਼ਾਸਨ ਅਤੇ ਖੇਡ ਭਾਵਨਾ ਵਰਗੇ ਲੀਡਰਸ਼ਿਪ ਵਾਲੇ ਗੁਣਾਂ ਦੇ ਧਾਰਨੀ ਬਣਾ ਕੇ ਸਮਾਜ ਦੇ ਆਦਰਸ਼ ਨਾਗਰਿਕ ਬਣਾਉਂਦੀਆਂ ਹਨ।

Punjab Cabinet meeting to start at 11 am; key announcements likely

ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀਆਂ ਦੀ ਖੇਡਾਂ ਨਾਲ ਲੰਮੇਰੀ ਸਾਂਝ ਹੈ ਕਿਉਂਕਿ ਸੂਬੇ ਦੇ ਬਹੁਤ ਸਾਰੇ ਖਿਡਾਰੀਆਂ ਨੇ ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਵਿੱਚ ਆਪਣਾ ਮੁਕਾਮ ਬਣਾਇਆ ਹੈ। ਉਨ੍ਹਾਂ ਕਿਹਾ ਕਿ ਖੇਡਾਂ ਦੇ ਖੇਤਰ ਵਿੱਚ ਸੂਬੇ ਦੀ ਸ਼ਾਨ ਨੂੰ ਬਹਾਲ ਕਰਨ ਲਈ ਠੋਸ ਉਪਰਾਲੇ ਕੀਤੇ ਜਾਣਗੇ ਤਾਂ ਜੋ ਪੰਜਾਬ ਨੂੰ ਜਲਦੀ ਹੀ ਦੇਸ਼ ਭਰ ਵਿੱਚ ਖੇਡਾਂ ਦੇ ਖੇਤਰ ਵਿੱਚ ਮੋਹਰੀ ਰਾਜ ਬਣਾਇਆ ਜਾ ਸਕੇ।

-PTC News

Related Post