ਮੁੱਖ ਮੰਤਰੀ ਨੇ ਸੂਬੇ ਵਿੱਚ ਨਹਿਰੀ ਪ੍ਰਬੰਧ ਦੀ ਮਜ਼ਬੂਤੀ ਲਈ ਭਾਰਤ ਸਰਕਾਰ ਤੋਂ ਵਿਸ਼ੇਸ਼ ਪੈਕੇਜ ਮੰਗਿਆ

By  Pardeep Singh July 27th 2022 07:38 AM -- Updated: July 27th 2022 07:44 AM

ਨਵੀਂ ਦਿੱਲੀ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਤੋਂ ਸੂਬੇ ਵਿੱਚ ਨਹਿਰੀ ਪ੍ਰਬੰਧ ਨੂੰ ਨਵਿਆਉਣ ਲਈ ਵਿਸ਼ੇਸ਼ ਫੰਡ ਅਲਾਟ ਕਰਨ ਲਈ ਦਖ਼ਲ ਦੇਣ ਦੀ ਮੰਗ ਕੀਤੀ।

bgmann4

ਕੇਂਦਰੀ ਮੰਤਰੀ ਸ਼ੇਖਾਵਤ ਨਾਲ ਅੱਜ ਇੱਥੇ ਉਨ੍ਹਾਂ ਦੇ ਦਫ਼ਤਰ ਵਿੱਚ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਸੂਬੇ ਵਿੱਚ ਮੌਜੂਦਾ ਨਹਿਰੀ ਪ੍ਰਣਾਲੀ ਨੂੰ ਮਜ਼ਬੂਤ ਅਤੇ ਮੁਰੰਮਤ ਕਰਨ ਲਈ ਵਿਸ਼ੇਸ਼ ਪੈਕੇਜ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਅਜ਼ਾਦੀ ਤੋਂ ਪਹਿਲਾਂ ਬਣੀ ਅਪਰ ਬਾਰੀ ਦੁਆਬ ਨਹਿਰ (ਯੂ.ਬੀ.ਡੀ.ਸੀ.) ਦਾ ਹੁਣ ਬਹੁਤ ਬੁਰਾ ਹਾਲ ਹੈ, ਜਿਸ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਗਵੰਤ ਮਾਨ ਨੇ ਕੇਂਦਰੀ ਮੰਤਰੀ ਨੂੰ ਜਾਣੂੰ ਕਰਵਾਇਆ ਕਿ ਆਜ਼ਾਦੀ ਤੋਂ ਬਾਅਦ ਬਣੀਆਂ ਨਹਿਰਾਂ ਨੂੰ ਵੀ ਮਜ਼ਬੂਤ ਕਰਨ ਅਤੇ ਨਵਿਆਉਣ ਦੀ ਲੋੜ ਹੈ, ਜਿਸ ਲਈ ਕੇਂਦਰ ਸਰਕਾਰ ਨੂੰ ਸੂਬੇ ਨੂੰ ਵਿਸ਼ੇਸ਼ ਪੈਕੇਜ ਦੇਣਾ ਚਾਹੀਦਾ ਹੈ।

bgmann3

ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿਉਂਕਿ ਸੂਬੇ ਦੇ ਅਨਾਜ ਉਤਪਾਦਕਾਂ, ਜਿਨ੍ਹਾਂ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ-ਨਿਰਭਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ, ਨੂੰ ਸੂਬੇ ਵਿੱਚ ਖਸਤਾ ਹਾਲ ਨਹਿਰੀ ਸਿਸਟਮ ਕਾਰਨ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਇਸ ਸਬੰਧੀ ਸੂਬਾ ਸਰਕਾਰ ਵੱਲੋਂ ਪੇਸ਼ ਕੀਤੀਆਂ ਤਜਵੀਜ਼ਾਂ ਨੂੰ ਮਨਜ਼ੂਰੀ ਦੇਣ ਲਈ ਕੇਂਦਰੀ ਮੰਤਰੀ ਦੇ ਦਖ਼ਲ ਦੀ ਮੰਗ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਨਹਿਰਾਂ ਦੀ ਪਾਣੀ ਦੀ ਸਮਰੱਥਾ ਨੂੰ ਵਧਾਉਣ ਵਿੱਚ ਮਦਦ ਮਿਲੇਗੀ ਅਤੇ ਸੂਬੇ ਦੇ ਕਿਸਾਨਾਂ ਨੂੰ ਫਾਇਦਾ ਹੋਵੇਗਾ।

bgmann5

ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਨੂੰ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਨੇ ਸਤਲੁਜ ਦਰਿਆ ਦੀ ਸਹਾਇਕ ਨਦੀ, ਬੁੱਢੇ ਨਾਲੇ ਦੀ ਸਫ਼ਾਈ ਦਾ ਪ੍ਰੋਜੈਕਟ ਸ਼ੁਰੂ ਕੀਤਾ ਹੈ, ਜੋ ਲੁਧਿਆਣਾ ਜ਼ਿਲ੍ਹੇ ਵਿੱਚੋਂ ਲੰਘਦੇ ਦਰਿਆ ਦੇ ਲਗਭਗ ਬਰਾਬਰ ਚੱਲਦਾ ਹੈ ਅਤੇ ਆਖਰਕਾਰ ਦਰਿਆ ਵਿੱਚ ਰਲ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਨਾਲੇ ਦੀ ਕੁੱਲ ਲੰਬਾਈ 47.55 ਕਿਲੋਮੀਟਰ ਹੈ, ਜਿਸ ਵਿੱਚੋਂ 14 ਕਿਲੋਮੀਟਰ ਲੁਧਿਆਣਾ ਸ਼ਹਿਰ ਵਿੱਚੋਂ ਲੰਘਦਾ ਹੈ ਅਤੇ ਸ਼ਹਿਰ ਨੂੰ ਦੋ ਹਿੱਸਿਆਂ ਵਿੱਚ ਵੰਡਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਨਾਲੇ ਦੀ ਸਫ਼ਾਈ ਲਈ 850 ਕਰੋੜ ਰੁਪਏ ਦਾ ਪ੍ਰਾਜੈਕਟ ਸ਼ੁਰੂ ਕੀਤਾ ਹੈ, ਜਿਸ ਵਿੱਚ ਨਵੇਂ ਐਸ.ਟੀ.ਪੀਜ਼ ਅਤੇ ਸੀ.ਈ.ਟੀ.ਪੀਜ਼ ਦੀ ਉਸਾਰੀ ਤੋਂ ਇਲਾਵਾ ਮੌਜੂਦਾ ਨਾਲੇ ਨੂੰ ਅਪਗ੍ਰੇਡ ਕਰਨਾ ਸ਼ਾਮਲ ਹੈ।

bgmann4

ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਬੁੱਢੇ ਨਾਲੇ ਵਿੱਚ ਵੀ 200 ਕਿਊਸਿਕ ਤਾਜ਼ਾ ਪਾਣੀ ਛੱਡ ਰਹੀ ਹੈ। ਉਨ੍ਹਾਂ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਇਸ ਪ੍ਰੋਜੈਕਟ ਦਾ 54 ਫੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਇਹ ਮਾਰਚ 2023 ਤੱਕ ਪੂਰਾ ਕਰ ਲਿਆ ਜਾਵੇਗਾ। ਭਗਵੰਤ ਮਾਨ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਨਵੀਆਂ ਤਕਨੀਕਾਂ ਲਿਆਉਣ ਲਈ ਇਸ ਪ੍ਰੋਜੈਕਟ ਵਿੱਚ ਸੂਬਾ ਸਰਕਾਰ ਦੀ ਮਦਦ ਕਰੇ। ਇਸ ਦੌਰਾਨ ਕੇਂਦਰੀ ਮੰਤਰੀ ਨੇ ਭਗਵੰਤ ਮਾਨ ਨੂੰ ਪੂਰਨ ਸਹਿਯੋਗ ਅਤੇ ਤਾਲਮੇਲ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਸਰਕਾਰ ਦੀਆਂ ਮੰਗਾਂ ਉਤੇ ਹਮਦਰਦੀ ਨਾਲ ਵਿਚਾਰ ਕਰੇਗੀ। ਮੁੱਖ ਮੰਤਰੀ ਦੇ ਨਾਲ ਉਨ੍ਹਾਂ ਦੇ ਵਧੀਕ ਮੁੱਖ ਸਕੱਤਰ ਏ ਵੇਨੂ ਪ੍ਰਸਾਦ, ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ ਅਤੇ ਹੋਰ ਅਧਿਕਾਰੀ ਮੌਜੂਦ ਸਨ।

ਇਹ ਵੀ  ਪੜ੍ਹੋ:Leamanah Achievers Awards 2022-23: ਪੀਟੀਸੀ ਦੇ ਸੰਪਾਦਕ ਹਰਪ੍ਰੀਤ ਸਿੰਘ ਸਾਹਨੀ ਨੂੰ 'ਸਿੱਖ ਯੂਥ ਹਾਈ ਫਲਾਇਰਜ਼' ਦਾ ਮਿਲਿਆ ਖਿਤਾਬ

-PTC News

Related Post