ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਸਰਕਾਰ ਵੱਲੋਂ ਚੁੱਕੇ ਜਾ ਰਹੇ ਨੇ ਅਹਿਮ ਕਦਮ, ਮੁੱਖ ਸਕੱਤਰ ਨੇ ਦਿੱਤੇ ਇਹ ਆਦੇਸ਼

By  Jashan A August 11th 2021 04:50 PM

ਚੰਡੀਗੜ੍ਹ: ਸੂਬੇ 'ਚ ਕੋਰੋਨਾ ਮਹਾਂਮਾਰੀ ਨੂੰ ਕਾਬੂ ਕਰਨ ਅਤੇ ਇਸ ਦੇ ਫੈਲਾਅ ਦੀ ਰੋਕਥਾਮ ਲਈ ਮੁੱਖ ਸਕੱਤਰ ਵਿਨੀ ਮਹਾਜਨ ਨੇ ਸਬੰਧਤ ਵਿਭਾਗਾਂ ਨੂੰ ਆਰ.ਟੀ-ਪੀ.ਸੀ.ਆਰ. ਟੈਸਟਾਂ ਦੀ ਗਿਣਤੀ ਵਧਾਉਣ ਅਤੇ ਸਕੂਲਾਂ ਵਿੱਚ ਰੋਜ਼ਾਨਾ 10,000 ਆਰਟੀ-ਪੀਸੀਆਰ ਟੈਸਟ ਕਰਨ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਕੋਵਿਡ ਰੋਕੂ ਟੀਕੇ ਦੀਆਂ ਦੋਵੇਂ ਖੁਰਾਕਾਂ ਲਗਵਾਉਣ ਵਾਲੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਨੂੰ ਹੀ ਸਕੂਲ ਆਉਣ ਦੀ ਆਗਿਆ ਦਿੱਤੀ ਜਾਵੇ।

ਉਨ੍ਹਾਂ ਨਿਰਦੇਸ਼ ਦਿੱਤੇ ਕਿ ਰੋਜ਼ਾਨਾ 40,000 ਨਮੂਨੇ ਲੈਣ ਦੇ ਟੀਚੇ ਨੂੰ ਲਾਜ਼ਮੀ ਤੌਰ `ਤੇ ਪੂਰਾ ਕੀਤਾ ਜਾਵੇ ਅਤੇ ਜੇ ਕੋਵਿਡ ਦੇ ਮਾਮਲੇ ਵਧਦੇ ਹਨ ਤਾਂ ਟੈਸਟਿੰਗ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ।

ਹੋਰ ਪੜ੍ਹੋ: ਹਿਮਾਚਲ ਪ੍ਰਦੇਸ਼ ਦੇ ਕਿੰਨੌਰ ‘ਚ ਡਿੱਗੀਆਂ ਚੱਟਾਨਾਂ, ਮਲਬੇ ਹੇਠ ਦੱਬੇ 30-35 ਯਾਤਰੀ

ਸਿਹਤ, ਮੈਡੀਕਲ ਸਿੱਖਿਆ ਅਤੇ ਸਕੂਲ ਸਿੱਖਿਆ ਦੇ ਸੀਨੀਅਰ ਅਧਿਕਾਰੀਆਂ ਅਤੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਸੂਬੇ ਵਿੱਚ ਕੋਵਿਡ ਦੇ ਹਾਲਾਤਾਂ ਦੀ ਸਮੀਖਿਆ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਗੁਆਂਢੀ ਰਾਜਾਂ, ਜਿੱਥੇ ਵਾਇਰਸ ਦੇ ਮਾਮਲੇ ਫਿਰ ਤੋਂ ਵਧ ਰਹੇ ਹਨ, ਤੋਂ ਪੰਜਾਬ ਵਿੱਚ ਲੋਕਾਂ ਦੀ ਆਵਾਜਾਈ 'ਤੇ ਚਿੰਤਾ ਜ਼ਾਹਿਰ ਕੀਤੀ ਅਤੇ ਆਗਾਮੀ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਅਧਿਕਾਰੀਆਂ ਨੂੰ ਪਾਜ਼ੇਟੇਵਿਟੀ ਦਰ `ਤੇ ਨਜ਼ਰ ਰੱਖਣ ਲਈ ਕਿਹਾ। ਉਨ੍ਹਾਂ ਕਿਹਾ ਕਿ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਵਧੇਰੇ ਚੌਕਸ ਰਹਿਣ ਦੀ ਲੋੜ ਹੈ।

ਜ਼ਿਕਰ ਏ ਖਾਸ ਹੈ ਕਿ ਪੰਜਾਬ 'ਚ ਲਗਾਤਾਰ ਕੋਰੋਨਾ ਦਾ ਕਹਿਰ ਵਧਦਾ ਜਾ ਰਿਹਾ ਹੈ। ਪੰਜਾਬ ਦੇ ਸਕੂਲਾਂ 'ਚ ਵੀ ਕੋਰੋਨਾ ਦੇ ਕੇਸ ਆਉਣ ਨਾਲ ਹੜਕੰਪ ਮਚਿਆ ਹੋਇਆ ਹੈ। ਪੰਜਾਬ ਦੇ ਲੁਧਿਆਣਾ, ਟਾਂਡਾ ਅਤੇ ਅਬੋਹਰ ਦੇ ਕਈ ਸਕੂਲਾਂ 'ਚ ਬੱਚੇ ਕੋਰੋਨਾ ਪਾਜ਼ਿਟਿਵ ਪਾਏ ਗਏ ਹਨ, ਜਿਸ ਤੋਂ ਬਾਅਦ ਬੱਚਿਆਂ ਦੀ ਸੁਰੱਖਿਆ ਲਈ ਸਰਕਾਰ ਵੱਲੋਂ ਅਹਿਮ ਕਦਮ ਚੁੱਕੇ ਜਾ ਰਹੇ ਹਨ।

-PTC News

Related Post