ਪਟਿਆਲਾ 'ਚ ਪੁਲਿਸ ਤੇ ਬੇਰੁਜ਼ਗਾਰ ਅਧਿਆਪਕਾਂ ਵਿਚਾਲੇ ਹੋਈ ਝੜਪ

By  Riya Bawa August 25th 2021 06:56 PM -- Updated: August 25th 2021 07:09 PM

ਪਟਿਆਲਾ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਪਣੇ ਸ਼ਾਹੀ ਸ਼ਹਿਰ ਵਿਚ ਅਧਿਆਪਕਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਬੇਰੁਜ਼ਗਾਰ ਸਾਂਝਾ ਮੋਰਚਾ ਦੀ ਅਗਵਾਈ ਵਿੱਚ ਸੈਂਕੜੇ ਬੇਰੁਜ਼ਗਾਰਾਂ ਨੇ ਅੱਜ ਫਿਰ ਤੋਂ ਮੋਤੀ ਮਹਿਲ ਤੱਕ ਜ਼ੋਰਦਾਰ ਰੋਸ ਮਾਰਚ ਕਰਕੇ ਮੋਤੀ ਮਹਿਲ ਦਾ ਘਿਰਾਓ ਕੀਤਾ। ਪੋਸਟਾਂ ਭਰੇ ਜਾਣ ਨੂੰ ਲੈ ਕੇ ਅਧਿਆਪਕਾਂ ਵਿੱਚ ਵੱਡਾ ਰੋਸ ਵਿਖਾਈ ਦਿੱਤਾ ਅਤੇ ਮਾਰਚ ਕਰਦਿਆਂ ਉਨ੍ਹਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ।

ਇਸ ਦੌਰਾਨ ਅਧਿਆਪਕਾਂ ਤੇ ਪੁਲਿਸ ਵਿਚਾਲੇ ਝੜਪ ਹੋ ਗਈ। ਪ੍ਰਦਰਸ਼ਨਕਾਰੀ ਜਿਵੇਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਨਿਊ ਮੋਤੀ ਬਾਗ ਪੈਲੇਸ ਨੇੜੇ ਪੁੱਜੇ ਤੇ ਉਨ੍ਹਾਂ ਬੈਰੀਕੇਡਾਂ ਤੋਂ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਸਖ਼ਤੀ ਤੋਂ ਕੰਮ ਲਿਆ।ਇਸ ਮੌਕੇ ਵੱਡੀ ਗਿਣਤੀ ਵਿਚ ਇਕੱਠੇ ਹੋਏ ਅਧਿਆਪਕਾਂ ਨੂੰ ਰੋਕਣ ਲਈ ਪੁਲਸ ਪ੍ਰਸ਼ਾਸਨ ਨੇ ਪੁਖ਼ਤਾ ਇੰਤਜ਼ਾਮ ਕੀਤੇ ਹੋਏ ਸਨ ਪਰ ਬੇਰੁਜ਼ਗਾਰ ਅਧਿਆਪਕ ਮੁੱਖ ਮੰਤਰੀ ਨੂੰ ਮਿਲਣ ਲਈ ਮੋਤੀ ਮਹਿਲ ਵਿੱਚ ਜਾਣ ਲਈ ਬਜ਼ਿੱਦ ਸਨ, ਜਿਸ ਦੌਰਾਨ ਬੇਰੁਜ਼ਗਾਰਾਂ ਦੀ ਪੁਲਸ ਪ੍ਰਸ਼ਾਸਨ ਨਾਲ ਜ਼ਬਰਦਸਤ ਧੱਕਾ-ਮੁੱਕੀ ਹੋਈ।

ਇਸ ਝੜਪ ਦੌਰਾਨ ਕੁਝ ਬੇਰੁਜ਼ਗਾਰ ਜ਼ਖ਼ਮੀ ਵੀ ਪਾਏ ਗਏ ਹਨ। ਗੌਰਤਲਬ ਹੈ ਕਿ ਪਿਛਲੇ ਲੰਮੇ ਸਮੇਂ ਤੋਂ ਇਹ ਬੇਰੁਜ਼ਗਾਰ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਸੰਗਰੂਰ ਕੋਠੀ ਅੱਗੇ ਪੱਕਾ ਧਰਨਾ ਬੇਰੁਜ਼ਗਾਰ ਸਾਂਝੇ ਮੋਰਚੇ ਦੀ ਅਗਵਾਈ ਵਿੱਚ ਚੱਲ ਰਿਹਾ ਹੈ।

-PTC News

Related Post