ਮੁੱਖ ਮੰਤਰੀ ਵੱਲੋਂ ਸ਼ਹੀਦ ਸਿਪਾਹੀ ਮਨਜੀਤ ਸਿੰਘ ਦੇ ਪਰਿਵਾਰ ਨੂੰ 50 ਲੱਖ ਰੁਪਏ ਦੇਣ ਦਾ ਐਲਾਨ

By  Riya Bawa October 31st 2021 04:27 PM -- Updated: October 31st 2021 04:28 PM

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸ਼ਹੀਦ ਸਿਪਾਹੀ ਮਨਜੀਤ ਸਿੰਘ, ਜਿਸਨੇ ਨੌਸ਼ਹਿਰਾ ਸੈਕਟਰ (ਜੰਮੂ ਅਤੇ ਕਸ਼ਮੀਰ) ਵਿੱਚ ਦੇਸ਼ ਦੀ ਸੇਵਾ ਕਰਦਿਆਂ ਆਪਣੀ ਜਾਨ ਕੁਰਬਾਨ ਕਰ ਦਿੱਤੀ, ਦੇ ਪਰਿਵਾਰ ਨੂੰ 50 ਲੱਖ ਰੁਪਏ ਐਕਸ ਗ੍ਰੇਸ਼ੀਆ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ।

ਬਹਾਦਰ ਸਿਪਾਹੀ ਦੇ ਦੁਖੀ ਪਰਿਵਾਰ ਨਾਲ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕਰਦਿਆਂ ਸ਼ਹੀਦ ਵੱਲੋਂ ਵਿਖਾਈ ਗਈ ਸਮਰਪਿਤ ਭਾਵਨਾ ਉਨ੍ਹਾਂ ਦੇ ਸਾਥੀ ਸੈਨਿਕਾਂ ਨੂੰ ਆਪਣੀ ਡਿਊਟੀ ਹੋਰ ਵੀ ਤਨਦੇਹੀ ਅਤੇ ਸਮਰਪਣ ਨਾਲ ਨਿਭਾਉਣ ਲਈ ਹਮੇਸ਼ਾ ਪ੍ਰੇਰਿਤ ਕਰਦੀ ਰਹੇਗੀ।

17 ਸਿੱਖ ਰੈਜ਼ੀਮੈਂਟ ਨਾਲ ਸਬੰਧਤ ਸਿਪਾਹੀ ਮਨਜੀਤ ਸਿੰਘ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਖੇੜਾ ਕੋਟਲੀ (ਤਹਿਸੀਲ ਦਸੂਹਾ) ਦਾ ਰਹਿਣ ਵਾਲਾ ਸੀ। ਉਸ ਦਾ ਅਜੇ ਵਿਆਹ ਨਹੀਂ ਹੋਇਆ ਸੀ ਅਤੇ ਉਹ ਆਪਣੇ ਪਿੱਛੇ ਮਾਤਾ-ਪਿਤਾ, ਚਾਰ ਭੈਣਾਂ ਅਤੇ ਇੱਕ ਭਰਾ ਛੱਡ ਗਿਆ ਹੈ।

-PTC News

Related Post