CM ਚੰਨੀ ਆਪਣੇ ਪਰਿਵਾਰ ਤੇ ਵਜ਼ਾਰਤ ਨਾਲ ਸ੍ਰੀ ਕਰਤਾਰਪੁਰ ਸਾਹਿਬ ਹੋਏ ਨਤਮਸਤਕ

By  Riya Bawa November 18th 2021 03:47 PM

ਡੇਰਾ ਬਾਬਾ ਨਾਨਕ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਆਪਣੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਸਮੇਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਨਤਮਸਤਕ ਹੋਏ। ਜ਼ੀਰੋ ਲਾਈਨ 'ਤੇ ਉਨ੍ਹਾਂ ਦਾ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਉਚ ਅਧਿਕਾਰੀਆਂ ਵਲੋਂ ਸਿਰੋਪਾਓ ਪਾ ਕੇ ਸਵਾਗਤ ਕੀਤਾ ਗਿਆ। ਕੈਬਨਿਟ ਮੰਤਰੀਆਂ ਨੂੰ ਗੁਲਦਸਤੇ ਵੀ ਭੇਂਟ ਕੀਤੇ ਗਏ।

ਦੱਸ ਦੇਈਏ ਕਿ ਚਰਨਜੀਤ ਸਿੰਘ ਚੰਨੀ ਦੇ ਨਾਲ ਉਨ੍ਹਾਂ ਦੀ ਪਤਨੀ ਤੇ ਹੋਰ ਪਰਿਵਾਰਕ ਮੈਂਬਰ ਵੀ ਸਨ। ਇਸ ਮੌਕੇ ਚੰਨੀ ਨਾਲ ਮਨਪ੍ਰੀਤ ਸਿੰਘ ਬਾਦਲ, ਵਿਜੈ ਇੰਦਰ ਸਿੰਗਲਾ, ਰਾਣਾ ਗੁਰਜੀਤ ਸਿੰਘ ਹਰਪ੍ਰਤਾਪ ਸਿੰਘ ਅਜਨਾਲਾ, ਬਰਿੰਦਰਮੀਤ ਸਿੰਘ ਪਾਹੜਾ ਆਦਿ ਹਾਜ਼ਰ ਸਨ।

ਇਸ ਤੋਂ ਪਹਿਲਾ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੁੱਲ੍ਹ ਜਾਣ ਨੂੰ ਇਤਿਹਾਸਕ ਪਲ ਕਰਾਰ ਦਿੰਦੇ ਹੋਏ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਬਹੁਤ ਖੁਸ਼ਨੁਮਾ ਮੌਕਾ ਹੈ ਕਿਉਂ ਜੋ ਇਹ ਲਾਂਘਾ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੂੰ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਸਹੂਲਤ ਪ੍ਰਦਾਨ ਕਰਦਾ ਹੈ।

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਨਾਲ ਸਿੱਖ ਸੰਗਤ ਵੱਲੋਂ ਲੰਮੇ ਸਮੇਂ ਤੋਂ ਕੀਤੀ ਜਾ ਰਹੀਆਂ ਅਰਦਾਸਾਂ ਪੂਰੀਆਂ ਹੋਈਆਂ ਹਨ ਅਤੇ ਹੁਣ ਉਹ ਬਿਨਾ ਕਿਸੇ ਰੁਕਾਵਟ ਤੋਂ ਪਵਿੱਤਰ ਅਸਥਾਨ ਦੇ ਦਰਸ਼ਨ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਲਾਂਘਾ ਮੁੜ ਖੁੱਲ੍ਹਣ ਨਾਲ ਭਾਰਤੀ ਸ਼ਰਧਾਲੂਆਂ ਨੂੰ ਕਰਤਾਰਪੁਰ ਸਾਹਿਬ ਜਾਣ ਲਈ ਮਹਿਜ਼ ਪਰਮਿਟ ਹਾਸਲ ਕਰਨ ਨਾਲ ਵੀਜ਼ਾ-ਮੁਕਤ ਜਾਣ ਦੀ ਸਹੂਲਤ ਮਿਲੇਗੀ।

-PTC News

Related Post