ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ CM ਚਰਨਜੀਤ ਸਿੰਘ ਚੰਨੀ

By  Riya Bawa September 22nd 2021 08:51 AM -- Updated: September 22nd 2021 08:56 AM

ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਉਪ ਮੁੱਖ ਮੰਤਰੀ ਓਪੀ ਸੋਨੀ ਤੋਂ ਇਲਾਵਾ ਕਈ ਕੈਬਨਿਟ ਮੰਤਰੀ ਅਤੇ ਵਿਧਾਇਕ ਵੀ ਹਾਜ਼ਰ ਸਨ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਉਹ ਪਾਲਕੀ ਸਾਹਿਬ ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜੇ। ਉਥੇ ਉਨ੍ਹਾਂ ਨੇ ਕਾਫ਼ੀ ਲੰਮਾ ਸਮਾਂ ਬੈਠ ਕੇ ਕੀਰਤਨ ਵੀ ਸਰਵਨ ਕੀਤਾ। ਇਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੀਡਿਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸੂਬੇ ਵਿਚ ਰਾਜ ਧਰਮ ਅਨੁਸਾਰ ਚਲਾਇਆ ਜਾਵੇਗਾ। ਹਰ ਧਰਮ ਤੇ ਵਰਗ ਦਾ ਸਤਿਕਾਰ ਕੀਤਾ ਜਾਵੇਗਾ। ਸੂਬੇ ਵਿੱਚ ਆਪਸੀ ਮੇਲ ਮਿਲਾਪ ਤੇ ਪਿਆਰ ਨੂੰ ਵਧਾਇਆ ਜਾਵੇਗਾ। ਸੂਬੇ ਦੇ ਕਾਂਗਰਸ ਪਾਰਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਜਿਹੜੀ ਰਾਜਨੀਤੀ ਮੁੱਦਿਆਂ ਤੋਂ ਭਟਕ ਗਈ ਸੀ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਉਸ ਨੂੰ ਮੁੜ ਮੁੱਦਿਆਂ ਉਤੇ ਲੈ ਕੇ ਆਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਦੋ ਦਿਨਾਂ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਲ ਰਹਿ ਕੇ ਜੋ ਪਿਛਲੇ ਦੋ ਦਿਨਾਂ ਵਿਚ ਮਹਿਸੂਸ ਕੀਤਾ ਹੈ, ਉਹ ਪਿਛਲੇ ਸਤਾਰਾਂ ਸਾਲ ਵਿੱਚ ਮਹਿਸੂਸ ਨਹੀਂ ਕੀਤਾ। ਜੇਕਰ ਅਸੀਂ ਲੋਕ ਮਸਲਿਆਂ ਹੱਲ ਨਹੀਂ ਕਰ ਸਕਦੇ ਤਾਂ ਅਸੀਂ ਸੱਚੇ ਸਿੱਖ ਨਹੀਂ ਹੈ। ਸਰਕਾਰ ਵਿਚ ਮੈਰਿਟ ਦੇ ਆਧਾਰ ਉਤੇ ਸਨਮਾਨ ਹੋਵੇਗਾ। ਹਰ ਕਾਂਗਰਸੀ ਹੱਕ ਤੇ ਸੱਚ ਦੀ ਲੜਾਈ ਲੜੇਗੀ। ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਵਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਅਤੇ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਉਪਰੰਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜਲ੍ਹਿਆਂਵਾਲੇ ਬਾਗ ਵਿੱਚ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। -PTC News

Related Post