ਮੁੱਖ ਮੰਤਰੀ ਵੱਲੋਂ ਨਸ਼ਾ ਛੁਡਾੳੂ ਕੇਂਦਰਾਂ ਲਈ ਸੇਵਾ-ਮੁਕਤ ਅਤੇ ਪ੍ਰਾਈਵੇਟ ਮਨੋਰੋਗੀ ਮਾਹਿਰਾਂ ਦੀਆਂ ਸੇਵਾਵਾਂ ਹਾਸਲ ਕਰਨ ਦੇ ਹੁਕਮ

By  Shanker Badra July 16th 2018 08:04 PM

ਮੁੱਖ ਮੰਤਰੀ ਵੱਲੋਂ ਨਸ਼ਾ ਛੁਡਾੳੂ ਕੇਂਦਰਾਂ ਲਈ ਸੇਵਾ-ਮੁਕਤ ਅਤੇ ਪ੍ਰਾਈਵੇਟ ਮਨੋਰੋਗੀ ਮਾਹਿਰਾਂ ਦੀਆਂ ਸੇਵਾਵਾਂ ਹਾਸਲ ਕਰਨ ਦੇ ਹੁਕਮ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬਾ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਨੂੰ ਹੋਰ ਮਜ਼ਬੂਤ ਬਣਾਉਣ ਲਈ ਕਈ ਹਦਾਇਤਾਂ ਜਾਰੀ ਕੀਤੀਆਂ ਹਨ।ਮੁੱਖ ਮੰਤਰੀ ਨੇ ਨਸ਼ਾ ਛੁਡਾੳੂ ਕੇਂਦਰਾਂ ਵਿੱਚ ਮਰੀਜ਼ਾਂ ਦੀ ਲਗਾਤਾਰ ਵੱਧ ਰਹੀ ਤਾਦਾਦ ਦੇ ਮੱਦੇਨਜ਼ਰ ਮਨੋਰੋਗਾਂ ਦੇ ਸੇਵਾ-ਮੁਕਤ ਮਾਹਿਰਾਂ ਦੀਆਂ ਸੇਵਾਵਾਂ ਲੈਣ ਅਤੇ ਪ੍ਰਾਈਵੇਟ ਮਾਹਿਰਾਂ ਦੀਆਂ ਪੂਰਾ ਸਮਾਂ ਜਾਂ ਪਾਰਟ ਟਾਈਮ ਸੇਵਾਵਾਂ ਹਾਸਲ ਕਰਨ ਦੇ ਹੁਕਮ ਦਿੱਤੇ।ਵੱਖ-ਵੱਖ ਸਰਕਾਰੀ ਏਜੰਸੀਆਂ ਵੱਲੋਂ ਹੁਣ ਤੱਕ ਚੁੱਕੇ ਨਸ਼ਾ ਵਿਰੋਧੀ ਕਦਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਗਠਿਤ ਕੀਤੀ ਕੈਬਨਿਟ ਸਬ-ਕਮੇਟੀ ਦੀ ਹਫ਼ਤਾਵਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸਬੰਧਤ ਵਿਭਾਗਾਂ ਅਤੇ ਅਧਿਕਾਰੀਆਂ ਨੂੰ ਨਸ਼ਾ ਛੁਡਾੳੂ ਤੇ ਮੁੜ ਵਸੇਬਾਂ ਕੇਂਦਰਾਂ ਵਿੱਚ ਨਸ਼ਾ ਛੱਡਣ ਲਈ ਆਉਂਦੇ ਵਿਅਕਤੀਆਂ ਅਤੇ ਉਨਾਂ ਦੇ ਪਰਿਵਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਰਣਨੀਤੀ ਘੜਨ ਦੇ ਹੁਕਮ ਦਿੱਤੇ।ਇਸ ਦੇ ਨਾਲ ਹੀ ਉਨਾਂ ਨੇ ਨਸ਼ਿਆਂ ਦੀ ਲਾਹਨਤ ਬਾਰੇ ਪ੍ਰਭਾਵਸ਼ਾਲੀ ਢੰਗ ਨਾਲ ਜਾਗਰੂਕਤਾ ਫੈਲਾਉਣ ਲਈ ਵਿਆਪਕ ਮੀਡੀਆ ਮੁਹਿੰਮ ਆਰੰਭਣ ਦੀ ਵੀ ਹਦਾਇਤ ਕੀਤੀ। ਮੁੱਖ ਮੰਤਰੀ ਨੇ ਜ਼ਿਲਾ ਅਥਾਰਟੀਆਂ ਨੂੰ ਤੈਅ ਨੇਮਾਂ ਦੀ ਸਰਾਸਰ ਉਲੰਘਣਾ ਕਰਕੇ ਵੱਡੀ ਮਾਤਰਾ ’ਚ ਬੁਪਰੀਨੋਰਫੀਨ-ਨੈਲੋਕਸਏਨ ਦਵਾਈ ਦੀ ਵਿਕਰੀ ਕਰਨ ਵਾਲੇ ਕੇਂਦਰਾਂ ਵਿਰੁੱਧ ਕਾਰਵਾਈ ਕਰਨ ਲਈ ਵੀ ਆਖਿਆ।ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ ਸੂਬਾ ਸਰਕਾਰ ਦੇ ਨਸ਼ਾ ਵਿਰੋਧੀ ਕਦਮਾਂ ਨੂੰ ਹੋਰ ਅੱਗੇ ਵਧਾਉਣ ਲਈ ਪੰਜਾਬ ਵਿੱਚ ਹੋਰ ਪ੍ਰਾਈਵੇਟ ਨਸ਼ਾ ਛੁਡਾੳੂ ਕੇਂਦਰਾਂ ਦੀ ਸਥਾਪਨਾ ਕਰਨ ਵਾਸਤੇ ਵਿੱਤੀ ਗਰਾਂਟ ਹਾਸਲ ਕਰਨ ਲਈ ਕੇਂਦਰੀ ਸਮਾਜਿਕ ਸ਼ਸ਼ਕਤੀਕਰਨ ਅਤੇ ਨਿਆਂ ਮੰਤਰਾਲੇ ਕੋਲ ਪਹੁੰਚ ਕਰਨ ਲਈ ਆਖਿਆ।ਸਰਕਾਰ ਦੇ ਵੱਖ-ਵੱਖ ਨਸ਼ਾ ਵਿਰੋਧੀ ਪ੍ਰੋਗਰਾਮਾਂ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਣਕਾਰੀ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਕਿਹਾ ਕਿ ਇਨਾਂ ਪ੍ਰੋਗਰਾਮਾਂ ਵਿੱਚ ਐਸ.ਡੀ.ਐਮ., ਬੀ.ਡੀ.ਪੀ.ਓ. ਅਤੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਵੀ ਸ਼ਾਮਲ ਕੀਤਾ ਜਾਵੇ।ਉਨਾਂ ਕਿਹਾ ਕਿ ਨੇੜਲੇ ਓ.ਓ.ਏ.ਟੀ. ਸੈਂਟਰਾਂ ਦੀ ਸੂਚੀ ਸਾਰੇ ਸ਼ਹਿਰਾਂ,ਕਸਬਿਆਂ ਅਤੇ ਪਿੰਡਾਂ ਦੇ ਬੱਸ ਅੱਡਿਆਂ,ਸਰਕਾਰੀ ਹਸਪਤਾਲਾਂ ਅਤੇ ਸਿਵਲ ਡਿਸਪੈਂਸਰੀਆਂ ਸਮੇਤ ਪ੍ਰਮੁੱਖ ਥਾਵਾਂ ’ਤੇ ਜਨਤਕ ਕਰਨੀ ਚਾਹੀਦੀ ਹੈ। ਮੁੱਖ ਮੰਤਰੀ ਨੇ ਸਬੰਧਤ ਜ਼ਿਲਿਆਂ ਦੇ ਮੰਤਰੀਆਂ ਨੂੰ ਵਿਧਾਇਕਾਂ ਸਮੇਤ ਨਿਰੰਤਰ ਮੀਟਿੰਗਾਂ ਕਰਨ ਲਈ ਵੀ ਆਖਿਆ ਤਾਂ ਕਿ ਸਰਕਾਰੀ ਨਸ਼ਾ ਛੁਡਾੳੂ ਤੇ ਮੁੜ ਵਸੇਬਾਂ ਕੇਂਦਰਾਂ ਵਿੱਚ ਨਸ਼ਾ ਛੱਡਣ ਵਾਲਿਆਂ ਨੂੰ ਮੁਹੱਈਆ ਕਰਵਾਏ ਜਾ ਰਹੇ ਇਲਾਜ ’ਤੇ ਨਜ਼ਰ ਰੱਖੀ ਜਾ ਸਕੇ।ਬਾਹਰੀ ਮਰੀਜ਼ਾਂ ਦਾ ਬਦਲਵੀਂ ਵਿਧੀ ਰਾਹੀਂ ਇਲਾਜ ਕਰਨ ਵਾਲੇ ਓ.ਓ.ਏ.ਟੀ. ਸੈਂਟਰਾਂ ਅਤੇ ਨਸ਼ਾ ਛੁਡਾੳੂ ਕੇਂਦਰਾਂ ਦੇ ਕੰਮ ਵਿੱਚ ਤੈਅ ਪ੍ਰਿਆ ਦੀ ਪਾਲਣਾ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਮੁੱਖ ਮੰਤਰੀ ਨੇ ਮੌਜੂਦਾ ਪ੍ਰਾਈਵੇਟ ਕੇਂਦਰਾਂ ਵਿੱਚ ਮਾਨਵੀ ਸ਼ਕਤੀ ਅਤੇ ਹੋਰ ਸਹੂਲਤਾਂ ਦੇ ਰੂਪ ਵਿੱਚ ਢੁਕਵਾਂ ਬੁਨਿਆਦੀ ਢਾਂਚਾ ਨੂੰ ਨਿਸ਼ਚਤ ਕਰਨ ਲਈ ਇਨਾਂ ਕੇਂਦਰਾਂ ਦਾ ਫੌਰੀ ਨਿਰੀਖਣ ਕਰਨ ਦੇ ਹੁਕਮ ਦਿੱਤੇ।ਉਨਾਂ ਕਿਹਾ ਕਿ ਜੇਕਰ ਜ਼ਿਲਾ ਅਥਾਰਟੀ ਇਹ ਸਮਝਦੀ ਹੈ ਕਿ ਕੋਈ ਨਸ਼ਾ ਛੁਡਾੳੂ ਕੇਂਦਰ ਘੱਟੋ-ਘੱਟ ਲੋੜੀਂਦੇ ਮਾਪਦੰਡਾਂ ’ਤੇ ਵੀ ਖਰਾ ਨਹੀਂ ਉਤਰਦਾ ਜਾਂ ਲੋੜੀਂਦੀਆਂ ਸੇਵਾਵਾਂ ਮੁਹੱਈਆ ਨਹੀਂ ਕਰਵਾਉਂਦਾ ਤਾਂ ਅਜਿਹੇ ਕੇਂਦਰ ਨੂੰ ਬੰਦ ਕਰਨ ਦੀ ਸਿਫਾਰਸ਼ ਕੀਤੀ ਜਾ ਸਕਦੀ ਹੈ। -PTCNews

Related Post