ਮੁੱਖ ਮੰਤਰੀ ਨੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਮਾਰੋਹਾਂ ਲਈ SGPC ਤੋਂ ਸਹਾਇਤਾ ਪ੍ਰਾਪਤ ਕਰਨ ਲਈ ਮੰਤਰੀਆਂ ਦੇ ਸਮੂਹ ਨੂੰ ਕਿਹਾ

By  Jashan A June 20th 2019 08:51 PM

ਮੁੱਖ ਮੰਤਰੀ ਨੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਮਾਰੋਹਾਂ ਲਈ SGPC ਤੋਂ ਸਹਾਇਤਾ ਪ੍ਰਾਪਤ ਕਰਨ ਲਈ ਮੰਤਰੀਆਂ ਦੇ ਸਮੂਹ ਨੂੰ ਕਿਹਾ ,

ਚੰਡੀਗੜ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਵਾਸਤੇ ਸਾਂਝੇ ਮੰਚ ਲਈ ਸੂਬਾ ਸਰਕਾਰ ਦੀ ਮਦਦ ਕਰਨ ਲਈ ਸ਼੍ਰੋਮਣੀ ਗੁਰਦਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ) ਤੱਕ ਪਹੁੰਚ ਕਰਨ ਲਈ ਮੰਤਰੀਆਂ ਦੇ ਸਮੂਹ (ਜੀ.ਓ.ਐਮ.) ਨੂੰ ਆਖਿਆ ਹੈ। ਪ੍ਰਕਾਸ਼ ਪੁਰਬ ਨੂੰ ਮਨਾਉਣ ਵਾਲੀ ਕਾਰਜਕਾਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਿਆਰ, ਸ਼ਾਂਤੀ, ਸਦਭਾਵਨਾ ਅਤੇ ਭਾਈਚਾਰੇ ਦੇ ਸੰਦੇਸ਼ ਦੀ ਤਰਜ ’ਤੇ ਇਸ ਮਹਾਨ ਸਮਾਰੋਹ ਨੂੰ ਮਨਾਉਣ ਲਈ ਐਸ.ਜੀ.ਪੀ.ਸੀ ਅਤੇ ਹੋਰ ਧਾਰਮਿਕ ਸੰਗਠਨਾਂ ਦੀ ਸ਼ਮੂਲੀਅਤ ਵਿੱਚ ਉਤਸੁਕਤਾ ਦਿਖਾਈ ਹੈ।

ਮੁੱਖ ਮੰਤਰੀ ਨੇ ਇਸ ਇਤਿਹਾਸਕ ਸਮਾਰੋਹ ਨੂੰ ਅਸਰਦਾਰ ਢੰਗ ਨਾਲ ਆਯੋਜਿਤ ਕਰਨ ਵਾਸਤੇ ਖੁਲੇ ਦਿਲੋਂ ਸਮਰਥਨ, ਸਹਿਯੋਗ ਅਤੇ ਮਾਰਗ ਦਰਸ਼ਨ ਕਰਨ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਅਤੇ ਐਸ.ਜੀ.ਪੀ.ਸੀ. ਦੇ ਪ੍ਰਧਾਨ ਨੂੰ ਰਸਮੀ ਸੱਦਾ ਦੇਣ ਵਾਸਤੇ ਵੀ ਮੰਤਰੀਆਂ ਦੇ ਸਮੂਹ ਨੂੰ ਆਖਿਆ ਹੈ। ਗੌਰਤਲਬ ਹੈ ਕਿ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਦੇ ਮੰਤਰੀ ਚਰਨਜੀਤ ਸਿੰਘ ਚੰਨੀ, ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਓ.ਪੀ. ਸੋਨੀ ਅਤੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ’ਤੇ ਆਧਾਰਤ ਮੰਤਰੀਆਂ ਦੇ ਸਮੂਹ ਦਾ ਪਹਿਲਾਂ ਹੀ ਗਠਨ ਕੀਤਾ ਹੋਇਆ ਹੈ।

ਇਸ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨਾਲ ਸਬੰਧਤ ਵਿਕਾਸ ਪ੍ਰੋਜੈਕਟਾਂ ਅਤੇ ਸਕੀਮਾਂ ਦੀ ਪ੍ਰਗਤੀ ’ਤੇ ਰੋਜ਼ਮਰਾ ਦੇ ਆਧਾਰ ’ਤੇ ਜਾਇਜ਼ਾ ਲੈਣ ਦਾ ਕਾਰਜ ਸੌਂਪਿਆ ਗਿਆ ਹੈ। ਮੁੱਖ ਮੰਤਰੀ ਨੇ ਐਸ.ਜੀ.ਪੀ.ਸੀ. ਦੇ ਨੁਮਾਇੰਦਿਆਂ ਨਾਲ ਵਿਚਾਰ ਵਟਾਂਦਰਾ ਕਰਕੇ 10 ਦਿਨ (5 ਨਵੰਬਰ ਤੋਂ 15 ਨਵੰਬਰ, 2019) ਦੇ ਪ੍ਰੋਗਰਾਮ ਨੂੰ ਅੰਤਿਮ ਰੂਪ ਦੇਣ ਲਈ ਮੰਤਰੀਆਂ ਦੇ ਸਮੂਹ ਨੂੰ ਆਖਿਆ ਹੈ।

ਹੋਰ ਪੜ੍ਹੋ: ਪੰਜਾਬ ਦੇ ਪਾਣੀਆਂ ਨੂੰ ਬਾਹਰ ਨਹੀਂ ਜਾਣ ਦੇਵਾਂਗੇ: ਕੈਪਟਨ ਅਮਰਿੰਦਰ ਸਿੰਘ

ਵਿਚਾਰ ਚਰਚਾ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਸੁਲਤਾਨਪੁਰ ਲੋਧੀ-ਕਪੂਰਥਲਾ-ਕਰਤਾਰਪੁਰ-ਬਿਆਸ-ਮਹਿਤਾ-ਬਟਾਲਾ (ਬਾਈਪਾਸ ਸਮੇਤ)-ਡੇਰਾ ਬਾਬਾ ਨਾਨਕ ਤੱਕ 136 ਕਿਲੋਮੀਟਰ ਦੇ ਪ੍ਰਸਤਾਵਿਤ ‘ਗੁਰੂ ਨਾਨਕ ਦੇਵ ਜੀ ਮਾਰਗ’ ਦੀ ਰੂਪਰੇਖਾ ਅਤੇ ਫੰਡਾਂ ਦੇ ਰੂਪ ਨੂੰ ਅੰਤਿਮ ਰੂਪ ਦੇਣ ਲਈ ਮੁੱਖ ਸਕੱਤਰ ਨੂੰ ਨਿਰਦੇਸ਼ ਦਿੱਤੇ ਹਨ। ਇਸ ਦੀ ਚੌੜਾਈ 10 ਮੀਟਰ ਤੱਕ ਕਰਨ ਲਈ 96.15 ਕਰੋੜ ਰੁਪਏ ਦਾ ਕੁਲ ਖਰਚਾ ਆਵੇਗਾ।

ਉਨਾਂ ਨੇ ਪ੍ਰਮੁੱਖ ਸਕੱਤਰ ਪੀ.ਡਬਲਿਊ.ਡੀ. ਨੂੰ ਆਖਿਆ ਹੈ ਕਿ ਉਹ ਮੁੱਖ ਸਕੱਤਰ ਦੀ ਪ੍ਰਵਾਨਗੀ ਤੋਂ ਬਾਅਦ ਇਸ ਸ਼ਾਨੇਮਤੇ ਪ੍ਰੋਜੈਕਟ ਨੂੰ ਇਕ ਵਖਰੇ ਪ੍ਰੋਜੈਕਟ ਵਜੋਂ ਲਾਗੂ ਕਰਨ। ਮੁੱਖ ਮੰਤਰੀ ਨੇ ਵਿਸ਼ੇਸ਼ ਮੁੱਖ ਸਕੱਤਰ ਸਥਾਨਕ ਸਰਕਾਰ ਨੂੰ ਵੀ ਆਖਿਆ ਹੈ ਕਿ ਉਹ ਸੁਲਤਾਨਪੁਰ ਲੋਧੀ ਵਿਰਾਸਤੀ ਸ਼ਹਿਰ ਨੂੰ 271 ਕਰੋੜ ਰੁਪਏ ਦੇ ਸਮਾਰਟ ਸਿਟੀ ਪ੍ਰੋਜੈਕਟ ਹੇਠ ਲਿਆਉਣ ਦੇ ਪ੍ਰਸਤਾਵ ਨੂੰ ਜ਼ੋਰਦਾਰ ਢੰਗ ਨਾਲ ਅੱਗੇ ਖੜਨ।

ਇਸ ਸਬੰਧੀ ਸੂਬਾ ਸਰਕਾਰ ਨੇ ਪਹਿਲਾਂ ਹੀ ਭਾਰਤ ਸਰਕਾਰ ਦੇ ਮਕਾਨ ਅਤੇ ਸ਼ਹਿਰੀ ਵਿਕਾਸ ਮੰਤਰਾਲੇ ਕੋਲ ਇਕ ਧਾਰਨਾ ਪਲਾਨ ਪੇਸ਼ ਕੀਤੀ ਹੋਈ ਹੈ। ਮੁੱਖ ਮੰਤਰੀ ਨੇ ਸੁਲਤਾਨਪੁਰ ਲੋਧੀ ਵਿਖੇ ਲੜਕੀਆਂ ਦੇ ਵਾਸਤੇ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਦਾ ਉਦਘਾਟਨ ਕਰਨ ਲਈ ਵੀ ਸਹਿਮਤੀ ਪ੍ਰਗਟਾਈ। ਇਸ ਨੂੰ ਜੀ.ਐਨ.ਡੀ.ਯੂ. ਅੰਮਿ੍ਰਤਸਰ ਦੇ ਸਬੰਧਤ ਕਾਲਜ ਵਜੋਂ ਚਲਾਇਆ ਜਾਵੇਗਾ। ਇਸ ਦੀਆਂ ਕਲਾਸਾਂ ਮੌਜੂਦਾ ਅਕਾਦਮਿਕ ਸੈਸ਼ਨ 2019-20 ਦੌਰਾਨ ਸ਼ੁਰੂ ਕੀਤੀਆਂ ਜਾਣਗੀਆਂ।

ਮੁੱਖ ਮੰਤਰੀ ਨੇ ਸੁਲਤਾਨਪੁਰ ਲੋਧੀ ਦੇ ਵਿਧਾਇਕ ਨੂੰ ਕਿਹਾ ਕਿ ਉਹ ਨੇੜੇ ਦੇ ਪਿੰਡਾਂ ਦੀਆਂ ਵਿਦਿਆਰਥਨਾਂ ਦੇ ਮਾਪਿਆਂ ਨੂੰ ਆਪਣੀਆਂ ਧੀਆਂ ਗ੍ਰੈਜੂਏਸ਼ਨ ਕੋਰਸਾਂ ਦੇ ਲਈ ਇਸ ਕਾਲਜ ਵਿੱਚ ਦਾਖਲਾ ਦਿਵਾਉਣ ਲਈ ਪ੍ਰੇਰਿਤ ਕਰਨ ਜਿੱਥੇ ਕਿ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਹਿੱਸੇ ਵਜੋਂ ਮੁਫ਼ਤ ਵਿੱਚ ਤਿੰਨ ਸਾਲ ਲਈ ਕੋਰਸਾਂ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਅਗਸਤ 2019 ਦੇ ਪਹਿਲੇ ਹਫ਼ਤੇ 319 ਕਰੋੜ ਰੁਪਏ ਦੀ ਲਾਗਤ ਨਾਲ ਇੰਦਰ ਕੁਮਾਰ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਸਥਾਪਤ ਸ੍ਰੀ ਗੁਰੂ ਨਾਨਕ ਦੇਵ ਜੀ ਸੈਂਟਰ ਫਾਰ ਇਨਵੈਂਸ਼ਨ, ਇਨੋਵੇਸ਼ਨ, ਇਨਕੁਬੇਸ਼ਨ ਐਂਡ ਟ੍ਰੇਨਿੰਗ (ਸੀ.ਆਈ.ਆਈ.ਆਈ.ਟੀ) ਦਾ ਉਦਘਾਟਨ ਕਰਨ ਲਈ ਸਹਿਮਤੀ ਦੇ ਦਿੱਤੀ ਹੈ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪਿੰਡਾਂ ਦਾ ਪ੍ਰਾਥਮਿਕਤਾ ਦੇ ਆਧਾਰ ’ਤੇ ਵਿਕਾਸ ਕਰਨ ਸਬੰਧੀ ਪੀ.ਡਬਲਿਊ.ਡੀ. ਮੰਤਰੀ ਵੱਲੋਂ ਪੇਸ਼ ਕੀਤੇ ਗਏ ਪ੍ਰਸਤਾਵ ਨੂੰ ਪ੍ਰਵਾਨ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਸਬੰਧਤ ਵਿਧਾਇਕ, ਡਿਪਟੀ ਕਮਿਸ਼ਨਰ ਅਤੇ ਐਸ.ਡੀ.ਐਮ. ਆਧਾਰਿਤ ਕਮੇਟੀਆਂ ਗਠਿਤ ਕਰਨ ਦੇ ਨਿਰਦੇਸ਼ ਦਿੱਤੇ ਹਨ ਜੋ ਪਹਿਲ ਦੇ ਆਧਾਰ ’ਤੇ ਵਿਕਾਸ ਕਾਰਜਾਂ ਨੂੰ ਸ਼ੁਰੂ ਕਰਨ ਨੂੰ ਅੰਤਿਮ ਰੂਪ ਦੇਣਗੀਆਂ।

-PTC News

Related Post