ਮੀਂਹ ਤੇ ਗੜੇਮਾਰੀ ਨਾਲ ਫਸਲਾਂ ਨੂੰ ਹੋਏ ਨੁਕਸਾਨ ਦਾ ਅਨੁਮਾਨ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ

By  Joshi April 17th 2018 07:52 PM

ਮੁੱਖ ਮੰਤਰੀ ਵੱਲੋਂ ਮੀਂਹ ਤੇ ਗੜੇਮਾਰੀ ਨਾਲ ਫਸਲਾਂ ਨੂੰ ਹੋਏ ਨੁਕਸਾਨ ਦਾ ਅਨੁਮਾਨ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ

ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਹਾਲ ਹੀ ’ਚ ਪਏ ਮੀਂਹ ਤੇ ਗੜੇਮਾਰੀ ਨਾਲ ਫਸਲਾਂ ਦੇ ਹੋਏ ਨੁਕਸਾਨ ਦਾ ਅਨੁਮਾਨ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹਨ।

ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਇਸ ਸਬੰਧ ਵਿੱਚ ਨਿਰਦੇਸ਼ ਜਾਰੀ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਮੌਸਮ ਦੀ ਖ਼ਰਾਬੀ ਨਾਲ ਫਸਲਾਂ ਨੂੰ ਪਹੁੰਚੇ ਨੁਕਸਾਨ ਬਾਰੇ ਵਿਸ਼ੇਸ਼ ਗਿਰਦਾਵਰੀ ਕਰਨ ਲਈ ਆਖਿਆ।

ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਸ਼ਾਰਟ ਸਰਕਟ ਕਾਰਨ ਅੱਗ ਲੱਗਣ ਨਾਲ ਫਸਲਾਂ ਦੇ ਨੁਕਸਾਨੇ ਜਾਣ ਦਾ ਵੀ ਮੁਲਾਂਕਣ ਕਰਨ ਲਈ ਆਖਿਆ। ਉਨਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਸਬੰਧਤ ਐਸ.ਡੀ.ਐਮਜ਼. ਅਤੇ ਪਾਵਰਕਾਮ ਦੇ ਅਧਿਕਾਰੀਆਂ ਵੱਲੋਂ ਅਜਿਹੀਆਂ ਘਟਨਾਵਾਂ ਦੀ ਕੀਤੀ ਸ਼ਨਾਖ਼ਤ ਬਾਰੇ ਸਾਂਝੀ ਵਿਸਥਾਰਤ ਰਿਪੋਰਟ ਸੌਂਪੀ ਜਾਵੇ ਤਾਂ ਜੋ ਸਰਕਾਰ ਇਸ ’ਤੇ ਅਗਲੀ ਕਾਰਵਾਈ ਕਰ ਸਕੇ।

ਮੁੱਖ ਮੰਤਰੀ ਨੇ ਇਹ ਹੁਕਮ ਬੇਮੌਸਮੇ ਮੀਂਹ ਤੇ ਗੜੇਮਾਰੀ ਅਤੇ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਕਿਸਾਨਾਂ ਨੂੰ ਹੋਏ ਨੁਕਸਾਨ ਬਾਰੇ ਹਾਸਲ ਹੋਈਆਂ ਰਿਪੋਰਟਾਂ ਤੋਂ ਬਾਅਦ ਜਾਰੀ ਕੀਤੇ ਹਨ।

ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਅਜਿਹੀਆਂ ਘਟਨਾਵਾਂ ਨਾਲ ਕਿਸਾਨਾਂ ਨੂੰ ਪਏ ਘਾਟੇ ’ਤੇ ਚਿੰਤਾ ਜ਼ਾਹਰ ਕਰਦਿਆਂ ਸਬੰਧਤ ਵਿਭਾਗਾਂ ਤੇ ਅਧਿਕਾਰੀਆਂ ਨੂੰ ਨੁਕਸਾਨ ਦੇ ਅਨੁਮਾਨ ਦਾ ਪਤਾ ਲਾਉਣ ਲਈ ਪਹਿਲ ਦੇ ਆਧਾਰ ’ਤੇ ਕੰਮ ਕਰਨ ਲਈ ਆਖਿਆ।

—PTC News

Related Post