ਮੁੱਖ ਮੰਤਰੀ ਵੱਲੋਂ ਦਿਵਿਆਂਗ ਵਿਅਕਤੀਆਂ ਲਈ ਸਮਰਪਿਤ ਸੈੱਲ ਕਾਇਮ ਕਰਨ ਦੇ ਹੁਕਮ

By  Pardeep Singh July 14th 2022 06:38 PM

ਚੰਡੀਗੜ੍ਹ:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਸਮਰਪਿਤ ਤੌਰ ਉਤੇ ਦਿਵਿਆਂਗ ਸੈੱਲ ਕਾਇਮ ਕਰਨ ਦੇ ਹੁਕਮ ਦਿੱਤੇ ਹਨ। ਇਹ ਜਾਣਕਾਰੀ ਵਿਸਥਾਰ ਵਿਚ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਮਰਪਿਤ ਸੈੱਲ ਦੇ ਗਠਨ ਨੂੰ ਲੈ ਕੇ ਸਮਾਜ ਦੇ ਇਸ ਵਰਗ ਦੀ ਚਿਰੋਕਣੀ ਮੰਗ ਸੀ। ਉਨ੍ਹਾਂ ਕਿਹਾ ਕਿ ਦਿਵਿਆਂਗ ਵਿਅਕਤੀਆਂ ਨੂੰ ਉਨ੍ਹਾਂ ਦੀ ਭਲਾਈ ਲਈ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਅਤੇ ਪ੍ਰੋਗਰਾਮਾਂ ਦਾ ਲਾਭ ਲੈਣ ਲਈ ਬਹੁਤ ਸਾਰੀਆਂ ਸਮੱਸਿਆਵਾਂ ਪੇਸ਼ ਆਉਂਦੀਆਂ ਸਨ। ਇਸੇ ਤਰ੍ਹਾਂ ਭਗਵੰਤ ਮਾਨ ਨੇ ਕਿਹਾ ਕਿ ਬਹੁਤੀ ਵਾਰ ਇਨ੍ਹਾਂ ਲੋਕਾਂ ਨੂੰ ਆਪਣੇ ਕੰਮ ਲਈ ਇਧਰ-ਉਧਰ ਭਟਕਣਾ ਪੈਂਦਾ ਸੀ।

 ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮਰਪਿਤ ਸੈੱਲ ਦਿਵਿਆਂਗ ਵਿਅਕਤੀਆਂ ਲਈ ਸਿੰਗਲ ਵਿੰਡੋ ਪਲੇਟਫਾਰਮ ਵਜੋਂ ਕੰਮ ਕਰੇਗਾ ਤਾਂ ਕਿ ਉਹ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਦਿਵਿਆਂਗ ਵਿਅਕਤੀ ਇਸ ਸੈੱਲ ਬਾਰੇ ਆਪਣੀ ਸ਼ਿਕਾਇਤ ਵੀ ਦਰਜ ਕਰਵਾ ਸਕਦੇ ਹਨ ਅਤੇ ਇਸ ਦੇ ਕੰਮਕਾਜ ਨੂੰ ਹੋਰ ਕਾਰਗਰ ਬਣਾਉਣ ਲਈ ਆਪਣੇ ਸੁਝਾਅ ਵੀ ਦੇ ਸਕਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਉਪਰਾਲੇ ਨਾਲ ਸਮਾਜ ਦੇ ਇਸ ਵਰਗ ਦੇ ਲੋਕ ਆਪਣਾ ਜੀਵਨ ਮਾਣ-ਸਤਿਕਾਰ ਨਾਲ ਬਸਰ ਕਰਨ ਦੇ ਯੋਗ ਹੋਣਗੇ।

ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਬੰਧ ਵਿਚ ਕਈ ਇਤਿਹਾਸਕ ਕਦਮ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਵੀ ਉਨ੍ਹਾਂ ਦੀ ਸਰਕਾਰ ਇਹ ਯਕੀਨੀ ਬਣਾਏਗੀ ਕਿ ਸਾਰੀਆਂ ਭਲਾਈ ਸਕੀਮ ਦਾ ਲਾਭ ਸਮਾਂਬੱਧ ਢੰਗ ਨਾਲ ਲੋੜਵੰਦ ਅਤੇ ਕਮਜ਼ੋਰ ਵਰਗਾਂ ਤੱਕ ਪਹੁੰਚੇ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੀ ਤਰੱਕੀ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਅਣਥੱਕ ਕਾਰਜ ਕਰ ਰਹੀ ਹੈ।

ਇਹ ਵੀ ਪੜ੍ਹੋ:ਖਮਾਣੋ ਪੁਲਿਸ ਨੇ 5 ਕਿਲੋ ਅਫੀਮ ਸਮੇਤ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

-PTC News

Related Post