ਮੁੱਖ ਮੰਤਰੀ ਨੇ ਕਪੂਰਥਲਾ ਦੇ ਸੈਨਿਕ ਸਕੂਲ ਦੀ ਪੁਰਾਤਨ ਸ਼ਾਨ ਬਹਾਲ ਕਰਨ ਪ੍ਰਤੀ ਵਚਨਬੱਧਤਾ ਦੁਹਰਾਈ

By  Jasmeet Singh June 13th 2022 05:57 PM -- Updated: June 13th 2022 06:00 PM

ਚੰਡੀਗੜ੍ਹ, 13 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੈਨਿਕ ਸਕੂਲ, ਕਪੂਰਥਲਾ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਸੂਬਾ ਸਰਕਾਰ ਸਿਰਤੋੜ ਯਤਨ ਕਰੇਗੀ।

ਇਹ ਵੀ ਪੜ੍ਹੋ: ਚੰਡੀਗੜ੍ਹ 'ਚ ਵੱਧਦੇ ਕੋਰੋਨਾ ਕੇਸਾਂ ਦੇ ਮੱਦੇਨਜ਼ਰ ਐਡਵਾਇਜ਼ਰੀ ਜਾਰੀ

ਅੱਜ ਇੱਥੇ ਆਪਣੇ ਨਿਵਾਸ ਸਥਾਨ 'ਤੇ ਸਕੂਲ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰਮੁੱਖ ਸੰਸਥਾ ਨੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਕੇ ਆਪਣਾ ਨਿਵੇਕਲਾ ਸਥਾਨ ਬਣਾਇਆ ਹੈ। ਉਨ੍ਹਾਂ ਕਿਹਾ ਕਿ ਇਸ ਵੱਕਾਰੀ ਸੰਸਥਾ ਨੇ ਮਹਾਨ ਸ਼ਖਸੀਅਤਾਂ ਪੈਦਾ ਕੀਤੀਆਂ ਹਨ ਜਿਨ੍ਹਾਂ ਨੇ ਵੱਖ-ਵੱਖ ਅਹਿਮ ਅਹੁਦਿਆਂ ਖਾਸ ਕਰਕੇ ਹਥਿਆਰਬੰਦ ਸੈਨਾਵਾਂ ਵਿੱਚ ਦੇਸ਼ ਦੀ ਸੇਵਾ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸਕੂਲ ਦੀ ਪੁਰਾਣੀ ਸ਼ਾਨ ਨੂੰ ਬਹਾਲ ਕਰਨ ਲਈ ਵਚਨਬੱਧ ਹੈ ਜਿਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੁੱਖ ਮੰਤਰੀ ਨੇ ਵਿੱਤ ਵਿਭਾਗ ਨੂੰ ਸਕੂਲ ਦੀ ਇਮਾਰਤ ਦੀ ਮੁਰੰਮਤ ਲਈ ਫੰਡ ਤੁਰੰਤ ਜਾਰੀ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਸਕੂਲ ਦੀ ਇਮਾਰਤ ਦੀ ਢੁਕਵੀਂ ਸਾਂਭ-ਸੰਭਾਲ ਦੇ ਨਾਲ-ਨਾਲ ਬੁਨਿਆਦੀ ਢਾਂਚੇ ਨੂੰ ਉੱਚਾ ਚੁੱਕਣਾ ਸਮੇਂ ਦੀ ਲੋੜ ਹੈ ਤਾਂ ਜੋ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਾਪਤ ਕਰਨ ਲਈ ਢੁਕਵਾਂ ਮਾਹੌਲ ਮਿਲ ਸਕੇ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਸਕੂਲ ਦੀ ਨਿਰੰਤਰ ਦੇਖ-ਰੇਖ ਨੂੰ ਯਕੀਨੀ ਬਣਾਉਣ ਲਈ ਆਉਣ ਵਾਲੇ ਸਾਲਾਂ ਤੋਂ ਬਜਟ ਦੀ ਵਿਵਸਥਾ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਵਿਜੀਲੈਂਸ ਦੀ ਗ੍ਰਿਫ਼ਤਾਰੀ ਤੋਂ ਬਚਨ ਲਈ ਭਾਰਤ ਭੂਸ਼ਣ ਆਸ਼ੂ ਨੇ ਖੜਕਾਇਆ ਅਦਾਲਤ ਦਾ ਬੂਹਾ

ਇਸੇ ਤਰ੍ਹਾਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਸ ਵੱਕਾਰੀ ਸੰਸਥਾ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਵਜ਼ੀਫ਼ਾ ਮੁਹੱਈਆ ਕਰਵਾਉਣ ਲਈ ਫੰਡ ਜਾਰੀ ਕਰਨ ਵਾਸਤੇ ਵੀ ਆਖਿਆ। ਉਨ੍ਹਾਂ ਕਿਹਾ ਕਿ ਇਸ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾਵੇ ਤਾਂ ਜੋ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਾਪਤ ਕਰਨ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਭਗਵੰਤ ਮਾਨ ਨੇ ਸਕੂਲ ਪ੍ਰਬੰਧਕਾਂ ਨੂੰ ਸਕੂਲ ਦੇ ਕੰਮਕਾਜ ਲਈ ਪੂਰਨ ਸਹਿਯੋਗ ਅਤੇ ਮਦਦ ਦਾ ਭਰੋਸਾ ਦਿੱਤਾ।

-PTC News

Related Post