ਸ੍ਰੀ ਦਰਬਾਰ ਸਾਹਿਬ ਵਿਖੇ ਪਰਕਰਮਾਂ ਦੇ ਵਰਾਂਡਿਆਂ ਤੇ ਡਿਓੜੀਆਂ ਨੂੰ ਰੰਗ ਰੋਗਨ ਦੀ ਸੇਵਾ ਆਰੰਭ

By  Riya Bawa July 4th 2022 04:34 PM

ਅੰਮ੍ਰਿਤਸਰ: ਮਨੁੱਖਤਾ ਦੇ ਅਧਿਆਤਮਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੀਆਂ ਪਰਕਰਮਾਂ ਵਿਖੇ ਵਰਾਂਡਿਆਂ ਅਤੇ ਡਿਓੜੀਆਂ ਨੂੰ ਰੰਗ ਰੋਗਨ ਦੀ ਕਾਰ ਸੇਵਾ ਅੱਜ ਅਰਦਾਸ ਉਪਰੰਤ ਆਰੰਭ ਕੀਤੀ ਗਈ। ਕਾਰ ਸੇਵਾ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਬਾਬਾ ਜਗਤਾਰ ਸਿੰਘ ਕਾਰਸੇਵਾ ਤਰਨ ਤਾਰਨ ਵਾਲਿਆਂ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।

ਇਹ ਸੇਵਾ ਬਾਬਾ ਜਗਤਾਰ ਸਿੰਘ ਕਾਰਸੇਵਾ ਤਰਨ ਤਾਰਨ ਵਾਲਿਆਂ ਨੂੰ ਸੌਂਪੀ ਗਈ ਹੈ।

ਸ੍ਰੀ ਦਰਬਾਰ ਸਾਹਿਬ ਵਿਖੇ ਪਰਕਰਮਾਂ ਦੇ ਵਰਾਂਡਿਆਂ ਤੇ ਡਿਓੜੀਆਂ ਨੂੰ ਰੰਗ ਰੋਗਨ ਦੀ ਸੇਵਾ ਆਰੰਭ

ਸੇਵਾ ਦੀ ਆਰੰਭਤਾ ਮੌਕੇ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਦੀਆਂ ਪਰਕਰਮਾਂ ਦੇ ਵਰਾਂਡਿਆਂ ਅਤੇ ਡਿਓੜੀਆਂ ਨੂੰ ਰੰਗ ਰੋਗਨ ਕਰਨ ਦੀ ਸਮੇਂ-ਸਮੇਂ ਸੇਵਾ ਕੀਤੀ ਜਾਂਦੀ ਹੈ ਅਤੇ ਇਸ ਵਾਰ ਇਹ ਸੇਵਾ ਬਾਬਾ ਜਗਤਾਰ ਸਿੰਘ ਤਰਨ ਤਾਰਨ ਵਾਲੇ ਸੰਗਤ ਦੇ ਸਹਿਯੋਗ ਨਾਲ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਸਾਰਾਗੜ੍ਹੀ ਨਿਵਾਸ ਦੇ ਰੰਗ ਰੋਗਨ ਦੀ ਸੇਵਾ ਵੀ ਕੀਤੀ ਜਾਵੇਗੀ। ਇਸ ਮੌਕੇ ਬਾਬਾ ਜਗਤਾਰ ਸਿੰਘ ਕਾਰਸੇਵਾ ਵਾਲਿਆਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਕਾਰ ਸੇਵਾ ਦੇਣ ’ਤੇ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੰਗਤਾਂ ਦੇ ਸਹਿਯੋਗ ਨਾਲ ਇਸ ਸੇਵਾ ਨੂੰ ਜਲਦ ਤੋਂ ਜਲਦ ਮੁਕੰਮਲ ਕਰਨਗੇ।

ਇਸ ਮੌਕੇ ਅੰਤ੍ਰਿੰਗ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਸਰਵਣ ਸਿੰਘ ਕੁਲਾਰ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਡ,  ਸ਼ੇਰ ਸਿੰਘ ਮੰਡਵਾਲਾ, ਗੁਰਮੀਤ ਸਿੰਘ ਬੂਹ, ਸੁਖਵਰਸ਼ ਸਿੰਘ ਪੰਨੂੰ, ਬਾਬਾ ਮਹਿੰਦਰ ਸਿੰਘ, ਬਾਬਾ ਜੋਗਾ ਸਿੰਘ, ਬਾਬਾ ਜਸਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਸੁਖਰਾਜ ਸਿੰਘ, ਐਸਡੀਓ ਜਤਿੰਦਰਪਾਲ ਸਿੰਘ ਸਮੇਤ ਹੋਰ ਹਾਜ਼ਰ ਸਨ।

-PTC News

Related Post