ਲੁਧਿਆਣਾ ਜ਼ਿਲ੍ਹੇ ਦੇ ਪਿੰਡ ਜੱਟਪੁਰਾ ਦੇ ਮੌਜੂਦਾ ਕਾਂਗਰਸੀ ਸਰਪੰਚ ਦੀ ਕੋਰੋਨਾ ਕਾਰਨ ਮੌਤ

By  Shanker Badra July 17th 2020 01:21 PM

ਲੁਧਿਆਣਾ ਜ਼ਿਲ੍ਹੇ ਦੇ ਪਿੰਡ ਜੱਟਪੁਰਾ ਦੇ ਮੌਜੂਦਾ ਕਾਂਗਰਸੀ ਸਰਪੰਚ ਦੀ ਕੋਰੋਨਾ ਕਾਰਨ ਮੌਤ:ਜਗਰਾਉਂ : ਪੰਜਾਬ 'ਚ ਕੋਰੋਨਾ ਦੇ ਮਾਮਲੇ ਦਿਨੋ-ਦਿਨ ਵਧਦੇ ਜਾ ਰਹੇ ਹਨ ਅਤੇ ਆਏ ਦਿਨ ਮੋਹਰੀ ਕਤਾਰ 'ਚ ਡਿਊਟੀ ਨਿਭਾਉਣ ਵਾਲੇ ਸਿਵਲ, ਪੁਲਿਸ ਪ੍ਰਸ਼ਾਸਨਿਕ ਅਧਿਕਾਰੀ ਅਤੇ ਮੁਲਾਜ਼ਮ ਵੀ ਇਸ ਦੀ ਲਪੇਟ ਵਿੱਚ ਆ ਰਹੇ ਹਨ। ਪੰਜਾਬ ਵਿੱਚ ਪਿਛਲੇ ਦਿਨਾਂ ਤੋਂ ਕਈ ਵੱਡੇ ਅਧਿਕਾਰੀਆਂ ਤੇ ਅਫਸਰਾਂ ਦੀਆਂ ਕੋਰੋਨਾ ਰਿਪੋਰਟਾਂ ਪਾਜ਼ੀਟਿਵ ਆ ਰਹੀਆਂ ਹਨ। ਲੁਧਿਆਣਾ 'ਚ ਪਿੰਡ ਜੱਟਪੁਰਾ ਦੇ ਸਰਪੰਚ ਦੀ ਕੋਰੋਨਾ ਕਾਰਨ ਮੌਤ ਹੋਣ ਦੀ ਖ਼ਬਰ ਮਿਲੀ ਹੈ।

ਲੁਧਿਆਣਾ ਦੀ ਤਹਿਸੀਲ ਜਗਰਾਉਂ ਅਧੀਨ ਪੈਂਦੇ ਪਿੰਡ ਜੱਟਪੁਰਾ ਦੇ ਮੌਜੂਦਾ ਕਾਂਗਰਸੀ ਸਰਪੰਚ ਅਤੇ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਜਗਰਾਜ ਸਿੰਘ ਰਾਜਾ ਦੀ ਬੀਤੀ ਰਾਤ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਖੇ ਕੋਰੋਨਾ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਜਗਰਾਜ ਸਿੰਘ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਸਨ। ਉਹ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਇਲਾਜ ਅਧੀਨ ਸਨ।

ਲੁਧਿਆਣਾ ਜ਼ਿਲ੍ਹੇ ਦੇ ਪਿੰਡ ਜੱਟਪੁਰਾ ਦੇ ਮੌਜੂਦਾ ਕਾਂਗਰਸੀ ਸਰਪੰਚ ਦੀ ਕੋਰੋਨਾ ਕਾਰਨ ਮੌਤ

ਮਿਲੀ ਜਾਣਕਾਰੀ ਅਨੁਸਾਰ ਜੁਗਰਾਜ ਸਿੰਘ ਪਿਛਲੇ ਕਈ ਦਿਨਾਂ ਤੋਂ ਬਿਮਾਰ ਚਲ ਰਹੇ ਸਨ। ਪਰਿਵਾਰਿਕ ਮੈਂਬਰਾਂ ਨੇ ਉਨ੍ਹਾਂ ਨੂੰ ਇਲਾਜ ਦੇ ਲਈ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਭਰਤੀ ਕਰਵਾਇਆ ਸੀ ,ਜਿੱਥੇ ਉਨ੍ਹਾਂ ਦੇ ਕੋਰੋਨਾ ਸੰਬੰਧੀ ਸੈਂਪਲ ਲਏ 'ਤੇ ਉਨ੍ਹਾਂ ਦੀ ਰਿਪੋਰਟ ਪਾਜ਼ੀਟਿਵ ਪਾਈ ਗਈ ਸੀ। ਸ਼ੁੱਕਰਵਾਰ ਨੂੰ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੇ ਦਮ ਤੋੜ ਦਿੱਤਾ। ਜਿਸ ਦੀ ਪੁਸ਼ਟੀ ਐਸ.ਡੀ.ਐਮ ਰਾਏਕੋਟ ਡਾ. ਹਿਮਾਂਸ਼ੂ ਗੁਪਤਾ ਵੱਲੋਂ ਵੀ ਕੀਤੀ ਗਈ ਹੈ।

ਦੱਸ ਦੇਈਏ ਕਿ ਜ਼ਿਲ੍ਹੇ 'ਚ ਹੁਣ ਤੱਕ 1632 ਮਰੀਜ਼ ਪਾਜ਼ੀਟਿਵ ਪਾਏ ਗਏ ਹਨ। ਜਿਹਨਾਂ ਵਿੱਚੋਂ 498 ਮਰੀਜ਼ ਐਕਟਿਵ ਹਨ,ਜਿਹੜੇ ਕਿ ਵੱਖ ਵੱਖ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ। ਇਸ ਦੌਰਾਨ 1095 ਮਰੀਜ਼ ਕੋਰੋਨਾ ਖਿਲਾਫ ਜੰਗ ਜਿੱਤ ਕੇ ਆਪਣੇ ਆਪਣੇ ਘਰਾਂ ਨੂੰ ਜਾ ਚੁੱਕੇ ਹਨ ਜਦਕਿ 39 ਮਰੀਜ਼ਾਂ ਦੀ ਕੋਰੋਨਾ ਨਾਲ ਮੌਤ ਹੋ ਚੁੱਕੀ ਹੈ।

-PTCNews

Related Post