Coronavirus: ਆਮ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਸਰਬੱਤ ਦਾ ਭਲਾ ਟਰੱਸਟ ਨੇ ਚੁੱਕਿਆ ਇਹ ਕਦਮ

By  Shanker Badra March 18th 2020 02:23 PM

Coronavirus: ਆਮ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਸਰਬੱਤ ਦਾ ਭਲਾ ਟਰੱਸਟ ਨੇ ਚੁੱਕਿਆ ਇਹ ਕਦਮ:ਪਟਿਆਲਾ : ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲੇ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿੱਚ ਹਫੜਾ -ਦਫੜੀ ਮਚਾ ਦਿੱਤੀ ਹੈ। ਕੋਰੋਨਾ ਵਾਇਰਸ ਹੌਲੀ -ਹੌਲੀ ਸਾਰੇ ਵਿਸ਼ਵ ਵਿੱਚ ਚਰਚਾ ਦਾ ਵਿਸ਼ਾ ਬਣ ਗਿਆ ਹੈ। ਕੋਰੋਨਾ ਵਾਇਰਸ ਦੇ ਰੋਜਾਨਾਂ ਸੈਂਕੜੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਜਿਸ ਕਰਕੇ ਲੋਕਾਂ ਦੇ ਅੰਦਰ ਡਰ ਦਾ ਮਾਹੌਲ ਹੈ। ਭਾਰਤ 'ਚ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ 147 ਹੋ ਗਈ ਹੈ। ਜਿਸ ਵਿਚ 122 ਭਾਰਤੀ ਤੇ 25 ਵਿਦੇਸ਼ੀ ਨਾਗਰਿਕ ਹਨ।

ਇਸ ਦੌਰਾਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਆਮ ਜਨਤਾ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਦੇ ਲਈ ਪੰਜਾਬ ਭਰ ਵਿੱਚ ਵੱਖ-ਵੱਖ ਜਨਤਕ ਥਾਵਾਂ 'ਤੇ ਲੋਕਾਂ ਦੇ ਹੱਥ ਧੁਵਾਉਣ ਲਈ ਪਾਣੀ ਦੇ ਟੈਂਕਰ ਖੜ੍ਹੇ ਕਰਨ ਤੋਂ ਇਲਾਵਾ ਸਾਬਣ ਦਾ ਵੀ ਪ੍ਰਬੰਧ ਕੀਤਾ ਜਾਵੇਗਾ ਤਾਂ ਜੋ ਆਮ ਲੋਕ ਸਾਫ਼ ਸਫਾਈ ਨੂੰ ਪਹਿਲ ਕਦਮੀ ਦੇਣ ਦੇ ਲਈ ਹੱਥ ਸਾਫ ਕਰਨ।

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ ਐੱਸ ਪੀ ਸਿੰਘ ਓਬਰਾਏ ਨੇ ਦੱਸਿਆ ਕਿ ਇਸ ਦੀ ਸ਼ੁਰੂਆਤ ਪਟਿਆਲਾ ਤੋਂ ਕੀਤੀ ਜਾ ਰਹੀ ਹੈ। ਜਿੱਥੇ ਪਟਿਆਲਾ ਦੇ ਐਸਐਸਪੀ ਮਨਦੀਪ ਸਿੰਘ ਸਿੱਧੂ ਅੱਜ ਦੁਪਹਿਰ ਬਾਅਦ 12.15 ਵਜੇ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਦੇ ਸਾਹਮਣੇ ਬੱਸ ਸਟਾਪ ਤੋਂ ਇਨ੍ਹਾਂ ਟੈਂਕਰਾਂ ਨੂੰ ਲੋਕਾਂ ਦੇ ਸਮਰਪਿਤ ਕਰਨਗੇ। ਜਦਕਿ ਜਲਦ ਬਾਕੀ ਜ਼ਿਲ੍ਹਿਆਂ ਅੰਦਰ ਵੀ ਇਹ ਸੇਵਾ ਆਰੰਭ ਹੋ ਜਾਵੇਗੀ।

ਇਸ ਸਬੰਧੀ ਡਾ: ਓਬਰਾਏ ਨੇ ਦੱਸਿਆ ਕਿ ਕੋਰੋਨਾ ਦੇ ਮੱਦੇਨਜ਼ਰ ਟਰੱਸਟ ਨੇ ਇਹ ਫੈਸਲਾ ਲਿਆ ਹੈ ਕਿ ਪੰਜਾਬ ਦੇ ਹਰੇਕ ਜ਼ਿਲੇ ਦੀਆਂ ਦੀਆਂ ਪ੍ਰਮੁੱਖ ਜਨਤਕ ਥਾਵਾਂ ਜਿਵੇਂ ਰੇਲਵੇ ਸਟੇਸ਼ਨ, ਬੱਸ ਅੱਡੇ, ਹਸਪਤਾਲ,  ਕਚਹਿਰੀਆਂ ਆਦਿ ਵਰਗੀਆਂ ਥਾਵਾਂ ਦੀ ਸ਼ਨਾਖਤ ਕਰਕੇ ਉੱਥੇ ਪਾਣੀ ਦੇ ਟੈਂਕਰਾਂ ਦੀ ਵਿਵਸਥਾ ਕਰਨ ਤੋਂ ਇਲਾਵਾ ਸਾਬਣ ਵੀ ਮੁਹੱਈਆ ਕਰਵਾਇਆ ਜਾਵੇਗਾ ਤਾਂ ਜੋ ਆਮ ਲੋਕ ਵੀ ਇਸ ਖਤਰਨਾਕ ਬਿਮਾਰੀ ਦੀ ਲਾਗ ਤੋਂ ਬਚ ਸਕਣ।

ਉਨ੍ਹਾਂ ਕਿਹਾ ਕਿ ਇਸ ਸਮੇਂ ਕੁੱਝ ਕਾਰੋਬਾਰੀਆਂ ਵੱਲੋਂ ਲੋਕਾਂ ਦੀ ਮਜ਼ਬੂਰੀ ਦਾ ਨਾਜਾਇਜ਼ ਫਾਇਦਾ ਉਠਾ ਕੇ ਸੈਨੀਟਾਈਜ਼ਰ ਤੇ ਹੋਰ ਲੋੜੀਂਦੇ ਸਮਾਨ ਨੂੰ ਮਹਿੰਗਾ ਕਰਕੇ ਆਮ ਲੋਕਾਂ ਦੀ ਪਹੁੰਚ ਤੋਂ ਦੂਰ ਕੀਤਾ ਜਾ ਰਿਹਾ ਹੈ। ਜਿਸ ਨੂੰ ਵੇਖਦਿਆਂ ਹੋਇਆਂ ਟਰੱਸਟ ਨੇ ਇਹ ਫੈਸਲਾ ਲਿਆ ਹੈ। ਉਨ੍ਹਾਂ ਦੱਸਿਆ ਕਿ ਟਰੱਸਟ ਵੱਲੋਂ ਪਟਿਆਲਾ ਦੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ, ਰੇਲਵੇ ਸਟੇਸ਼ਨ ਤੇ ਬੱਸ ਅੱਡਾ, ਰਾਜਿੰਦਰਾ ਹਸਪਤਾਲ ਤੇ ਮਿੰਨੀ ਸਕੱਤਰੇਤ ਦੇ ਬਾਹਰ ਇਸ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ।

-PTCNews

Related Post