ਕੋਰੋਨਾਵਾਇਰਸ: ਸ੍ਰੀ ਹਰਿਮੰਦਰ ਸਾਹਿਬ ਦੇ ਐਂਟਰੀ ਗੇਟਾਂ 'ਤੇ ਮੈਡੀਕਲ ਟੀਮਾਂ ਕੀਤੀਆਂ ਜਾਣਗੀਆਂ ਤਾਇਨਾਤ: ਡੀ.ਸੀ

By  Jashan A March 17th 2020 01:52 PM

ਸ੍ਰੀ ਅੰਮ੍ਰਿਤਸਰ ਸਾਹਿਬ: ਕੋਰੋਨਾਵਾਇਰਸ ਦੇ ਵੱਧ ਰਹੇ ਪ੍ਰਕੋਪ ਦੇ ਮੱਦੇਨਜ਼ਰ ਅੱਜ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ, ਪੁਲਿਸ ਕਮਿਸ਼ਨਰ ਸੁਖਚੈਨ ਸਿੰਘ,ਸਿਵਲ ਸਰਜਨ ਡਾਕਟਰ ਪ੍ਰਭਦੀਪ ਕੌਰ ਜੌਹਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫਤਰ ਪਹੁੰਚੇ, ਜਿਥੇ ਸ਼੍ਰੋਮਣੀ ਕਮੇਟੀ ਨਾਲ ਮੁਲਾਕਾਤ ਕਰਨ ਮਗਰੋਂ ਡਿਪਟੀ ਕਮਿਸ਼ਨਰ ਨੇ ਪ੍ਰੈਸ ਵਾਰਤਾ ਕਰਦਿਆਂ ਵੱਡਾ ਫੈਸਲਾ ਲਿਆ। ਉਹਨਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਦੇ ਐਂਟਰੀ ਗੇਟਾਂ 'ਤੇ ਮੈਡੀਕਲ ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ। ਅੱਗੇ ਉਹਨਾਂ ਕਿਹਾ ਕਿ ਮੱਥਾ ਟੇਕਣ ਆਈ ਸੰਗਤ ਮੈਡੀਕਲ ਟੀਮਾਂ ਨੂੰ ਸਹਿਯੋਗ ਦੇਣ ਤਾਂ ਜੋ ਇਸ ਖਤਰਨਾਕ ਵਾਇਰਸ ਤੋਂ ਬਚਿਆ ਜਾ ਸਕੇ।

ਇਸ ਮੌਕੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਨੇ ਸੰਗਤ ਨੂੰ ਵੀ ਅਪੀਲ ਕੀਤੀ ਕਿ ਗੁਰੂ ਘਰ ਆਉਣ ਵਾਲੇ ਸ਼ਰਧਾਲੂ ਹੱਥਾਂ ਨੂੰ ਚੰਗੀ ਤਰ੍ਹਾਂ ਸਾਫ਼ ਕਰਕੇ ਆਉਣ ਤੇ ਸੰਗਤ ਵੱਡੇ ਇਕੱਠ ਤੋਂ ਦੂਰ ਰਹੇ।

ਹੋਰ ਪੜ੍ਹੋ: ਹੁਣ ਜਾਨਵਰਾਂ 'ਤੇ ਵੀ ਕੋਰੋਨਾ ਵਾਇਰਸ ਦਾ ਅਸਰ, Coronavirus ਦੀ ਲਪੇਟ 'ਚ ਆਇਆ ਕੁੱਤਾ

ਅੱਗੇ ਉਹਨਾਂ ਕਿਹਾ ਕਿ ਜੇਕਰ ਇਥੇ ਕੋਈ ਸ਼ੱਕੀ ਮਰੀਜ਼ ਸਾਹਮਣੇ ਆਉਂਦਾ ਹੈ ਤਾਂ ਉਸ ਨੂੰ ਆਈਸੋਲੇਸ਼ਨ ਵਾਰਡ 'ਚ ਰੱਖਿਆ ਜਾਵੇਗਾ, ਜਿਥੇ ਡਾਕਟਰਾਂ ਦੀਆਂ ਟੀਮਾਂ ਉਸ ਦੀ ਨਿਗਰਾਨੀ ਕਰਨਗੀਆਂ।

ਤੁਹਾਨੂੰ ਦੱਸ ਦੇਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਦੇ ਦਰਸ਼ਨਾਂ ਲਈ ਪੁੱਜਣ ਵਾਲੀਆਂ ਸੰਗਤਾਂ ਦੇ ਸੈਨੀਟਾਈਜ਼ਰ ਨਾਲ ਹੱਥ ਸਾਫ ਕਰਵਾਉਣ ਦੀ ਸੇਵਾ ਆਰੰਭ ਕੀਤੀ ਗਈ ਹੈ।

ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ ਸੂਬੇ ‘ਚ ਸਰਕਾਰੀ ਡਾਕਟਰਾਂ ਤੇ ਪੈਰਾਮੈਡੀਕਲ ਸਟਾਫ ਦੀ ਰਿਟਾਇਰਮੈਂਟ ‘ਤੇ 30 ਸਤੰਬਰ ਤੱਕ ਰੋਕ ਲਗਾ ਦਿੱਤੀ ਹੈ। ਇਸ ਤੋਂ ਇਲਾਵਾ ਸਰਕਾਰੀ ਅਤੇ ਪ੍ਰਾਈਵੇਟ ਬੱਸਾਂ ‘ਚ ਸੈਨੀਟਾਈਜ਼ਰ ਦੀ ਵਰਤੋਂ ਨੂੰ ਯਕੀਨੀ ਬਣਾਇਆ ਜਾਵੇ।

ਜ਼ਿਕਰਯੋਗ ਹੈ ਕਿ ਹੁਣ ਤੱਕ ਦੁਨੀਆ ਭਰ ਵਿੱਚ ਕੋਰੋਨਾਵਾਇਰਸ ਦੇ ਕੁੱਲ 182,723 ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ‘ਚੋਂ 7,174 ਲੋਕਾਂ ਦੀ ਮੌਤ ਹੋ ਚੁੱਕੀ ਹੈ। ਭਾਰਤ ‘ਚ 126 ਲੋਕਾਂ ‘ਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਹੈ ਅਤੇ 3 ਲੋਕਾਂ ਦੀ ਮੌਤ ਹੋ ਚੁੱਕੀ ਹੈ।

-PTC News

Related Post