ਸਿਹਤ ਮੁਲਾਜ਼ਮਾਂ 'ਤੇ ਹਮਲਾ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ, 2 ਲੱਖ ਦਾ ਜੁਰਮਾਨਾ ਤੇ 7 ਸਾਲ ਦੀ ਹੋਵੇਗੀ ਸਜ਼ਾ

By  Shanker Badra April 22nd 2020 07:28 PM

ਸਿਹਤ ਮੁਲਾਜ਼ਮਾਂ 'ਤੇ ਹਮਲਾ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ, 2 ਲੱਖ ਦਾ ਜੁਰਮਾਨਾ ਤੇ 7 ਸਾਲ ਦੀ ਹੋਵੇਗੀ ਸਜ਼ਾ:ਨਵੀਂ ਦਿੱਲੀ : ਕੋਰੋਨਾ ਵਾਇਰਸ ਦੀ ਮਹਾਮਾਰੀ ਦੌਰਾਨ ਸਿਹਤ ਮੁਲਾਜ਼ਮਾਂ 'ਤੇ ਲਗਾਤਾਰ ਹੋ ਰਹੇ ਹਮਲਿਆਂ 'ਤੇ ਕੇਂਦਰ ਸਰਕਾਰ ਨੇ ਸਖ਼ਤ ਫ਼ੈਸਲਾ ਲਿਆ ਹੈ। ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਕੇਂਦਰੀ ਮੰਤਰੀ ਮੰਡਲ ਦੀ ਬੈਠਕ 'ਚ ਇੱਕ ਆਰਡੀਨੈਂਸ ਪਾਸ ਕੀਤਾ ਗਿਆ, ਜਿਸ ਤੋਂ ਬਾਅਦ ਹੁਣ ਸਿਹਤ ਕਰਮਚਾਰੀਆਂ 'ਤੇ ਹਮਲਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਸ ਸਬੰਧੀ ਸੂਚਨਾ ਤੇ ਪ੍ਰਸਾਰਣ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਪ੍ਰੈੱਸ ਕਾਨਫਰੰਸ 'ਚ ਕਿਹਾ, ਸਿਹਤ ਕਰਮਚਾਰੀਆਂ 'ਤੇ ਹਮਲਾ ਕਰਨ ਵਾਲਿਆਂ ਨੂੰ 3 ਮਹੀਨੇ ਤੋਂ 7 ਸਾਲ ਤੱਕ ਦੀ ਸਜ਼ਾ ਦਾ ਨਿਯਮ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਗੰਭੀਰ ਮਾਮਲਿਆਂ 'ਚ 6 ਮਹੀਨੇ ਤੋਂ 7 ਸਾਲ ਤੱਕ ਦੀ ਸਜ਼ਾ ਦਾ ਪ੍ਰਬੰਧ ਹੈ। ਗੰਭੀਰ ਕੇਸਾਂ ਵਿੱਚ 50 ਹਜ਼ਾਰ ਤੋਂ ਲੈ ਕੇ 2 ਲੱਖ ਤੱਕ ਦਾ ਜੁਰਮਾਨਾ ਵੀ ਲਗਾਇਆ ਜਾਵੇਗਾ।

ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਕਿਹਾ ਕਿ ਡਾਕਟਰਾਂ ਉੱਤੇ ਹਮਲਿਆਂ ਦੀ ਜਾਣਕਾਰੀ ਕਈ ਥਾਵਾਂ 'ਤੇ ਆ ਰਹੀ ਹੈ। ਸਰਕਾਰ ਉਨ੍ਹਾਂ ਨੂੰ ਬਰਦਾਸ਼ਤ ਨਹੀਂ ਕਰੇਗੀ। ਸਰਕਾਰ ਇਸ ਲਈ ਆਰਡੀਨੈਂਸ ਲੈ ਕੇ ਆਈ ਹੈ। ਇਸ ਦੇ ਤਹਿਤ ਸਖ਼ਤ ਸਜ਼ਾ ਦਾ ਪ੍ਰਬੰਧ ਕੀਤਾ ਗਿਆ ਹੈ।ਕੇਂਦਰੀ ਮੰਤਰੀ ਨੇ ਕਿਹਾ ਕਿ ਜਿਹੜੇ ਲੋਕ ਮੈਡੀਕਲ ਮੁਲਾਜ਼ਮਾਂ 'ਤੇ ਹਮਲਾ ਕਰਦੇ ਹਨ, ਉਨ੍ਹਾਂ ਨੂੰ ਜ਼ਮਾਨਤ ਨਹੀਂ ਮਿਲੇਗੀ। 30 ਦਿਨਾਂ ਦੇ ਅੰਦਰ ਇਸ ਦੀ ਜਾਂਚ ਪੂਰੀ ਹੋਵੇਗੀ।

-PTCNews

Related Post